ਪਿਓ ਦੀ ਮੌਤ ਮਗਰੋਂ ਵਿਦੇਸ਼ ਗਏ ਪੁੱਤ ਦੀ ਵੀ ਹੋਈ ਮੌਤ, ਬਜ਼ੁਰਗ ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ

Monday, Sep 09, 2024 - 06:05 PM (IST)

ਰਾਜਾਸਾਂਸੀ (ਨਿਰਵੈਲ)- ਖਾੜੀ ਮੁਲਕਾਂ ਅੰਦਰ ਰੱਬ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਸਰਹੱਦੀ ਹਲਕਾ ਅਜਨਾਲਾ ਨਾਲ ਸੰਬੰਧਿਤ ਪਿੰਡ ਮੱਦੂਛਾਂਗਾ ਦੇ 29 ਸਾਲਾ ਬਿਕਰਮਜੀਤ ਸਿੰਘ ਪੁੱਤਰ ਸੁਲੱਖਣ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਮ੍ਰਿਤਕ ਸਰੀਰ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਉਚੇਚੇ ਤੌਰ 'ਤੇ ਭੇਜੇ ਗਏ, ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ ਤੋਂ ਇਲਾਵਾ ਸਰਬੱਤ ਦਾ ਭਲਾ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਨਪ੍ਰੀਤ ਸਿੰਘ ਸੰਧੂ, ਪਰਮਿੰਦਰ ਸਿੰਘ ਸੰਧੂ ਅਤੇ ਪਰਿਵਾਰ ਦੇ ਮੈਂਬਰਾਂ ਨੇ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸਾਬਕਾ ਮੰਤਰੀ ਸੋਹਣ ਸਿੰਘ ਥੰਡਲ, ਸੌਂਪਿਆ ਸਪੱਸ਼ਟੀਕਰਨ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਕੁਝ ਸਮਾਂ ਪਹਿਲਾਂ ਹੀ ਕਰਜ਼ਾ ਚੁੱਕ ਕੇ ਆਪਣੇ ਬਿਹਤਰ ਭਵਿੱਖ ਦੇ ਸੁਫ਼ਨੇ ਲੈ ਕੇ ਦੁਬਈ ਆਇਆ ਸੀ। ਜਿਸ ਦੀ ਬੀਤੀ 1 ਅਗਸਤ ਨੂੰ ਅਚਾਨਕ ਮੌਤ ਹੋ ਗਈ ਸੀ। ਡਾ.ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਉਨਾਂ ਨੂੰ ਟਰੱਸਟ ਦੀ ਅੰਮ੍ਰਿਤਸਰ ਟੀਮ ਰਾਹੀਂ ਜਾਣਕਾਰੀ ਮਿਲੀ ਸੀ। ਉਨਾਂ ਦੱਸਿਆ ਕਿ ਜਦ ਉਨ੍ਹਾਂ ਨੇ ਇਸ ਕੇਸ ਦੀ ਪੈਰਵਾਈ ਕੀਤੀ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਬਿਕਰਮਜੀਤ ਦੇ ਕੰਮ ਵਾਲੀ ਕੰਪਨੀ ਉਸਦੀ ਮ੍ਰਿਤਕ ਦੇਹ ਭਾਰਤ ਭੇਜਣ ਤੋਂ ਇਨਕਾਰੀ ਹੋ ਗਈ ਹੈ, ਜਿਸ ਤੇ ਉਨਾਂ ਭਾਰਤੀ ਦੂਤਾਵਾਸ ਦੀ ਮਦਦ ਨਾਲ ਸਾਰੇ ਲੋੜੀਂਦੇ ਕਾਗਜ਼ਾਤ ਮੁਕੰਮਲ ਕਰਵਾ ਕੇ ਉਸੇ ਹੀ ਕੰਪਨੀ ਦੇ ਖਰਚ ''ਤੇ ਅੱਜ ਬਿਕਰਮਜੀਤ ਦੀ ਮ੍ਰਿਤਕ ਦੇਹ ਨੂੰ ਭਾਰਤ ਉਸਦੇ ਵਾਰਸਾਂ ਤੱਕ ਪਹੁੰਚਾਇਆ ਹੈ।ਬਿਕਰਮਜੀਤ ਸਿੰਘ ਦਾ ਮ੍ਰਿਤਕ ਸਰੀਰ ਲੈਣ ਪਹੁੰਚੇ ਉਸਦੇ ਭਰਾ ਜਗਰੂਪ ਸਿੰਘ, ਦਲਬੀਰ ਸਿੰਘ,ਚੇਅਰਮੈਨ ਬਲਦੇਵ ਸਿੰਘ, ਸਰਬਜੋਤ ਸਿੰਘ, ਸ਼ਰਨਜੀਤ ਸਿੰਘ, ਧਰਮਿੰਦਰ ਸਿੰਘ, ਰਣਜੀਤ ਸਿੰਘ, ਸੁਖਜਿੰਦਰ ਸਿੰਘ ਆਦਿ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਬਿਕਰਮਜੀਤ ਸਿੰਘ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ ਤੇ ਉਸ ਦੀ ਬਜ਼ੁਰਗ ਮਾਂ ਦਾ ਰੋ-ਰੋ ਕੇ ਬਹੁਤ ਬੁਰਾ ਹਾਲ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਰਗਰ ਦਾ ਆਰਡਰ ਲੇਟ ਹੋਣ 'ਤੇ ਵਿਅਕਤੀ 'ਤੇ ਚੱਲੀਆਂ ਗੋਲੀਆਂ

ਚੇਅਰਮੈਨ ਚੇਤਨਪੁਰਾ ਸਮੇਤ ਬਿਕਰਮਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਡਾ. ਐੱਸ. ਪੀ. ਸਿੰਘ ਓਬਰਾਏ ਦਾ ਇਸ ਔਖੇ ਘੜੀ ਵੇਲੇ ਉਨ੍ਹਾਂ ਦੀ ਵੱਡੀ ਮਦਦ ਕਰਨ ਲਈ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਇਸ ਪਰਉਪਕਾਰ ਨੂੰ ਉਹ ਹਮੇਸ਼ਾ ਯਾਦ ਰੱਖਣਗੇ। ਇੱਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਸੰਸਦੀ ਸਕੱਤਰ ਬੋਨੀ ਅਮਰਪਾਲ ਸਿੰਘ ਅਜਨਾਲਾ ਵੱਲੋਂ ਵੀ ਟੈਲੀਫੋਨ ਰਾਹੀਂ ਡਾ. ਐਸ. ਪੀ. ਸਿੰਘ ਓਬਰਾਏ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 371 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News