ਅਫਗਾਨਿਸਤਾਨ ਤੋਂ ਭਾਰਤ ਆਉਣ ਵਾਲੇ ਸਿੱਖਾਂ ਦੇ ਹਵਾਈ ਖ਼ਰਚ ਦਾ ਪ੍ਰਬੰਧ ਕਰੇਗੀ ਸ਼੍ਰੋਮਣੀ ਕਮੇਟੀ: ਐਡਵੋਕੇਟ ਧਾਮੀ

06/22/2022 11:40:06 AM

ਅੰਮ੍ਰਿਤਸਰ (ਦੀਪਕ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ ਨੇ ਅਫਗਾਨਿਸਤਾਨ ਦੇ ਸਿੱਖਾਂ ਲਈ ਮਦਦ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਮੌਜੂਦਾ ਹਾਲਾਤ ਦੇ ਚੱਲਦਿਆਂ ਜਿਹੜੇ ਸਿੱਖ ਅਫਗਾਨਿਸਤਾਨ ਤੋਂ ਭਾਰਤ ਆਉਣਾ ਚਾਹੁੰਦੇ ਹਨ, ਉਨ੍ਹਾਂ ਦੀਆਂ ਹਵਾਈ ਟਿਕਟਾਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਇਸ ਸਬੰਧ ਵਿਚ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਅਫਗਾਨਿਸਤਾਨ ’ਚ ਰਹਿ ਰਹੇ ਸਿੱਖਾਂ ਨੂੰ ਸੁਰੱਖਿਅਤ ਭਾਰਤ ਲਿਆਉਣ ਦੀ ਤੁਰੰਤ ਮਨਜ਼ੂਰੀ ਦੇਵੇ, ਤਾਂ ਕਿ ਉਹ ਡਰ ਭਰੇ ਮਾਹੌਲ ’ਚੋਂ ਨਿਕਲ ਸਕਣ। 

ਪੜ੍ਹੋ ਇਹ ਵੀ ਖ਼ਬਰ: ਅਕਾਲੀ ਦਲ ਦੇ ਸਾਬਕਾ ਵਿਧਾਇਕ ਬੋਨੀ ਅਜਨਾਲਾ ਤੋਂ ਗੈਂਗਸਟਰਾਂ ਨੇ ਮੰਗੀ ਲੱਖਾਂ ਦੀ ਫਿਰੌਤੀ

ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ’ਚ ਰਹਿੰਦੇ ਸਿੱਖਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਜਿੰਨਾ ਕੋਲ ਆਵਾਜਾਈ ਦੇ ਖ਼ਰਚਿਆਂ ਦਾ ਪ੍ਰਬੰਧ ਨਹੀਂ ਹੈ, ਉਨ੍ਹਾਂ ਲਈ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਦਾ ਸਹਿਯੋਗ ਕਰੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਬੀਤੇ ਦਿਲੀਂ ਦਿੱਲੀ ਵਿਖੇ ਅਫਗਾਨੀ ਸਿੱਖਾਂ ਨਾਲ ਉਨ੍ਹਾਂ ਦੀ ਗੱਲ ਹੋਈ ਹੈ, ਜਿਨ੍ਹਾਂ ਨੇ ਅਫਗਾਨਿਸਤਾਨ ’ਚ ਰਹਿ ਰਹੇ ਸਿੱਖਾਂ ਦੀਆਂ ਤਕਲੀਫਾਂ ਬਾਰੇ ਜਾਣੂ ਕਰਵਾਇਆ ਹੈ। ਅਫਗਾਨੀ ਸਿੱਖਾਂ ਵਿਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਦੇ ਚੱਲਦਿਆਂ ਭਾਰਤ ਰਹਿੰਦੇ ਅਫਗਾਨੀ ਸਿੱਖਾਂ ਸਮੇਤ ਪੂਰੀ ਸਿੱਖ ਕੌਮ ਚਿੰਤਤ ਹੈ। ਅਜਿਹੇ ਸੰਕਟਮਈ ਸਮੇਂ ਵਿਚ ਅਫਗਾਨਿਸਤਾਨ ਦੇ ਸਿੱਖਾਂ ਨਾਲ ਪੂਰੀ ਕੌਮ ਨੂੰ ਹਮਦਰਦੀ ਹੈ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਇਨ੍ਹਾਂ ਦਾ ਦਰਦ ਮਹਿਸੂਸ ਕਰਦੀ ਹੈ। 

ਪੜ੍ਹੋ ਇਹ ਵੀ ਖ਼ਬਰ:  ਦੁਖਦ ਖ਼ਬਰ: 3 ਦਿਨ ਤੋਂ ਲਾਪਤਾ ਅਜਨਾਲਾ ਦੇ ਨੌਜਵਾਨ ਦੀ ਮਿਲੀ ਲਾਸ਼, ਘਰ ’ਚ ਪਿਆ ਚੀਕ ਚਿਹਾੜਾ

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਵੇਂ ਅਫਗਾਨਿਸਤਾਨ ’ਚ ਆਪਣੇ ਕਾਰੋਬਾਰਾਂ ਅਤੇ ਜਾਨ ਤੋਂ ਪਿਆਰੇ ਗੁਰੂ-ਘਰਾਂ ਨੂੰ ਛੱਡ ਕੇ ਆਉਣਾ ਸਿੱਖਾਂ ਲਈ ਬਹੁਤ ਔਖਾ ਹੈ, ਪਰ ਤਲਖ ਹਾਲਾਤਾਂ ਅੱਗੇ ਉਥੇ ਰਹਿੰਦੇ ਸਿੱਖ ਬੇਵੱਸ ਹਨ। ਇਸ ਦੇ ਚੱਲਦਿਆਂ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਅਫਗਾਨਿਸਤਾਨ ’ਚ ਹਰ ਸਿੱਖ ਦੀ ਸੁਰੱਖਿਆ ਲਈ ਸੰਜੀਦਾ ਯਤਨ ਕਰੇ ਅਤੇ ਉਨ੍ਹਾਂ ਨੂੰ ਭਾਰਤ ਲਿਆ ਕੇ ਨਾਗਰਿਕਤਾ ਦੇਵੇ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਪਬਜੀ ਗੇਮ ’ਚੋਂ ਹਾਰਨ ’ਤੇ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

rajwinder kaur

This news is Content Editor rajwinder kaur