ਕੇਂਦਰੀ ਵਿਭਾਗਾਂ ਦੀ ਭਾਸ਼ਾ ਵਿਰੋਧੀ ਨੀਤੀ ਖ਼ਿਲਾਫ਼ ਅਕਾਲੀ ਦਲ ਵਾਰਿਸ ਪੰਜਾਬ ਨੇ DC ਨੂੰ ਸੌਂਪਿਆ ਮੈਮੋਰੰਡਮ
Friday, Jan 02, 2026 - 09:07 PM (IST)
ਅੰਮ੍ਰਿਤਸਰ, (ਸਰਬਜੀਤ)- ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪੰਜਾਬ ਵਿੱਚ ਸਥਿਤ ਕੇਂਦਰ ਸਰਕਾਰ ਦੇ ਅਧੀਨ ਚੱਲ ਰਹੇ ਵਿਭਾਗਾਂ ਦੁਆਰਾ ਪੰਜਾਬੀ ਭਾਸ਼ਾ ਨਾਲ ਕੀਤੀ ਜਾ ਰਹੀ ਅਣਗਹਿਲੀ ਅਤੇ ਸੰਵਿਧਾਨਕ ਉਲੰਘਣਾ ਦੇ ਖ਼ਿਲਾਫ਼ ਜ਼ਿਲ੍ਹਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਵੱਲੋਂ ਮੈਮੋਰੰਡਮ ਸੌਂਪਿਆ ਗਿਆ। ਇਸ ਮੌਕੇ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ, ਚਾਚਾ ਕੁਲਵੰਤ ਸਿੰਘ, ਮੇਜਰ ਸਿੰਘ, ਭਾਈ ਭੁਪਿੰਦਰ ਸਿੰਘ ਗੱਦਲੀ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਸੁਖਬੀਰ ਸਿੰਘ ਚੀਮਾਂ, ਭਾਈ ਸਵਿੰਦਰ ਸਿੰਘ ਸਾਘਣਾਂ, ਭਾਈ ਮਨਜੀਤ ਸਿੰਘ, ਭਾਈ ਪ੍ਰਗਟ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਕੁਲਵਿੰਦਰ ਸਿੰਘ ਵਡਾਲੀ, ਭਾਈ ਹਰਪ੍ਰੀਤ ਸਿੰਘ ਅਤੇ ਹੋਰ ਆਗੂਆਂ ਨੇ ਕਿਹਾ ਕਿ ਪੰਜਾਬ ਇੱਕ ਪੰਜਾਬੀ ਭਾਸ਼ਾ ਵਾਲਾ ਸੂਬਾ ਹੈ ਅਤੇ ਪੰਜਾਬੀ ਭਾਸ਼ਾ ਐਕਟ 2008 ਅਨੁਸਾਰ ਪੰਜਾਬ ਵਿੱਚ ਸਥਿਤ ਹਰ ਸਰਕਾਰੀ ਦਫ਼ਤਰ ਚਾਹੇ ਉਹ ਕੇਂਦਰ ਸਰਕਾਰ ਦੇ ਅਧੀਨ ਹੀ ਕਿਉਂ ਨਾਂ ਹੋਵੇ ਵਿੱਚ ਪੰਜਾਬੀ ਭਾਸ਼ਾ ਦੀ ਵਰਤੋਂ ਲਾਜ਼ਮੀ ਹੈ। ਇਸਦੇ ਬਾਵਜੂਦ ਅੰਮ੍ਰਿਤਸਰ ਦੇ ਵੱਡੇ ਡਾਕਖਾਨੇ (ਜੀ. ਪੀ. ਓ.) ਸਮੇਤ ਕਈ ਕੇਂਦਰੀ ਵਿਭਾਗਾਂ ਵਿੱਚ ਪਬਲਿਕ ਡੀਲਿੰਗ ਕਰਨ ਵਾਲੇ ਅਧਿਕਾਰੀ ਆਮ ਲੋਕਾਂ ਨਾਲ ਪੰਜਾਬੀ ਵਿੱਚ ਗੱਲ ਕਰਨ ਤੋਂ ਇਨਕਾਰ ਕਰਦੇ ਹਨ ਅਤੇ ਹਿੰਦੀ ਵਿੱਚ ਗੱਲ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ।
ਪਾਰਟੀ ਆਗੂਆਂ ਨੇ ਦੱਸਿਆ ਕਿ ਕਈ ਕੇਂਦਰੀ ਦਫ਼ਤਰਾਂ ਵਿੱਚ ਸਾਈਨ ਬੋਰਡ, ਦਿਸ਼ਾ-ਨਿਰਦੇਸ਼ ਅਤੇ ਜਨਤਕ ਜਾਣਕਾਰੀ ਸਿਰਫ਼ ਹਿੰਦੀ ਜਾਂ ਅੰਗਰੇਜ਼ੀ ਵਿੱਚ ਹੈ, ਜੋ ਕਿ ਪੰਜਾਬੀ ਭਾਸ਼ਾ ਐਕਟ 2008 ਦੀ ਸਿੱਧੀ ਉਲੰਘਣਾ ਹੈ ਅਤੇ ਇਹ ਪੰਜਾਬੀਆਂ ਨਾਲ ਹੋ ਰਹੇ ਭਾਸ਼ਾਈ ਤ੍ਰਿਸਕਾਰ ਨੂੰ ਦਰਸਾਉਂਦਾ ਹੈ। ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਇਸ ਮਾਮਲੇ ‘ਚ ਪੰਜਾਬ ਸਰਕਾਰ ਦੀ ਖਾਮੋਸ਼ੀ ਅਤੇ ਪੰਜਾਬ ਦੇ ਬੀਜੇਪੀ ਆਗੂਆਂ ਦੀ ਦੋਹਰੀ ਨੀਤੀ ‘ਤੇ ਵੀ ਸਖ਼ਤ ਐਤਰਾਜ਼ ਜਤਾਇਆ।
ਪਾਰਟੀ ਮੈਂਬਰਾ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਸੱਚਮੁੱਚ ਪੰਜਾਬੀ ਭਾਸ਼ਾ ਦੀ ਰਖਿਆ ਲਈ ਵਚਨਬੱਧ ਹੈ ਤਾਂ ਹੁਣ ਤੱਕ ਕੇਂਦਰੀ ਵਿਭਾਗਾਂ ਖ਼ਿਲਾਫ਼ ਠੋਸ ਕਾਰਵਾਈ ਕਿਉਂ ਨਹੀਂ ਕੀਤੀ ਗਈ। ਇਸੇ ਤਰ੍ਹਾਂ ਪੰਜਾਬ ਦੇ ਬੀਜੇਪੀ ਆਗੂ ਕੇਂਦਰ ਵਿੱਚ ਆਪਣੀ ਸਰਕਾਰ ਹੋਣ ਦੇ ਬਾਵਜੂਦ ਪੰਜਾਬੀਆਂ ਦੇ ਭਾਸ਼ਾਈ ਹੱਕਾਂ ‘ਤੇ ਚੁੱਪ ਕਿਉਂ ਹਨ ? ਪਾਰਟੀ ਆਗੂਆਂ ਨੇ ਯਾਦ ਦਿਵਾਇਆ ਕਿ ਭਾਰਤੀ ਸੰਵਿਧਾਨ ਦੇ ਆਰਟਿਕਲ 29 ਅਤੇ 350A ਹਰ ਨਾਗਰਿਕ ਨੂੰ ਆਪਣੀ ਮਾਂ-ਭਾਸ਼ਾ ਦੀ ਸੁਰੱਖਿਆ ਅਤੇ ਵਰਤੋਂ ਦਾ ਅਧਿਕਾਰ ਦਿੰਦੇ ਹਨ। ਇਨ੍ਹਾਂ ਸੰਵਿਧਾਨਕ ਪ੍ਰਾਵਧਾਨਾਂ ਨੂੰ ਨਜ਼ਰਅੰਦਾਜ਼ ਕਰਨਾ ਨਾਂ ਸਿਰਫ਼ ਗੈਰ-ਕਾਨੂੰਨੀ ਹੈ, ਸਗੋਂ ਸੰਵਿਧਾਨ ਨਾਲ ਵੀ ਧੋਖਾ ਹੈ। ਅੰਤ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਸਪੱਸ਼ਟ ਕੀਤਾ ਕਿ ਪੰਜਾਬੀ ਭਾਸ਼ਾ ਕੋਈ ਵਿਕਲਪ ਨਹੀਂ, ਸਗੋਂ ਪੰਜਾਬ ਦੀ ਪਛਾਣ, ਇਤਿਹਾਸ ਅਤੇ ਸੰਵਿਧਾਨਕ ਹੱਕ ਹੈ। ਜੇ ਪੰਜਾਬੀ ਭਾਸ਼ਾ ਨਾਲ ਹੋ ਰਹੀ ਇਸ ਬੇਇਨਸਾਫ਼ੀ ਨੂੰ ਤੁਰੰਤ ਨਹੀਂ ਰੋਕਿਆ ਗਿਆ ਤਾਂ ਪਾਰਟੀ ਲੋਕਾਂ ਨੂੰ ਨਾਲ ਲੈ ਕੇ ਸੜਕ ਤੋਂ ਸੰਸਥਾਵਾਂ ਤੱਕ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ।
