ਮੋਦੀ ਦੀ ਗੁਰਦੁਆਰਾ ਰਕਾਬਗੰਜ ਫ਼ੇਰੀ ਨੂੰ ਲੈ ਕੇ ਹੋਇਆ ਵਿਰੋਧ

12/23/2020 3:42:18 PM

ਅੰਮ੍ਰਿਤਸਰ (ਅਨਜਾਣ): ਦਿੱਲੀ ਸਥਿਤ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਨਤਮਸਤਿਕ ਹੋਣ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੁਰਦੁਆਰਾ ਪ੍ਰਬੰਧਕਾਂ ਵਲੋਂ ਸਿਰੋਪਾਉ ਦੇ ਕੇ ਸਨਮਾਨਿਤ ਕਰਨ ਦੇ ਮਾਮਲੇ ‘ਤੇ ਪ੍ਰਬੰਧਕਾ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ ਕਟਹਿਰੇ ’ਚ ਖੜ੍ਹਾ ਕਰਦਿਆ ਸੰਨ 2015 ਦੇ ਸਰਬੱਤ ਖ਼ਾਲਸਾ ਸੰਮੇਲਨ ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਮੋਦੀ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕਰਨ ਨਾਲ ਭਾਜਪਾ ਤੇ ਪੰਥ ਦੋਖੀਆਂ ਦੀ ਸਾਂਝ ਭਿਆਲੀ ਜੱਗ ਜਾਹਿਰ ਹੋਈ ਹੈ। ਭਾਈ ਸਖੀਰਾ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ, ਮਜਦੂਰਾਂ ਤੇ ਖ਼ਾਸਕਰ ਸਿੱਖਾਂ ਦਾ ਖੁੱਲ੍ਹਾ ਵਿਰੋਧ ਕਰਨ ਵਾਲੇ ਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਜ਼ਬਰਦਸਤੀ ਦੇਸ਼ ਸਿਰ ਥੋਪਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਸ਼ਵ ਪੱਧਰ ’ਤੇ ਥੂ-ਥੂ ਹੋ ਰਹੀ ਹੈ ਤੇ ਦੂਜੇ ਪਾਸੇ ਪੰਥਕ ਗੱਦਾਰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਦੇ ਕੇ ਆਪਣੇ ਯਰਾਨੇ ਦੀ ਬਾਤ ਪਾ ਕੇ ਸਿੱਖਾਂ ਤੇ ਸਿੱਖ ਪੰਥ ਦੀ ਪਿੱਠ ’ਚ ਛੁਰਾ ਮਾਰ ਰਹੇ ਹਨ।  

ਇਹ ਵੀ ਪੜ੍ਹੋ : ਗੁਰਦਾਸਪੁਰ ’ਚ ਪੂਰੇ ਪਰਿਵਾਰ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਬਣਾਈ ਵੀਡੀਓ

ਉਨ੍ਹਾਂ ਕਿਹਾ ਕਿ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਨਮਾਨ ਦੇਣ ਨਾਲ ਪੰਥਕ ਰਹੁਰੀਤਾਂ, ਰਵਾਇਤਾਂ ਤੇ ਪ੍ਰੰਪਰਾਵਾਂ ਦਾ ਕਤਲ ਹੋਇਆ ਹੈ। ਇਸ ਲਈ ਮਨਜਿੰਦਰ ਸਿੰਘ ਸਿਰਸਾ ਤੇ ਗੁਰਦੁਆਰਾ ਰਕਾਬ ਗੰਜ ਪ੍ਰਬੰਧਕਾਂ ਨੂੰ ਸਿੱਖ ਪੰਥ ਕਦੇ ਮੁਆਫ਼ ਨਹੀਂ ਕਰੇਗਾ। ਦੇਸ਼ ਦੇ ਅੰਨਦਾਤਾ, ਗਰੀਬਾਂ, ਮਜ਼ਲੂਮਾਂ ਤੇ ਮਜ਼ਦੂਰਾਂ ਦੇ ਨਾਲ ਕਾਲੇ ਖੇਤੀ ਕਾਨੂੰਨਾਂ ਰਾਹੀਂ ਧ੍ਰੋਹ ਕਮਾਉਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਨਮਾਨ ਦੇ ਪਾਤਰ ਨਹੀਂ ਹੋ ਸਕਦੇ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਇਸ਼ਾਰੇ ਤੇ ਗਿਣੀ ਮਿਥੀ ਸਾਜਿਸ਼ ਤਹਿਤ ਕੋਝਾ ਕਾਰਜ ਕੀਤਾ ਹੈ।

ਇਹ ਵੀ ਪੜ੍ਹੋ : ਕੋਰੋਨਾ ਨਾਲ ਮਰੇ SMO ਦੀ ਪਤਨੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਦਿਲ ਨੂੰ ਝੰਜੋੜ ਦੇਵੇਗੀ ਵਜ੍ਹਾ


Baljeet Kaur

Content Editor

Related News