ਬੇਕਾਬੂ ਸਕੂਟਰੀ ਦਰੱਖ਼ਤ ਨਾਲ ਟਕਰਾਈ, ਬਜ਼ੁਰਗ ਪਤੀ-ਪਤਨੀ ਦੀ ਮੌਤ

09/18/2020 11:35:42 AM

ਬਟਾਲਾ/ਅੱਚਲ ਸਾਹਿਬ (ਬੇਰੀ, ਖੋਖਰ) : ਅੱਡਾ ਅੱਚਲ ਸਾਹਿਬ ਦੇ ਨਜ਼ਦੀਕ ਇਕ ਸਕੂਟਰੀ ਦੇ ਦਰੱਖਤ ਨਾਲ ਟਕਰਾਉਣ ਕਾਰਣ ਬਜ਼ੁਰਗ ਪਤੀ-ਪਤਨੀ ਦੀ ਮੌਤ ਹੋ ਗਈ ਹੈ। ਇਸ ਸਬੰਧੀ ਮ੍ਰਿਤਕ ਦੇ ਚਚੇਰੇ ਭਰਾ ਹਰਵਿੰਦਰ ਸਿੰਘ ਪੁੱਤਰ ਬਾਵਾ ਸਿੰਘ ਵਾਸੀ ਘੁੰਮਣ ਕਲਾਂ ਨੇ ਦੱਸਿਆ ਕਿ ਉਸਦਾ ਵੱਡਾ ਭਰਾ ਗੁਰਬਚਨ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਘੁੰਮਣ ਕਲਾਂ ਪਤਨੀ ਜਗੀਰ ਕੌਰ ਨਾਲ ਬਾਬਾ ਬਕਾਲਾ ਸਾਹਿਬ ਤੋਂ ਮੱਥਾ ਟੇਕ ਕੇ ਸਕੂਟਰੀ ਨੰ. ਪੀ.ਬੀ.06.ਏ.ਜੀ.7558 'ਤੇ ਸਵਾਰ ਹੋ ਕੇ ਪਿੰਡ ਵਾਪਸ ਜਾ ਰਿਹਾ ਸੀ। ਜਦ ਉਕਤ ਪਤੀ-ਪਤਨੀ ਅੱਡਾ ਅੱਚਲ ਸਾਹਿਬ ਦੇ ਨਜ਼ਦੀਕ ਪਹੁੰਚੇ ਤਾਂ ਅਚਾਨਕ ਸਕੂਟਰੀ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਣ ਉਸਦੀ ਭਰਜਾਈ ਜਗੀਰ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਉਸਦਾ ਭਰਾ ਗੁਰਬਚਨ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸਨੂੰ ਇਲਾਜ ਲਈ ਅੰਮ੍ਰਿਤਸਰ ਲੈ ਜਾਇਆ ਜਾ ਰਿਹਾ ਸੀ ਕਿ ਰਸਤੇ ਵਿਚ ਉਸਨੇ ਵੀ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ : ਪਾਵਨ ਸਰੂਪਾਂ ਦੇ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮੁਲਜ਼ਮਾਂ ਨੂੰ ਸੁਣਾਈ ਧਾਰਮਿਕ ਸਜ਼ਾ

ਇਸ ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਰੰਗੜ ਨੰਗਲ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਹਾਦਸਾਗ੍ਰਸਤ ਸਕੂਟਰੀ ਨੂੰ ਕਬਜ਼ੇ ਵਿਚ ਲੈਂਦੇ ਹੋਏ ਲਾਸ਼ਾਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤੀਆਂ ਹਨ। ਖ਼ਬਰ ਲਿਖੇ ਜਾਣ ਤੱਕ ਪੁਲਸ ਕਾਰਵਾਈ ਜਾਰੀ ਸੀ।
 


Baljeet Kaur

Content Editor

Related News