ਅੰਮ੍ਰਿਤਪਾਲ ਸਿੰਘ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ, NSA ਹਟਾਉਣ ਦੀ ਕੀਤੀ ਮੰਗ
Friday, Jul 19, 2024 - 08:44 PM (IST)
ਜਲੰਧਰ- 2024 ਦੀਆਂ ਲੋਕ ਸਭਾ ਚੋਣਾਂ 'ਚ ਪੰਜਾਬ ਦੇ ਖਡੂਰ ਸਾਹਿਬ ਹਲਕੇ ਤੋਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਆਪਣੇ ਉੱਪਰ ਲੱਗੇ 'ਨੈਸ਼ਨਲ ਸਕਿਉਰਿਟੀ ਐਕਟ' ਨੂੰ ਰੱਦ ਕਰਵਾਉਣ ਲਈ ਹਾਈਕੋਰਟ ਦਾ ਰੁਖ਼ ਕੀਤਾ ਹੈ। ਉਨ੍ਹਾਂ ਨੇ ਆਪਣੇ 'ਤੇ ਲੱਗੇ ਐੱਨ.ਐੱਸ.ਏ. ਨੂੰ ਗ਼ੈਰ ਕਾਨੂੰਨੀ ਦੱਸਦੇ ਹੋਏ ਹਾਈਕੋਰਟ ਨੂੰ ਅਪੀਲ ਕੀਤੀ ਹੈ ਕਿ ਇਸ ਨੂੰ ਰੱਦ ਕੀਤਾ ਜਾਵੇ। ਇਸ ਮਾਮਲੇ ਦੀ ਸੁਣਵਾਈ ਅਗਲੇ ਹਫ਼ਤੇ ਹੋਣ ਦੀ ਉਮੀਦ ਹੈ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਅਪ੍ਰੈਲ 2023 ਵਿਚ ਮੋਗਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਉਨ੍ਹਾਂ ਨੂੰ ਸਾਥੀਆਂ ਸਮੇਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਭੇਜ ਦਿੱਤਾ ਗਿਆ ਸੀ। ਇਸ ਮਗਰੋਂ ਉਨ੍ਹਾਂ ਨੇ ਆਜ਼ਾਦ ਉਮੀਦਵਾਰ ਵਜੋਂ ਜੇਲ੍ਹ ਅੰਦਰੋਂ ਹੀ 2024 ਦੀਆਂ ਲੋਕ ਸਭਾ ਚੋਣਾਂ ਲੜਣ ਦਾ ਫ਼ੈਸਲਾ ਕੀਤਾ ਸੀ, ਜਿਨ੍ਹਾਂ 'ਚ ਉਨ੍ਹਾਂ ਨੇ ਖਡੂਰ ਸਾਹਿਬ ਸੀਟ ਤੋਂ ਚੋਣ ਲੜੀ ਸੀ ਅਤੇ 1 ਲੱਖ 97 ਹਜ਼ਾਰ 120 ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਹਾਸਲ ਕੀਤੀ ਸੀ। ਉਨ੍ਹਾਂ ਨੂੰ ਕੁੱਲ 4 ਲੱਖ 4 ਹਜ਼ਾਰ 430 ਵੋਟਾਂ ਪਈਆਂ ਸਨ।
ਇਸ ਤੋਂ ਬਾਅਦ ਉਨ੍ਹਾਂ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਸ਼ਰਤਾਂ ਸਮੇਤ ਪੈਰੋਲ ਦਿੱਤੀ ਗਈ ਸੀ ਤੇ 5 ਜੁਲਾਈ ਨੂੰ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਵਿਚਾਲੇ ਦਿੱਲੀ ਸੰਸਦ ਭਵਨ ਵਿਚ ਲੋਕ ਸਭਾ ਸਪੀਕਰ ਦੇ ਚੈਂਬਰ ਵਿਚ ਸਹੁੰ ਚੁਕਾਈ ਗਈ ਸੀ। ਸਹੁੰ ਚੁੱਕਣ ਮਗਰੋਂ ਉਨ੍ਹਾਂ ਨੂੰ ਨਾਲ ਹੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e