ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਨੂੰ ਜਾਣਕਾਰੀ ਦੇਣ ਲਈ ਇਕ ਹੋਰ ਕੇਂਦਰ ਸਥਾਪਤ

12/10/2022 11:38:29 AM

ਅੰਮ੍ਰਿਤਸਰ (ਦੀਪਕ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀ ਸੰਗਤ ਨੂੰ ਲੋੜੀਂਦੀ ਜਾਣਕਾਰੀ ਦੇਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਸਰਾਂ ਨਜ਼ਦੀਕ ਇਕ ਹੋਰ ਪੁੱਛਗਿਛ ਕੇਂਦਰ ਸਥਾਪਤ ਕੀਤਾ ਹੈ। ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿਖੇ ਇਕ ਸਹਾਇਤਾ ਕੇਂਦਰ ਕਾਰਜਸ਼ੀਲ ਹੈ। ਇਹ ਦੋਵੇਂ ਕੇਂਦਰ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਸੂਚਨਾ ਕੇਂਦਰ ਨਾਲ ਜੋੜੇ ਗਏ ਹਨ। ਅੱਜ ਕਾਰਜਸ਼ੀਲ ਕੀਤੇ ਗਏ ਪੁੱਛਗਿਛ ਕੇਂਦਰ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਰਦਾਸ ਉਪਰੰਤ ਕੀਤਾ। 

ਇਹ ਵੀ ਪੜ੍ਹੋ- ਰੇਲ ਯਾਤਰੀਆਂ ਲਈ ਅਹਿਮ ਖ਼ਬਰ, ਭੁੱਲ ਕੇ ਵੀ ਨਾ ਕਰਨਾ ਇਹ ਗ਼ਲਤੀ, ਜਾਵੋਗੇ ਸਲਾਖਾਂ ਪਿੱਛੇ

ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਪੁੱਜਦੀ ਦੇਸ਼ ਵਿਦੇਸ਼ ਦੀ ਸੰਗਤ ਨੂੰ ਲੋੜੀਂਦੀ ਜਾਣਕਾਰੀ ਦੇਣ ਵਾਲੇ ਕੇਂਦਰ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਤੋਂ ਬਾਹਰਲੇ ਸੂਬਿਆਂ ਦੀਆਂ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਇਤਿਹਾਸ ਅਤੇ ਇਥੇ ਸਥਿਤ ਅਸਥਾਨਾਂ, ਸਰਾਵਾਂ ਤੇ ਲੰਗਰ ਆਦਿ ਬਾਰੇ ਜਾਣਕਾਰੀ ਇਨ੍ਹਾਂ ਕੇਂਦਰਾਂ ਰਾਹੀਂ ਦਿੱਤੀ ਜਾਵੇਗੀ। ਇੱਥੇ ਸਿੱਖੀ ਨਾਲ ਸਬੰਧਤ ਵੱਖ-ਵੱਖ ਭਾਸ਼ਾਵਾਂ ਦਾ ਸਾਹਿਤ ਵੀ ਸੰਗਤ ਨੂੰ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਸੂਚਨਾ ਕੇਂਦਰ ਵਿਖੇ ਸੂਚਨਾ ਅਫ਼ਸਰ ਤੇ ਗਾਈਡ ਨਿਰੰਤਰ ਸੇਵਾਵਾਂ ਦੇ ਰਹੇ ਹਨ, ਪਰੰਤੂ ਵੱਖ-ਵੱਖ ਪਾਸਿਆਂ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਵੇਸ਼ ਕਰਨ ਵਾਲੀ ਸੰਗਤ ਲਈ ਇਹ ਸਹਾਇਤਾ ਕੇਂਦਰ ਫ਼ਾਇਦੇਮੰਦ ਸਾਬਤ ਹੋਣਗੇ।

ਇਹ ਵੀ ਪੜ੍ਹੋ- ਗੁਜਰਾਤ ਚੋਣ ਨਤੀਜਿਆਂ ਨੂੰ ਲੈ ਕੇ ਬਿਕਰਮ ਮਜੀਠੀਆ ਨੇ ਕੇਜਰੀਵਾਲ 'ਤੇ ਲਈ ਚੁਟਕੀ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਹਰਜਾਪ ਸਿੰਘ ਸੁਲਤਾਨਵਿੰਡ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸਕੱਤਰ ਪ੍ਰਤਾਪ ਸਿੰਘ, ਓ. ਐੱਸ. ਡੀ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਗੁਰਚਰਨ ਸਿੰਘ ਕੁਹਾਲਾ ਆਦਿ ਮੌਜੂਦ ਸਨ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

Shivani Bassan

This news is Content Editor Shivani Bassan