26 ਲੱਖ ਦੀ ਠੱਗੀ ਤੇ ਜਬਰ-ਜ਼ਨਾਹ: ਪੀੜਤਾ ਦੇ ਹੱਕ ''ਚ ਨਿੱਤਰੀ ਕਿਸਾਨ ਯੂਨੀਅਨ, ਥਾਣੇ ਅੱਗੇ ਲਾਇਆ ਧਰਨਾ

Monday, Apr 13, 2026 - 05:50 AM (IST)

26 ਲੱਖ ਦੀ ਠੱਗੀ ਤੇ ਜਬਰ-ਜ਼ਨਾਹ: ਪੀੜਤਾ ਦੇ ਹੱਕ ''ਚ ਨਿੱਤਰੀ ਕਿਸਾਨ ਯੂਨੀਅਨ, ਥਾਣੇ ਅੱਗੇ ਲਾਇਆ ਧਰਨਾ

ਫਤਿਹਗੜ੍ਹ ਚੂੜੀਆਂ (ਸਾਰੰਗਲ, ਬਿਕਰਮਜੀਤ) : ਪੁਲਸ ਜ਼ਿਲ੍ਹਾ ਬਟਾਲਾ ਅਧੀਨ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਅੱਗੇ ਅੱਜ ਪੀੜਤ ਔਰਤ ਨੂੰ ਇਨਸਾਫ਼ ਦਿਵਾਉਣ ਅਤੇ ਸਬੰਧਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਵਾਉਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜ਼ਿਲਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ ਦੀ ਅਗਵਾਈ ਹੇਠ ਵਿਸ਼ਾਲ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਪੁਲਸ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਰੋਹ ਭਰੇ ਲਿਹਾਜ਼ ’ਚ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜ਼ਿਲਾ ਪ੍ਰਧਾਨ ਲਖਵਿੰਦਰ ਸਿੰਘ ਨੇ ਕਿਹਾ ਕਿ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਅਧੀਨ ਪੈਂਦੇ ਇਕ ਪਿੰਡ ਦੀ ਪੀੜਤ ਔਰਤ ਨੂੰ ਇਕ ਪੇਂਡੂ ਡਾ. ਮੋਹਨ ਭੰਡਾਰੀਆਂ ਨੇ ਨੌਕਰੀ ਦਿਵਾਉਣ ਦੇ ਝਾਂਸੇ ’ਚ ਫਸਾਇਆ। ਉਸ ਨੇ ਪੀੜਤਾ ਨਾਲ 26 ਲੱਖ ਰੁਪਏ ਦੀ ਠੱਗੀ ਮਾਰੀ ਅਤੇ ਫਿਰ ਵਰਗਲਾ ਕੇ ਉਸ ਨਾਲ ਜਬਰ-ਜ਼ਨਾਹ ਵੀ ਕੀਤਾ, ਜੋ ਕਿ ਬਹੁਤ ਹੀ ਸ਼ਰਮਨਾਕ ਅਤੇ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨ ਮੰਗ ਕਰਦੀ ਹੈ ਕਿ ਮੁਲਜ਼ਮ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾਵੇ ਅਤੇ ਪੀੜਤਾ ਨੂੰ ਬਣਦਾ ਇਨਸਾਫ਼ ਦਿੱਤਾ ਜਾਵੇ।

ਇਹ ਵੀ ਪੜ੍ਹੋ : ਲੁਧਿਆਣਾ : ਤੇਜ਼ਧਾਰ ਹਥਿਆਰਾਂ ਨਾਲ ਲੈਸ ਨਕਾਬਪੋਸ਼ਾਂ ਨੇ ਅੱਧੀ ਰਾਤ ਨੂੰ ਮਚਾਇਆ ਤਾਂਡਵ

ਧਰਨੇ ਦੌਰਾਨ ਮੌਕੇ ’ਤੇ ਪਹੁੰਚੇ ਐੱਸ. ਐੱਚ. ਓ. ਗੁਰਦਰਸ਼ਨ ਸਿੰਘ ਨੇ ਕਿਸਾਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸਬੰਧਤ ਵਿਅਕਤੀ ਨੂੰ ਜਲਦ ਹੀ ਗ੍ਰਿਫ਼ਤਾਰ ਕਰਕੇ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਪੁਲਸ ਦੇ ਭਰੋਸੇ ਤੋਂ ਬਾਅਦ ਜਥੇਬੰਦੀ ਵੱਲੋਂ ਧਰਨਾ ਚੁੱਕ ਲਿਆ ਗਿਆ।

ਇਸ ਮੌਕੇ ਦਲਜੀਤ ਸਿੰਘ ਚਿਤੌੜਗੜ੍ਹ, ਗੁਰਮੁਖ ਸਿੰਘ ਖਹਿਰਾ, ਦਲਜੀਤ ਸਿੰਘ ਗਿੱਲਾਂਵਾਲੀ, ਹਰਜਿੰਦਰ ਸਿੰਘ ਦੇੜ ਗਵਾਰ, ਨਿਸ਼ਾਨ ਸਿੰਘ ਘਣੀਏ ਕੇ ਬਾਂਗਰ, ਗੁਰਨਾਮ ਸਿੰਘ, ਅਜੀਤ ਸਿੰਘ ਖੋਖਰ, ਹਰਜਿੰਦਰ ਸਿੰਘ ਲਾਲ ਵਾਲਾ, ਸਿਮਰਨਜੋਤ ਸਿੰਘ ਮੂਲੋਵਾਲੀ ਅਤੇ ਚਰਨਜੀਤ ਸਿੰਘ ਨਬੀਨਗਰ ਸਮੇਤ ਵੱਡੀ ਗਿਣਤੀ ’ਚ ਕਿਸਾਨ ਬੀਬੀਆਂ ਨੇ ਵੀ ਸ਼ਮੂਲੀਅਤ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News