ਅਕਾਲੀ ਦਲ ਦੀ ਭਰਤੀ ਮੁਹਿੰਮ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਾਹਰ ਪੁੱਜੇ ਅਕਾਲੀ ਆਗੂ
Tuesday, Mar 18, 2025 - 01:46 PM (IST)

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਆਦੇਸ਼ਾਂ ਅਨੁਸਾਰ ਅਕਾਲੀ ਦਲ ਦੀ ਭਰਤੀ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਪੰਜ ਮੈਂਬਰੀ ਕਮੇਟੀ ਵੱਲੋਂ ਕਿਹਾ ਗਿਆ ਸੀ ਕਿ 18 ਮਾਰਚ ਨੂੰ ਸਵੇਰੇ ਉਹ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ ਕਰਕੇ ਅਕਾਲੀ ਦਲ ਦੀ ਭਰਤੀ ਮੁਹਿੰਮ ਦੀ ਸ਼ੁਰੂਆਤ ਕਰਨਗੇ, ਜਿਸ ਦੇ ਚਲਦੇ ਅਕਾਲੀ ਦਲ ਦੇ ਬਾਗੀ ਆਗੂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਹੁੰਚੇ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਅਤੇ ਹੋਰ ਅਕਾਲੀ ਆਗੂਆਂ ਨੇ ਕਿਹਾ ਕਿ ਅੱਜ ਅਕਾਲੀ ਦਲ ਦੀ ਭਰਤੀ ਮੁਹਿੰਮ ਦੀ ਸ਼ੁਰੂਆਤ ਹੋ ਰਹੀ ਹੈ ਅਤੇ ਇਹ ਪੰਜ ਮੈਂਬਰੀ ਕਮੇਟੀ ਵੱਲੋਂ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਇਹ ਪੰਜ ਮੈਂਬਰੀ ਕਮੇਟੀ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਹੋਏ ਹੁਕਮਨਾਮੇ ਅਨੁਸਾਰ ਬਣਾਈ ਗਈ ਸੀ। ਉਨ੍ਹਾਂ ਕਿਹਾ ਕਿ ਅੱਜ ਦੀ ਇਸ ਭਰਤੀ ਮੁਹਿੰਮ 'ਚ ਸਾਰੇ ਅਕਾਲੀਆਂ ਨੂੰ ਇੱਕਜੁੱਟ ਹੋ ਕੇ ਨਵੀਂ ਭਰਤੀ ਕਰਨੀ ਚਾਹੀਦੀ ਹੈ। ਆਗੂਆਂ ਨੇ ਕਿਹਾ ਕਿ ਅਕਾਲੀ ਦਲ ਦੀ ਭਰਤੀ ਨੂੰ ਲੈ ਕੇ ਪੂਰੇ ਪੰਜਾਬ 'ਚ ਲੋਕਾਂ ਦਾ ਬਹੁਤ ਸਾਰਾ ਉਤਸ਼ਾਹ ਹੈ ਅਤੇ ਇਸ ਭਰਤੀ ਨਾਲ 2027 'ਚ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ।