ਜਥੇ. ਗੜਗੱਜ ਨੂੰ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦਿੱਤਾ ਮੰਗ ਪੱਤਰ, ਕਿਹਾ-ਅਸੀਂ ਪੰਥਕ ਫੈਸਲੇ ਨਾਲ ਹਮੇਸ਼ਾ ਖੜ੍ਹੇ ਰਹਾਂਗੇ

Saturday, May 30, 2026 - 11:18 AM (IST)

ਜਥੇ. ਗੜਗੱਜ ਨੂੰ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦਿੱਤਾ ਮੰਗ ਪੱਤਰ, ਕਿਹਾ-ਅਸੀਂ ਪੰਥਕ ਫੈਸਲੇ ਨਾਲ ਹਮੇਸ਼ਾ ਖੜ੍ਹੇ ਰਹਾਂਗੇ

ਅੰਮ੍ਰਿਤਸਰ (ਸਰਬਜੀਤ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਰੋਕੂ ਕਾਨੂੰਨ’ ਸਬੰਧੀ ਪਾਰਟੀ ਦਾ ਲਿਖਤੀ ਪੱਖ ਰੂਪੀ ਮੰਗ ਪੱਤਰ ਸੌਂਪਿਆ।

ਬਾਪੂ ਤਰਸੇਮ ਸਿੰਘ ਨੇ ਕਿਹਾ ਕਿ 14 ਅਪ੍ਰੈਲ ਨੂੰ  ਸਰਕਾਰ ਵੱਲੋਂ ਪਾਸ ਕੀਤੇ ਗਏ ਇਸ ਕਾਨੂੰਨ ਦੀ ਪਾਰਟੀ ਪੱਧਰ ’ਤੇ ਸਮੀਖਿਆ ਕਰਵਾਈ ਗਈ ਹੈ। ਸਮੀਖਿਆ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਾਡੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਕਾਨੂੰਨ ਸਬੰਧੀ ਉਠਾਏ ਗਏ ਇਤਰਾਜ਼ ਅਤੇ ਖ਼ਦਸ਼ੇ ਪੂਰੀ ਤਰ੍ਹਾਂ ਜਾਇਜ਼ ਹਨ ਅਤੇ ਇਨ੍ਹਾਂ ਨੂੰ ਦੂਰ ਕੀਤੇ ਬਿਨਾਂ ਇਹ ਕਾਨੂੰਨ ਸਿੱਖ ਪੰਥ ਦੇ ਹਿੱਤਾਂ ਦੀ ਰਾਖੀ ਕਰਨ ’ਚ ਅਸਫ਼ਲ ਰਹੇਗਾ।

ਉਨ੍ਹਾਂ ਕਿਹਾ ਕਿ ਕਾਨੂੰਨ ਦੀਆਂ ਕੁਝ ਧਾਰਾਵਾਂ ਭਵਿੱਖ ’ਚ ਸਿੱਖਾਂ, ਗ੍ਰੰਥੀ ਸਿੰਘਾਂ ਅਤੇ ਗੁਰਦੁਆਰਾ ਪ੍ਰਬੰਧਕਾਂ ਖ਼ਿਲਾਫ਼ ਦੁਰਵਰਤੋਂ ਦਾ ਸਾਧਨ ਬਣ ਸਕਦੀਆਂ ਹਨ। ਕਿਸੇ ਵੀ ਨਿਰਦੋਸ਼ ਸਿੱਖ ’ਤੇ ਬੇਅਦਬੀ ਦਾ ਦੋਸ਼ ਲਾ ਕੇ ਉਸ ਨੂੰ ਲੰਬੇ ਸਮੇਂ ਲਈ ਕਾਨੂੰਨੀ ਪੇਚੀਦਗੀਆਂ ’ਚ ਫਸਾਇਆ ਜਾ ਸਕਦਾ ਹੈ, ਜਿਸ ਕਰਕੇ ਪੰਥ ਅੰਦਰ ਗੰਭੀਰ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਅਕਾਲੀ ਦਲ ਵਾਰਿਸ ਪੰਜਾਬ ਇਸ ਸੰਵੇਦਨਸ਼ੀਲ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਪ੍ਰਵਾਨ ਕਰਦਾ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥਕ ਸਮੂਹਕਤਾ ਨਾਲ ਵਿਚਾਰ ਕਰਕੇ ਜੋ ਵੀ ਫੈਸਲਾ ਲਿਆ ਜਾਵੇਗਾ, ਪਾਰਟੀ ਉਸ ਨਾਲ ਪੂਰੀ ਤਰ੍ਹਾਂ ਸਹਿਮਤ ਹੋਵੇਗੀ ਅਤੇ ਹਰ ਪੱਧਰ ’ਤੇ ਉਸ ਦਾ ਸਮਰਥਨ ਕਰੇਗੀ। ਇਸ ਮੌਕੇ ਹਰਭਜਨ ਸਿੰਘ ਤੁੜ, ਭਾਈ ਪਰਮਜੀਤ ਸਿੰਘ ਜੌਹਲ, ਭਾਈ ਰਛਪਾਲ ਸਿੰਘ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਭੁਪਿੰਦਰ ਸਿੰਘ, ਭਾਈ ਬਲਦੇਵ ਸਿੰਘ, ਭਾਈ ਸੁਖਬੀਰ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਗੁਰਜਿੰਦਰ ਸਿੰਘ ਅਤੇ ਪ੍ਰਗਟ ਸਿੰਘ ਵੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News