ਯੂਕੇ ’ਚ ਸਿੱਖ ਕੁੜੀ ’ਤੇ ਨਸਲੀ ਹਮਲਾ ਅਤੇ ਜਬਰ-ਜ਼ਿਨਾਹ ਮਨੁੱਖਤਾ ਲਈ ਸ਼ਰਮਨਾਕ: ਐਡਵੋਕੇਟ ਧਾਮੀ
Monday, Sep 15, 2025 - 06:34 PM (IST)

ਜੈਤੋ (ਰਘੂਨੰਦਨ ਪਰਾਸ਼ਰ): ਇੰਗਲੈਂਡ ਅੰਦਰ ਬਰਮਿੰਘਮ ਦੇ ਓਲਡਰਬੀ ਇਲਾਕੇ ’ਚ ਸਿੱਖ ਕੁੜੀ ’ਤੇ ਕੀਤੇ ਨਸਲੀ ਹਮਲੇ ਅਤੇ ਜਬਰ-ਜ਼ਿਨਾਹ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਮਨੁੱਖਤਾ ਲਈ ਸ਼ਰਮਨਾਕ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾ ਸਿਰਫ਼ ਪੀੜਤਾਂ ਨੂੰ ਪ੍ਰਭਾਵਿਤ ਕਰਦੀਆਂ ਹਨ, ਬਲਕਿ ਪੂਰੇ ਭਾਈਚਾਰੇ ਵਿੱਚ ਵੀ ਡਰ ਦਾ ਮਾਹੌਲ ਸਿਰਜਦੀਆਂ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਅੰਦਰ ਲਗਾਤਾਰ ਹੋ ਰਹੇ ਨਸਲੀ ਹਮਲਿਆਂ ਨੂੰ ਰੋਕਣ ਲਈ ਸਰਕਾਰਾਂ ਨੂੰ ਸੰਜੀਦਗੀ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਹੋਣੀਆਂ ਚਾਹੀਦੀਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ,ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਯੂਕੇ ਅਤੇ ਹੋਰ ਦੇਸ਼ਾਂ ਵਿਚ ਘਟਗਿਣਤੀ ਭਾਈਚਾਰਿਆਂ ਵਿਰੁੱਧ ਨਫ਼ਰਤੀ ਅਪਰਾਧਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਇਸ ਮਾਮਲੇ ਵਿਚ ਸ਼ਾਮਲ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇ ਕੇ ਪੀੜਤ ਕੁੜੀ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ।
ਇਹ ਵੀ ਪੜ੍ਹੋ-ਪੰਜਾਬੀਆਂ ਦੇ ਗਲ਼ ਪੈ ਗਈ ਨਵੀਂ ਆਫਤ, 329 ਪਿੰਡਾਂ ਦੇ 1,87,058 ਲੋਕ...
ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਦੇ ਵਿਦੇਸ਼ ਵਿਭਾਗ ਨੂੰ ਵੀ ਇਹ ਮਾਮਲਾ ਯੂਕੇ ਦੀ ਸਰਕਾਰ ਕੋਲ ਉਠਾਉਣ ਅਤੇ ਉਥੇ ਵੱਸਦੇ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਨਾਉਣ ਲਈ ਕਿਹਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੂਹ ਸਿੱਖ ਭਾਈਚਾਰੇ ਨੂੰ ਵੀ ਅਪੀਲ ਕੀਤੀ ਕਿ ਇਕਜੁਟਤਾ ਨਾਲ ਅਜਿਹੇ ਅਪਰਾਧਾਂ ਵਿਰੁੱਧ ਅਵਾਜ਼ ਉਠਾ ਕੇ ਨਫ਼ਰਤ ਫ਼ੈਲਾਉਣ ਵਾਲੀਆਂ ਤਾਕਤਾਂ ਨੂੰ ਨਾਕਾਮ ਕੀਤਾ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8