ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੈਰੋਇਨ ਅਤੇ ਨਸ਼ੇ ਦੀਆਂ ਗੋਲੀਆਂ ਸਮੇਤ 8 ਕਾਬੂ
Tuesday, Mar 25, 2025 - 12:55 PM (IST)

ਤਰਨਤਾਰਨ(ਰਮਨ)- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਕਾਰਵਾਈ ਕਰਦੇ ਹੋਏ 8 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 33 ਗ੍ਰਾਮ ਹੈਰੋਇਨ ਅਤੇ 235 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਗ੍ਰਿਫਤਾਰ ਕੀਤੇ ਮੁਲਜ਼ਮਾਂ ਵਿੱਚ ਦੋ ਭਗੋੜੇ ਵੀ ਸ਼ਾਮਲ ਹਨ, ਜਿਨ੍ਹਾਂ ਦਾ ਅਦਾਲਤ ਕੋਲੋਂ ਰਿਮਾਂਡ ਹਾਸਲ ਕਰਨ ਉਪਰੰਤ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦੇ ਐੱਸ.ਪੀ. ਇਨਵੈਸਟੀਗੇਸ਼ਨ ਅਜੇ ਰਾਜ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਿਲੇ ਸਖ਼ਤ ਹੁਕਮਾਂ ਅਤੇ ਜ਼ਿਲ੍ਹੇ ਦੇ ਐੱਸ.ਐੱਸ.ਪੀ. ਅਭਿਮਨਿਊ ਰਾਣਾ ਵੱਲੋਂ ਜਾਰੀ ਹੋਏ ਨਿਰਦੇਸ਼ਾਂ ਤਹਿਤ ਕਾਰਵਾਈ ਕਰਦੇ ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਅੱਠ ਮੁਕਦਮੇ ਦਰਜ ਕਰਦੇ 8 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨ ਤਰਨ ਤਾਰਨ ਅਧੀਨ ਆਉਂਦੇ ਥਾਣਾ ਸਿਟੀ ਤਰਨ ਤਾਰਨ ਦੀ ਪੁਲਸ ਨੇ ਕੋਮਲ ਪ੍ਰੀਤ ਸਿੰਘ ਉਰਫ ਕਾਲੂ ਪੁੱਤਰ ਸੇਵਾ ਸਿੰਘ ਵਾਸੀ ਮੁਹੱਲਾ ਗੁਰੂ ਕਾ ਖੂਹ ਤਰਨ ਤਾਰਨ ਨੂੰ 85 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ। ਇਸੇ ਤਰ੍ਹਾਂ ਥਾਣਾ ਝਬਾਲ ਦੀ ਪੁਲਸ ਨੇ ਦਿਲਬਾਗ ਸਿੰਘ ਉਰਫ ਗੱਜੀ ਪੁੱਤਰ ਬੀਰ ਸਿੰਘ ਵਾਸੀ ਪੰਡਿਤ ਕਸੇਲ ਨੂੰ 9 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ।
ਉਹਨਾਂ ਦੱਸਿਆ ਕਿ ਸਬ ਡਿਵੀਜ਼ਨ ਪਿਕ ਅਧੀਨ ਆਉਂਦੇ ਥਾਣਾ ਵਲਟੋਹਾ ਦੀ ਪੁਲਸ ਨੇ ਪਰਵੇਜ ਸਿੰਘ ਉਰਫ ਬਾਊ ਪੁੱਤਰ ਕਾਲਾ ਸਿੰਘ ਵਾਸੀ ਵਲਟੋਹਾ ਨੂੰ ਗ੍ਰਿਫਤਾਰ ਕਰਦੇ ਉਸ ਕੋਲੋਂ 18 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਨੇ ਬੀਤੀ 13 ਮਾਰਚ ਨੂੰ ਦਰਜ ਕੀਤੇ ਮੁਕਦਮੇ ਵਿੱਚ ਲੋੜੀਂਦੇ ਮੁਲਜ਼ਮ ਗੁਰਦੀਪ ਸਿੰਘ ਪੁੱਤਰ ਬੱਗਾ ਸਿੰਘ ਵਾਸੀ ਦਾਸੂਵਾਲ ਨੂੰ ਛੇ ਗ੍ਰਾਮ ਹੈਰਾਨ ਸਮੇਤ ਗ੍ਰਿਫਤਾਰ ਕੀਤਾ ਹੈ, ਜਦਕਿ ਥਾਣਾ ਖਾਲੜਾ ਦੀ ਪੁਲਸ ਨੇ ਬੀਤੀ 17 ਮਾਰਚ ਨੂੰ ਦਰਜ ਮੁਕਦਮੇ ਵਿੱਚ ਲੋੜੀਂਦੇ ਮੁਲਜ਼ਮ ਸਰਬਜੀਤ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਅਲਗੋ ਕੋਠੀ ਨੂੰ ਵੀ ਗ੍ਰਿਫਤਾਰ ਕੀਤਾ।
ਇਸ ਤੋਂ ਇਲਾਵਾ ਸਬ ਡਵੀਜ਼ਨ ਪੱਟੀ ਅਧੀਨ ਆਉਂਦੇ ਥਾਣਾ ਸਰਹਾਲੀ ਦੀ ਪੁਲਸ ਨੇ ਧਰਮਿੰਦਰ ਸਿੰਘ ਉਰਫ ਗੈਰੀ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਕਲੇਰ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਪਾਸੋਂ 150 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਜਦਕਿ ਪੀਓ ਸਟਾਫ ਵੱਲੋਂ ਭਗੌੜਾ ਕਰਾਰ ਦਿੱਤੇ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਪ੍ਰਗਟ ਸਿੰਘ ਵਾਸੀ ਧੁੰਨ ਢਾਏ ਵਾਲਾ ਅਤੇ ਜਗਦੀਪ ਸਿੰਘ ਉਰਫ ਜੋਗਾ ਪੁੱਤਰ ਤਰਲੋਕ ਸਿੰਘ ਵਾਸੀ ਜੋਣੇਕੇ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ।