50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਗ੍ਰਿਫ਼ਤਾਰ

Friday, Sep 20, 2024 - 01:49 PM (IST)

50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਗ੍ਰਿਫ਼ਤਾਰ

ਅੰਮ੍ਰਿਤਸਰ (ਇੰਦਰਜੀਤ)- ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਟਾਊਨ ਪਲਾਨਰ (ਏ. ਟੀ. ਪੀ.) ਹਰਜਿੰਦਰ ਸਿੰਘ ਨੂੰ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਾਈਂ ਕਿਰਨ ਵਾਸੀ ਸੰਧੂ ਐਵੇਨਿਊ, ਬਟਾਲਾ ਰੋਡ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ-ਪੰਜਾਬ ਦੇ ਇਸ ਇਲਾਕੇ 'ਚ ਆਇਆ ਬਾਘ, ਲੋਕਾਂ 'ਚ ਦਹਿਸ਼ਤ

ਉਨ੍ਹਾਂ ਦੱਸਿਆ ਕਿ ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਾਇਆ ਹੈ ਕਿ ਉਸ (ਸ਼ਿਕਾਇਤ ਕਰਤਾ) ਵੱਲੋਂ ਕੋਟ ਖਾਲਸਾ ਅੰਮ੍ਰਿਤਸਰ ਵਿਖੇ ਬਣਾਈ ਜਾ ਰਹੀ ਕਲੋਨੀ ਲਈ ਇਤਰਾਜ਼ ਹੀਣਤਾ ਸਰਟੀਫਿਕੇਟ (ਐੱਨ. ਓ. ਸੀ.) ਜਾਰੀ ਕਰਨ ਬਦਲੇ ਉਕਤ ਮੁਲਜ਼ਮ ਨੇ ਪਹਿਲਾਂ ਵੀ 5 ਲੱਖ ਰੁਪਏ ਦੀ ਰਿਸ਼ਵਤ ਲਈ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਨੇ ਫਿਰ ਤੋਂ ਐੱਨ. ਓ. ਸੀ. ਸਬੰਧੀ ਸ਼ਰਤਾਂ ਪੂਰੀਆਂ ਕਰਨ ਬਦਲੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ।

ਇਹ ਵੀ ਪੜ੍ਹੋ-  ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸੂਬੇ ਦੇ 7 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਕੋਲੋਂ 50000/-ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਏ. ਟੀ. ਪੀ. ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- NIA ਨੇ ਅੰਮ੍ਰਿਤਪਾਲ ਸਿੰਘ ਦੇ ਚਾਚੇ ਪ੍ਰਗਟ ਸਿੰਘ ਨੂੰ 26 ਨੂੰ ਕੀਤਾ ਤਲਬ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News