ਨਸ਼ੇ ਵਾਲੇ ਪਦਾਰਥਾਂ ਸਮੇਤ 3 ਵਿਅਕਤੀ ਗ੍ਰਿਫਤਾਰ

01/19/2019 9:53:12 PM

ਤਰਨਤਾਰਨ/ਸ੍ਰੀ ਗੋਇੰਦਵਾਲ,(ਬਲਵਿੰਦਰ ਕੌਰ, ਪੰਛੀ)— ਕਸਬੇ 'ਚ ਹੋਣ ਵਾਲੇ ਨਸ਼ਿਆਂ ਦੇ ਵਪਾਰ ਨੂੰ ਸਥਾਨਕ ਪੁਲਸ ਨੇ ਠੱਲ੍ਹ ਪਾਉਂਦਿਆਂ ਮੁੱਖ ਨਸ਼ਾ ਸਮੱਗਲਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਬਲਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਜ਼ਿਲਾ ਪੁਲਸ ਮੁਖੀ ਦਰਸ਼ਨ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਕਸਬੇ 'ਚ ਹੋਣ ਵਾਲੇ ਨਸ਼ਿਆਂ ਦੇ ਵਪਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਥਾਨਕ ਪੁਲਸ ਨੇ ਡੀ. ਐੱਸ. ਪੀ. ਹਰਦੇਵ ਸਿੰਘ ਬੋਪਾਰਾਏ ਦੀ ਅਗਵਾਈ ਵਿਚ ਕਸਬੇ ਅੰਦਰ ਨਸ਼ਿਆਂ ਦੇ ਵਪਾਰ ਨਾਲ ਜੁੜੇ ਲੋਕਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਪਾਸੋਂ ਵੱਡੇ ਪੱਧਰ 'ਤੇ ਨਸ਼ੇ ਵਾਲੇ ਪਦਾਰਥਾਂ ਦੀ ਬਰਾਮਦਗੀ ਕਰਕੇ ਜੇਲ ਦਾ ਰਸਤਾ ਦਿਖਾਇਆ ਗਿਆ ਹੈ। ਥਾਣਾ ਮੁਖੀ ਬਲਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਨਿੰਮ ਵਾਲੀ ਘਾਟੀ ਦੇ ਨਸ਼ਾ ਸਮੱਗਲਰਾਂ ਵਿਚ ਮੁੱਖ ਸਰਵਣ ਸਿੰਘ ਸੱਮਾ, ਜਿਸ ਪਾਸੋਂ 800 ਪਾਬੰਦੀ ਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਨਿੰਮ ਵਾਲੀ ਘਾਟੀ ਦੇ ਦਰਸ਼ਨ ਸਿੰਘ ਪੁੱਤਰ ਕਰਤਾਰ ਸਿੰਘ ਪਾਸੋਂ 300 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਇਸ ਦੇ ਨਾਲ ਹੀ ਬਲਜਿੰਦਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਬਿਹਾਰੀਪੁਰ ਤੋਂ 20 ਗ੍ਰਾਮ ਹੈਰੋਇਨ ਬਰਾਮਦ ਕਰਕੇ ਥਾਣਾ ਗੋਇੰਦਵਾਲ ਸਾਹਿਬ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ। ਥਾਣਾ ਮੁਖੀ ਬਲਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਤਿਹਾਸਕ ਨਗਰ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਪੁਲਸ ਪ੍ਰਸ਼ਾਸਨ ਵਲੋਂ ਗੁਪਤ ਮਿਸ਼ਨ ਉਲੀਕਿਆ ਗਿਆ ਹੈ। ਜਿਸ ਦੇ ਆਉਣ ਵਾਲੇ ਦਿਨਾਂ ਵਿਚ ਸਾਰਥਕ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਇਤਿਹਾਸਕ ਨਗਰ ਵਿਚੋਂ ਨਸ਼ਿਆਂ ਦਾ ਖਾਤਮਾ ਜਲਦ ਤੋਂ ਜਲਦ ਹੋਵੇਗਾ।