ਕੈਬਨਿਟ ਮੰਤਰੀ ਮੀਤ ਹੇਅਰ ਦੀ ਦੋ-ਟੁਕ: 21 ਫਰਵਰੀ ਤੱਕ ਸਾਰੇ ਸਾਈਨ ਬੋਰਡ ਪੰਜਾਬੀ 'ਚ ਕੀਤੇ ਜਾਣ

Tuesday, Dec 13, 2022 - 07:05 PM (IST)

ਅੰਮ੍ਰਿਤਸਰ (ਬਿਊਰੋ) : ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਭਗਵੰਤ ਮਾਨ ਸਰਕਾਰ ਹਰ ਸਾਕਾਰਾਤਮਕ ਕਦਮ ਚੁੱਕ ਰਹੀ ਹੈ ਅਤੇ 21 ਫਰਵਰੀ ਨੂੰ ਅੰਤਰਰਾਸ਼ਟਰੀ ਭਾਸ਼ਾ ਦਿਵਸ ਮੌਕੇ ਸੂਬੇ ਭਰ ਵਿੱਚ ਲੱਗੇ ਸਾਰੇ ਸਾਈਨ ਬੋਰਡਾਂ ਨੂੰ ਪੰਜਾਬੀ ਵਿੱਚ ਕੀਤਾ ਜਾਵੇਗਾ। ਇਹ ਪ੍ਰਗਟਾਵਾ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਗੁਰਮੀਤ ਸਿੰਘ ਮੀਤ ਹੇਅਰ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਪੰਜਾਬ ਨੇ ਕੀਤਾ। ਉਨ੍ਹਾਂ ਕਿਹਾ ਕਿ 21 ਫਰਵਰੀ ਤੱਕ ਸੂਬੇ ਭਰ ਵਿੱਚ ਸਾਰੇ ਸਾਈਨ ਬੋਰਡ ਪੰਜਾਬੀ 'ਚ ਕੀਤੇ ਜਾਣਗੇ ਅਤੇ ਜਿਨ੍ਹਾਂ ਵੱਲੋਂ ਇਹ ਕਦਮ ਨਹੀਂ ਚੁੱਕੇ ਜਾਣਗੇ, ਉਨ੍ਹਾਂ 'ਤੇ ਜੁਰਮਾਨੇ ਵੀ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਕੋਈ ਵੀ ਆਪਣੇ ਅਮੀਰ ਸੱਭਿਆਚਾਰ ਅਤੇ ਮਾਂ-ਬੋਲੀ ਤੋਂ ਵੱਖ ਹੋ ਕੇ ਨਹੀਂ ਰਹਿ ਸਕਦਾ। ਉਨ੍ਹਾਂ ਪੰਜਾਬੀਆਂ ਨੂੰ ਸੂਬੇ ਭਰ ਦੀਆਂ ਸਾਰੀਆਂ ਨਿੱਜੀ ਅਤੇ ਸਰਕਾਰੀ ਇਮਾਰਤਾਂ ’ਤੇ ਪੰਜਾਬੀ ਭਾਸ਼ਾ ਵਿੱਚ ਸਾਈਨ ਬੋਰਡ ਲਗਾਉਣ ਲਈ ਲਹਿਰ ਸ਼ੁਰੂ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ।

ਇਹ ਵੀ ਪੜ੍ਹੋ : ਬਰਾਤ ਦੀਆਂ ਗੱਡੀਆਂ ’ਤੇ ਮਧੂਮੱਖੀਆਂ ਦਾ ਹਮਲਾ, ਲਾੜੇ ਸਮੇਤ 7 ਲੋਕ ਜ਼ਖਮੀ, ਹਸਪਤਾਲ ਦਾਖਲ

ਕੈਬਨਿਟ ਮੰਤਰੀ ਨੇ ਕਿਹਾ ਕਿ ਦੂਜੇ ਸੂਬਿਆਂ ਦੇ ਲੋਕ ਆਪਣੀ ਮਾਂ-ਬੋਲੀ ਦਾ ਸਤਿਕਾਰ ਕਰਦੇ ਹਨ ਅਤੇ ਉਨ੍ਹਾਂ ਦੀਆਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ ’ਤੇ ਉਨ੍ਹਾਂ ਦੀ ਮਾਂ-ਬੋਲੀ ਵਿੱਚ ਸਾਈਨ ਬੋਰਡ ਲੱਗੇ ਹੋਏ ਹਨ। ਸੂਬੇ ਭਰ ਵਿੱਚ ਸਾਈਨ ਬੋਰਡਾਂ 'ਤੇ ਪਹਿਲੇ ਨੰਬਰ 'ਤੇ ਪੰਜਾਬੀ ਭਾਸ਼ਾ ਤੇ ਫਿਰ ਦੂਜੀਆਂ ਭਾਸ਼ਾਵਾਂ ਲਿਖੀਆਂ ਜਾਣ। ਹੇਅਰ ਨੇ ਕਿਹਾ ਕਿ ਸਰਕਾਰ ਦੇ ਧਿਆਨ ਵਿੱਚ ਆਇਆ ਹੈ ਕਿ ਜਿਹੜੀਆਂ ਸਿੱਖਿਆ ਸੰਸਥਾਵਾਂ ਆਪਣੇ ਕੈਂਪਸ ਵਿੱਚ ਆਪਣੀ ਭਾਸ਼ਾ ਬੋਲਣ ’ਤੇ ਪਾਬੰਦੀ ਲਗਾਉਣਗੀਆਂ, ਉਨ੍ਹਾਂ ਵਿਰੁੱਧ ਸੂਬਾ ਸਰਕਾਰ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਮੀਟਿੰਗ ਦੌਰਾਨ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ 21 ਫਰਵਰੀ ਤੱਕ ਜ਼ਿਲ੍ਹੇ ਵਿੱਚ ਸਾਰੇ ਸਾਈਨ ਬੋਰਡ ਪੰਜਾਬੀ ਭਾਸ਼ਾ 'ਚ ਹੋਣ।

ਮੀਟਿੰਗ 'ਚ ਡਾ. ਅਜੇ ਗੁਪਤਾ, ਡਾ. ਜਸਬੀਰ ਸਿੰਘ, ਸ਼੍ਰੀਮਤੀ ਜੀਵਨਜੋਤ ਕੌਰ (ਤਿੰਨੋਂ ਵਿਧਾਇਕ), ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਡੀ.ਸੀ.ਪੀ. ਪੀ.ਐੱਸ. ਭੰਡਾਲ, ਐਕਸੀਅਨ ਪ੍ਰਦੂਸ਼ਣ ਬੋਰਡ ਹਰਪਾਲ ਸਿੰਘ ਤੇ ਐੱਸ.ਡੀ.ਓ. ਅਮਰਪਾਲ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News