'550 ਸਾਲਾ ਪ੍ਰਕਾਸ਼ ਪੁਰਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਲੋਂ ਇਕੱਠਿਆਂ ਮਨਾਉਣਾ ਸ਼ਲਾਘਾਯੋਗ'
Sunday, Jun 23, 2019 - 12:26 PM (IST)

ਅੰਮ੍ਰਿਤਸਰ (ਜ.ਬ) : ਸ੍ਰੀ ਗੁਰੂ ਨਾਨਕ ਦੇਵ ਜੀ ਨੇ ਏਕਤਾ ਦਾ ਉਪਦੇਸ਼ ਦਿੱਤਾ ਸੀ। ਇਸ ਲਈ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਇਹ ਯਤਨ ਕੀਤੇ ਜਾ ਰਹੇ ਸਨ ਕਿ ਪੰਜਾਬ ਸਰਕਾਰ, ਸ਼੍ਰੋਮਣੀ ਕਮੇਟੀ ਅਤੇ ਸਮੁੱਚੀਆਂ ਸਿੱਖ ਜਥੇਬੰਦੀਆਂ ਗੁਰੂ ਨਾਨਕ ਸਾਹਿਬ ਦਾ 550 ਸਾਲਾ ਪ੍ਰਕਾਸ਼ ਪੁਰਬ ਬਿਨਾਂ ਕਿਸੇ ਭੇਦਭਾਵ ਦੇ ਇਕੱਠਿਆਂ ਮਨਾਉਣ। ਇਸ ਪ੍ਰਤੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਂ ਪੱਖੀ ਹੁੰਗਾਰਾ ਦਿੱਤਾ ਹੈ, ਜੋ ਸ਼ਲਾਘਾਯੋਗ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਕੱਤਰੇਤ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਕੁਝ ਸਵਾਲਾਂ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਕੁਝ ਅਖਬਾਰਾਂ ਵਿਚ ਸਿੱਖ ਰੈਫਰੈਂਸ ਲਾਇਬ੍ਰੇਰੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਵੇਚੇ ਜਾਣ ਬਾਰੇ ਜੋ ਲਿਖਿਆ ਗਿਆ ਹੈ ਉਸ ਬਾਰੇ ਸ਼੍ਰੋਮਣੀ ਕਮੇਟੀ ਵਲੋਂ ਜਾਂਚ ਕਮੇਟੀ ਬਣਾ ਕੇ ਪੜਤਾਲ ਕੀਤੀ ਜਾ ਰਹੀ ਹੈ, ਇਸ ਉਪਰੰਤ ਹੀ ਕੋਈ ਫੈਸਲਾ ਲਿਆ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਕਮੇਟੀ ਨਾਲ ਸਾਡਾ ਪੂਰਾ ਸੰਪਰਕ ਹੈ, ਕੋਈ ਯੋਗ ਵਿਦਵਾਨ ਅਤੇ ਧਾਰਮਕ ਬਿਰਤੀ ਵਾਲਾ ਚੰਗਾ ਵਿਅਕਤੀ ਅਤੇ ਤਖਤ ਸਾਹਿਬ ਦੀ ਮਰਿਆਦਾ ਅਨੁਸਾਰ ਚੱਲਣ ਵਾਲਾ ਹੀ ਜਥੇਦਾਰ ਦੀ ਪਦਵੀ 'ਤੇ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਲਾਂਗ ਦੇ ਸਿੱਖਾਂ ਨਾਲ ਜੋ ਮੰਦਭਾਗੀ ਘਟਨਾ ਵਾਪਰੀ ਉਹ ਅਤਿ ਨਿੰਦਣਯੋਗ ਹੈ। ਇਸ ਬਾਰੇ ਸ਼੍ਰੋਮਣੀ ਕਮੇਟੀ ਦਾ ਵਫ਼ਦ ਉਥੋਂ ਦੇ ਮੁੱਖ ਮੰਤਰੀ ਨੂੰ ਵੀ ਮਿਲਿਆ ਹੈ ਅਤੇ ਉਨ੍ਹਾਂ ਲਈ ਕਮੇਟੀ ਵੱਲੋਂ ਹੋਰ ਵੀ ਉਪਰਾਲੇ ਕੀਤੇ ਜਾ ਰਹੇ ਹਨ। ਪੱਤਰਕਾਰਾਂ ਵੱਲੋਂ ਕੀਤੇ ਗਏ ਸਵਾਲ ਕਿ ਜੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਲੋਂ 28 ਅਕਤੂਬਰ ਨੂੰ ਦਿੱਲੀ ਤੋਂ ਪ੍ਰਕਾਸ਼ ਪੁਰਬ ਸਬੰਧੀ ਸਜਾਏ ਜਾ ਰਹੇ ਨਗਰ ਕੀਰਤਨ ਜੋ ਵਾਹਗਾ ਬਾਰਡਰ ਤੋਂ 31 ਅਕਤੂਬਰ ਨੂੰ ਪਾਕਿਸਤਾਨ ਪਹੁੰਚਣਾ ਹੈ ਲਈ ਤੁਹਾਨੂੰ ਸਮਾਗਮ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਤਾਂ ਜਾਓਗੇ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿਉਂ ਨਹੀਂ, ਹਰ ਸਿੱਖ ਗੁਰਮਤਿ ਸਮਾਗਮ ਵਿਚ ਸ਼ਾਮਲ ਹੋ ਸਕਦਾ ਹੈ ਪਰ ਸਮਾਗਮ ਨਾਨ-ਪੋਲੀਟੀਕਲ ਹੋਣਾ ਚਾਹੀਦਾ ਹੈ।