ਆਸਟ੍ਰੇਲੀਆ ''ਚ ਕਤਲ ਹੋਏ ਪੰਜਾਬੀ ਦੀ ਲਾਸ਼ ਵਾਪਸ ਲਿਆਉਣ ਲਈ ਪਰਿਵਾਰ ਵਲੋਂ ਸਰਕਾਰ ਨੂੰ ਗੁਹਾਰ

05/02/2020 6:33:23 PM

ਵਲਟੋਹਾ,(ਗੁਰਮੀਤ)- ਰੋਜ਼ੀ ਰੋਟੀ ਕਮਾਉਣ ਦੀ ਖਾਤਰ ਸਟੱਡੀ ਵੀਜ਼ੇ 'ਤੇ ਆਸਟ੍ਰੇਲੀਆ ਗਏ ਪੰਜਾਬੀ ਨੌਜਵਾਨ ਦੀ ਹੱਤਿਆ ਹੋਣ ਪਿੱਛੋਂ ਉਸ ਦੀ ਲਾਸ਼ ਨੂੰ ਵਾਪਸ ਪਿੰਡ ਲਿਆਉਣ ਲਈ ਪਰਿਵਾਰ ਨੇ ਭਾਰਤ ਸਰਕਾਰ ਨੂੰ ਗੁਹਾਰ ਲਗਾਈ ਹੈ। ਇਸ ਸਬੰਧੀ ਪੀੜਤ ਪਰਿਵਾਰ ਵੱਲੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸਾਂਸਦ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਰਾਹੀਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਲਦੀ ਤੋਂ ਜਲਦੀ ਨੌਜਵਾਨ ਦੀ ਲਾਸ਼ ਭਾਰਤ ਲਿਆਂਦੀ ਜਾਵੇ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਲਾਖਣਾ ਨੇ ਦੱਸਿਆ ਕਿ ਹਲਕਾ ਖੇਮਕਰਨ ਦੇ ਪਿੰਡ ਲੱਖਣਾ ਤਪਾ ਨਿਵਾਸੀ ਜਗਰੂਪ ਸਿੰਘ ਪੁੱਤਰ ਭੋਲਾ ਸਿੰਘ ਕੁਝ ਸਮਾਂ ਪਹਿਲਾਂ ਆਸਟ੍ਰੇਲੀਆ ਵਿਖੇ ਸਟੱਡੀ ਵੀਜ਼ੇ 'ਤੇ ਗਿਆ ਸੀ। ਜਿਸ ਦੀ ਬੀਤੇ ਦਿਨੀਂ ਕੁਝ ਲੋਕਾਂ ਵੱਲੋਂ ਹੱਤਿਆ ਕਰ ਦਿੱਤੀ ਗਈ, ਜਿਸ ਦੀ ਜਾਂਚ ਆਸਟ੍ਰੇਲੀਆ ਪੁਲਸ ਵਲੋਂ ਕੀਤੀ ਜਾ ਰਹੀ ਹੈ।

ਲਾਖਣਾ ਨੇ ਦੱਸਿਆ ਕਿ ਨੌਜਵਾਨ ਦੇ ਕਤਲ ਦਾ ਪਤਾ ਚੱਲਣ 'ਤੇ ਪਰਿਵਾਰਕ ਮੈਂਬਰਾਂ 'ਚ ਭਾਰੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਪਰਿਵਾਰ ਦੀ ਮੰਗ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਵਾਪਸ ਲਿਆਂਦਾ ਜਾਵੇ। ਗੁਰਦੇਵ ਸਿੰਘ ਲਾਖਣਾ ਨੇ ਦੱਸਿਆ ਕਿ ਉਨ੍ਹਾਂ ਇਸ ਸਬੰਧੀ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੂੰ ਜਾਣੂ ਕਰਵਾ ਦਿੱਤਾ ਹੈ, ਜਿੰਨਾਂ ਨੇ ਵਿਸ਼ਵਾਸ਼ ਦਿਵਾਇਆ ਹੈ ਕਿ ਗ੍ਰਹਿ ਅਤੇ ਵਿਦੇਸ਼ ਮੰਤਰਾਲੇ ਨਾਲ ਗੱਲ ਚੱਲ ਰਹੀ ਹੈ ਅਤੇ ਜਲਦੀ ਹੀ ਲਾਸ਼ ਨੂੰ ਵਾਪਸ ਲਿਆਂਦਾ ਜਾਵੇਗਾ।


Deepak Kumar

Content Editor

Related News