ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਪ੍ਰਗਟਾਇਆ ਦੁੱਖ
Friday, Mar 17, 2023 - 12:54 PM (IST)

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਿਸਲ ਸ਼ਹੀਦ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੁੱਖੀ ਜਥੇਦਾਰ ਬਾਬਾ ਗੱਜਣ ਸਿੰਘ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਵਿਰਾਸਤ ਤੇ ਸਿੱਖ ਸੱਭਿਆਚਾਰ ਦੀ ਸੰਭਾਲ ਲਈ ਨਿਹੰਗ ਸਿੰਘ ਜਥੇਬੰਦੀਆਂ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਬਾਬਾ ਗੱਜਣ ਸਿੰਘ ਖ਼ਾਲਸਾ ਵਿਰਾਸਤ ਨੂੰ ਪ੍ਰਚਾਰਨ ਤੇ ਉਭਾਰਨ ਲਈ ਸਦਾ ਯਤਨਸੀਲ ਰਹੇ ਹਨ ਅਤੇ ਉਨ੍ਹਾਂ ਨਿਹੰਗ ਸਿੰਘਾਂ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਅੱਗੇ ਹੋ ਕੇ ਅਹਿਮ ਰੋਲ ਅਦਾ ਕੀਤਾ।
ਇਹ ਵੀ ਪੜ੍ਹੋ- ਤੇਜ਼ ਹਵਾਵਾਂ ਅਤੇ ਮੀਂਹ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ, ਹਜ਼ਾਰਾਂ ਏਕੜ ਕਣਕ ਦੀ ਫਸਲ ਜ਼ਮੀਨ ’ਤੇ ਵਿਛੀ
ਐਡਵੋਕੇਟ ਧਾਮੀ ਨੇ ਕਿਹਾ ਬਾਬਾ ਗੱਜਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੁੰਦਿਆਂ ਪੰਥਕ ਕਾਰਜਾਂ ਵਿਚ ਮੋਹਰੀ ਭੂਮਿਕਾ ਨਿਭਾਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਵੱਖ-ਵੱਖ ਸ਼ਤਾਬਦੀ ਸਮਾਗਮਾਂ ਅਤੇ ਪੰਥਕ ਕਾਰਜਾਂ ਲਈ ਵੀ ਬਾਬਾ ਜੀ ਦਾ ਵੱਡਾ ਸਹਿਯੋਗ ਰਿਹਾ ਹੈ। ਜਥੇਦਾਰ ਬਾਬਾ ਗੱਜਣ ਸਿੰਘ ਜੀ ਦਾ ਅਕਾਲ ਚਲਾਣਾ ਪੰਥਕ ਖ਼ੇਤਰ ਵਿਚ ਵੱਡਾ ਘਾਟਾ ਹੈ। ਐਡਵੋਕੇਟ ਧਾਮੀ ਨੇ ਬਾਬਾ ਜੀ ਦੇ ਚਲਾਣੇ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਨੂੰ ਸਤਿਕਾਰ ਭੇਟ ਕੀਤਾ।
ਇਹ ਵੀ ਪੜ੍ਹੋ- ਅੱਤਵਾਦੀਆਂ ਵਲੋਂ ਲਾਹੌਰ ਵਿਖੇ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਸਮਾਗਮ ਨੂੰ ਉਡਾਉਣ ਦੀ ਧਮਕੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।