ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਤੇ ਗਿਆਨੀ ਰਣਜੀਤ ਸਿੰਘ ਗੌਹਰ ਵਿਚਾਲੇ ਸਹਿਮਤੀ ’ਤੇ ਐਡਵੋਕਟ ਧਾਮੀ ਨੇ ਸੰਤੁਸ਼ਟੀ ਪ੍ਰਗਟਾਈ

Monday, Aug 18, 2025 - 09:40 PM (IST)

ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਤੇ ਗਿਆਨੀ ਰਣਜੀਤ ਸਿੰਘ ਗੌਹਰ ਵਿਚਾਲੇ ਸਹਿਮਤੀ ’ਤੇ ਐਡਵੋਕਟ ਧਾਮੀ ਨੇ ਸੰਤੁਸ਼ਟੀ ਪ੍ਰਗਟਾਈ

ਅੰਮ੍ਰਿਤਸਰ (ਸਰਬਜੀਤ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵਿਚਾਲੇ ਚੱਲ ਰਹੇ ਵਿਵਾਦ ਦੇ ਹੱਲ ਹੋਣ ’ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਇਸ ਨੂੰ ਪੰਥਕ ਸੰਸਥਾਵਾਂ ਲਈ ਚੰਗਾ ਕਦਮ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਇਹ ਵਿਵਾਦ ਚੱਲ ਰਿਹਾ ਸੀ, ਜਿਸ ਨਾਲ ਸਿੱਖ ਸੰਗਤਾਂ ਅੰਦਰ ਵੱਡੀ ਚਿੰਤਾ ਸੀ। ਐਡਵੋਕੇਟ ਧਾਮੀ ਨੇ ਇਸ ਵਿਵਾਦ ਦੇ ਹੱਲ ਲਈ ਮੁੰਬਈ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਗੁਰਿੰਦਰ ਸਿੰਘ ਬਾਵਾ ਵੱਲੋਂ ਨਿਭਾਈ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਵੱਲੋਂ ਲਿਆ ਗਿਆ ਫੈਸਲਾ ਦੂਰਦਰਸ਼ੀ ਕਦਮ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਆਪਸੀ ਮਾਮਲਿਆਂ ਨੂੰ ਮਿਲ ਬੈਠ ਕੇ ਹੱਲ ਕਰਨਾ ਸਾਡੀਆਂ ਪ੍ਰੰਪਰਾਵਾਂ ਰਹੀਆਂ ਹਨ ਅਤੇ ਇਸ ਨਾਲ ਪੰਥਕ ਏਕਤਾ ਦੀ ਭਾਵਨਾ ਮਜਬੂਤ ਹੁੰਦੀ ਹੈ। ਉਨ੍ਹਾਂ ਭਵਿੱਖ ਵਿਚ ਵੀ ਕੌਮੀ ਮਾਮਲਿਆਂ ਦੇ ਹੱਲ ਲਈ ਆਪਸੀ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੌਮ ਦੀਆਂ ਸੰਸਥਾਵਾਂ ਸਿਰ ਜੋੜ ਕੇ ਪੰਥਕ ਮਾਮਲਿਆਂ ਦੇ ਸਰਲੀਕਰਨ ਲਈ ਦ੍ਰਿੜ੍ਹ ਸੰਕਲਪ ਹੋਣਗੀਆਂ ਤਾਂ ਸਿੱਖ ਕੌਮ ਦੀ ਚੜ੍ਹਦੀ ਕਲਾ ਨੂੰ ਕੋਈ ਵੀ ਸ਼ਕਤੀ ਰੋਕ ਨਹੀਂ ਸਕਦੀ।
ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਿੰਦਰ ਸਿੰਘ ਬਾਵਾ ਨੇ ਕਿਹਾ ਕਿ ਕੌਮੀ ਸੰਸਥਾਵਾਂ ਵਿਚ ਆਪਸੀ ਸਹਿਯੋਗ ਬੇਹੱਦ ਜਰੂਰੀ ਹੈ ਅਤੇ ਇਸ ਦਿਸ਼ਾ ਵਿਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦਾ ਕਦਮ ਸਲਾਹੁਣਯੋਗ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਸਲੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਰੰਭਕ ਯਤਨ ਵੀ ਵਿਸ਼ੇਸ਼ ਤੌਰ ’ਤੇ ਉਲੇਖਯੋਗ ਹਨ।


author

Hardeep Kumar

Content Editor

Related News