ਮਾਮਲਾ ਜੇਲ੍ਹਾਂ ’ਚ ਬੰਦ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ, ਹਵਾਰਾ ਕਮੇਟੀ ਨੇ PM ਨਰਿੰਦਰ ਮੋਦੀ ਨੂੰ ਲਿਖਿਆ ਪੱਤਰ

04/21/2022 10:27:43 AM

ਅੰਮ੍ਰਿਤਸਰ (ਸਾਗਰ, ਅਨਜਾਣ) - ਸਰਬੱਤ ਖਾਲਸਾ ਵੱਲੋਂ ਥਾਪੇ ਗਏ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਦਿੱਲੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400ਸਾਲਾ ਪ੍ਰਕਾਸ਼ ਪੁਰਬ ਮਨਾਉਣ ਦੀ ਵਧਾਈ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ’ਚ ਹਵਾਰਾ ਕਮੇਟੀ ਦੇ ਮੁੱਖ ਬੁਲਾਰੇ ਪ੍ਰੋ: ਬਲਜਿੰਦਰ ਸਿੰਘ ਨੇ ਦੱਸਿਆ ਕਿ 400ਸਾਲਾ ਪ੍ਰਕਾਸ਼ ਪੁਰਬ ਮਨਾਉਣ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਿੱਖਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦੇ ਹੋਏ ਕੁਝ ਅਹਿਮ ਮੁੱਦਿਆਂ ਵੱਲ ਧਿਆਨ ਦਿਵਾਉਣ ਲਈ ਬੇਨਤੀ ਕੀਤੀ ਗਈ ਹੈ। 

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਆਪਣੀ ਸ਼ਹੀਦੀ ਦੇ ਕੇ ਔਰੰਗਜ਼ੇਬ ਦੇ ਜ਼ੁਲਮ ਤੋਂ ਹਿੰਦੂ ਧਰਮ ਨੂੰ ਅਜ਼ਾਦ ਕਰਵਾ ਕੇ ਮਨੁੱਖਤਾ ਦੇ ਇਤਿਹਾਸ ਵਿੱਚ ਐਸੀ ਮਿਸਾਲ ਬਣਾ ਦਿੱਤੀ, ਜਿਸਦਾ ਵਿਸ਼ਵ ਭਰ ‘ਚ ਹੋਰ ਕੋਈ ਮੇਲ ਨਹੀਂ ਮਿਲਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਮਨਾਇਆ ਜਾ ਰਿਹਾ ਇਹ ਦਿਹਾੜਾ ਤਾਂ ਸਾਰਥਕ ਹੈ। ਮਾਨਵ ਅਧਿਕਾਰਾਂ ਦੀ ਕਦਰ ਕਰਦੇ ਹੋਏ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿੱਚੋਂ ਤੁਰੰਤ ਰਿਹਾਅ ਕੀਤਾ ਜਾਵੇ। ਇਨ੍ਹਾਂ ਬੰਦੀ ਸਿੰਘਾਂ ਵਿੱਚ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ, ਭਾਈ ਗੁਰਦੀਪ ਸਿੰਘ ਖੈੜਾ, ਜਥੇਦਾਰ ਜਗਤਾਰ ਸਿੰਘ ਹਵਾਰਾ, ਭਾਈ ਸ਼ਮਸ਼ੇਰ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਤਾਰਾ ਤੇ ਭਾਈ ਪਰਮਜੀਤ ਸਿੰਘ ਭਿਓਰਾ ਆਦਿ ਦੇ ਨਾਮ ਸ਼ਾਮਿਲ ਹਨ। 

ਆਪਣੀ ਦੂਸਰੀ ਬੇਨਤੀ ਵਿੱਚ ਉਨ੍ਹਾਂ ਗੁਰੂ ਨਾਨਕ ਸਾਹਿਬ ਦੇ ਗੁਰਦੁਆਰਾ ਸਾਹਿਬ ਗਿਆਨ ਗੋਦੜੀ, ਗੁਰਦੁਆਰਾ ਡਾਂਗ ਮਾਰ ਸਾਹਿਬ ਤੇ ਗੁਰਦੁਆਰਾ ਮੰਗ ਮੱਠੂ ਨੂੰ ਉਥੋਂ ਦੀ ਸਰਕਾਰ ਦੁਆਰਾ ਢਾਹ ਦਿੱਤੇ ਜਾਣ ‘ਤੇ ਮੁੜ ਉਸਾਰੀ ਦਾ ਹਵਾਲਾ ਦਿੱਤਾ ਹੈ। ਇਸ ਮੌਕੇ ਐਡਵੋਕੇਟ ਅਮਰ ਸਿੰਘ ਚਾਹਲ, ਬਲਬੀਰ ਸਿੰਘ ਹਿਸਾਰ, ਬਲਦੇਵ ਸਿੰਘ ਨਵਾਂ ਪਿੰਡ, ਮਹਾਂਬੀਰ ਸਿੰਘ ਸੁਲਤਾਨਵਿੰਡ ਤੇ ਐਡਵੋਕੇਟ ਦਿਲਸ਼ੇਰ ਸਿੰਘ ਆਦਿ ਹਾਜ਼ਰ ਸਨ।


rajwinder kaur

Content Editor

Related News