ਐਡਵੋਕੇਟ ਧਾਮੀ ਨੇ ਪਟਿਆਲਾ ਦੇ ਸੰਨੌਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ

Tuesday, Dec 30, 2025 - 09:44 PM (IST)

ਐਡਵੋਕੇਟ ਧਾਮੀ ਨੇ ਪਟਿਆਲਾ ਦੇ ਸੰਨੌਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ

ਅੰਮ੍ਰਿਤਸਰ, (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਜ਼ਿਲ੍ਹੇ ਦੇ ਕਸਬਾ ਸੰਨੌਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆ ਕਿਹਾ ਕਿ ਪਿਛਲੇ ਕੁਝ ਸਮੇਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਪਰ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਕਿਸੇ ਵੱਡੀ ਸਾਜ਼ਿਸ਼ ਦਾ ਹਿੱਸਾ ਹਨ, ਜਿਸ ਪਿਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਸ਼ਾਹਮਣੇ ਲਿਆਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪੁਲਿਸ ਵੱਲੋਂ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਅਤੇ ਮਿਸਾਲੀ ਸਜ਼ਾਵਾਂ ਨਾ ਦਿੱਤੇ ਜਾਣ ਦੇ ਕਾਰਨ ਹੀ ਸੰਗਤ ਅੰਦਰ ਭਾਰੀ ਰੋਸ ਅਤੇ ਰੋਹ ਹੈ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਦੀ ਜਾਣਕਾਰੀ ਮਿਲਣ ਤੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਗੜ੍ਹੀ ਤੇ ਮੈਂਬਰ ਜਸਮੇਰ ਸਿੰਘ ਲਾਛੜੂ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦਾ ਇੱਕ ਵਫਦ ਸਨੌਰ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਖੰਡਿਤ ਹੋਏ ਪਾਵਨ ਸਰੂਪ ਨੂੰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸਤਿਕਾਰ ਸਹਿਤ ਬਿਰਾਜਮਾਨ ਕੀਤਾ ਗਿਆ ਹੈ ਅਤੇ ਦੁਖਦਾਈ ਘਟਨਾ ਦੀ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਬੇਹੱਦ ਗੰਭੀਰ ਮਾਮਲਾ ਹੈ, ਜਿਸ ਦੇ ਦੋਸੀ ਅਤੇ ਇਸ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਸਾਹਮਣੇ ਲਿਆਉਣਾ ਜ਼ਰੂਰੀ ਹੈ। ਉਨ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਨੂੰ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ।


author

Rakesh

Content Editor

Related News