ਗੁਰ ਇਤਿਹਾਸ ਵਿਗਾੜਨ ''ਤੇ ਮੁੱਖ ਮੰਤਰੀ ਸਿੱਖ ਜਗਤ ਤੋਂ ਮੰਗੇ ਮੁਆਫੀ : ਭਾਈ ਲੌਂਗੋਵਾਲ

Friday, Nov 09, 2018 - 07:51 PM (IST)

ਅੰਮ੍ਰਿਤਸਰ— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚੰਡੀਗੜ੍ਹ ਵਿਖੇ ਚੱਲ ਰਹੇ ਆਪਣੇ ਸਿੱਖ ਇਤਿਹਾਸਕ ਸਰੋਤ ਸੰਪਾਦਨਾ ਪ੍ਰਾਜੈਕਟ ਦੇ ਡਾਇਰੈਕਟਰ ਡਾ. ਕਿਰਪਾਲ ਸਿੰਘ ਨੂੰ ਪ੍ਰਾਜੈਕਟ ਦੇ ਕਾਰਜਾਂ ਤੋਂ ਲਾਂਭੇ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੀ ਪੁਸਤਕ 'ਚ ਸਿੱਖ ਇਤਿਹਾਸ ਨੂੰ ਵਿਗਾੜਨ ਦੇ ਮਾਮਲੇ 'ਤੇ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸੰਤ ਸਮਾਜ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ ਦੇ ਨੁਮਾਇੰਦਿਆਂ ਅਤੇ ਸਿੱਖ ਬੁੱਧੀਜੀਵੀਆਂ ਨਾਲ ਇਕੱਤਰਤਾ ਦੌਰਾਨ ਸਾਹਮਣੇ ਆਏ ਵਿਚਾਰਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਹ ਫੈਸਲਾ ਲਿਆ ਹੈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗੁਰ ਇਤਿਹਾਸ ਵਿਗਾੜਨ ਦੀ ਅਵੱਗਿਆ ਬਦਲੇ ਸਿੱਖ ਜਗਤ ਤੋਂ ਖੁੱਲੇਆਮ ਮੁਆਫ਼ੀ ਮੰਗਣ ਲਈ ਕਿਹਾ ਹੈ । 

ਡਾ. ਕਿਰਪਾਲ ਸਿੰਘ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਇਤਿਹਾਸ ਦੇ ਪੁਰਾਤਨ ਸਰੋਤਾਂ ਨੂੰ ਸੰਪਾਦਤ ਕਰਨ ਦਾ ਕਾਰਜ ਕਰਵਾ ਰਹੇ ਸਨ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਨੇ ਸਿਲੇਬਸ ਤਿਆਰ ਕਰਨ ਵਾਲੀ ਕਮੇਟੀ ਦਾ ਚੇਅਰਮੈਨ ਲਗਾਇਆ ਸੀ। ਸਿੱਖ ਨੁਮਾਇੰਦਿਆਂ ਨਾਲ ਇਕੱਤਰਤਾ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰ ਇਤਿਹਾਸ ਤੇ ਸਿੱਖ ਇਤਿਹਾਸ ਨੂੰ ਵਿਗਾੜਨ ਦੀ ਘਿਨੌਣੀ ਕਾਰਵਾਈ ਵਿਰੁੱਧ ਸਿੱਖ ਜਗਤ 'ਚ ਭਾਰੀ ਰੋਸ ਹੈ ਅਤੇ ਅੱਜ ਦੀ ਇਕੱਤਰਤਾ ਦੌਰਾਨ ਸਾਰੇ ਸਿੱਖ ਨੁਮਾਇੰਦਿਆਂ ਨੇ ਪੰਜਾਬ ਸਰਕਾਰ ਦੀ ਕਰੜੇ ਸ਼ਬਦਾਂ 'ਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕੱਤਰਤਾ ਦੌਰਾਨ ਸਾਰੇ ਬੁਲਾਰਿਆਂ ਨੇ ਇਕ ਰਾਏ ਹੋ ਕੇ ਪੰਜਾਬ ਦੇ ਮੁੱਖ ਮੰਤਰੀ ਸ. ਅਮਰਿੰਦਰ ਸਿੰਘ ਨੂੰ ਗੁਰ ਇਤਿਹਾਸ ਵਿਗਾੜਨ ਦੀ ਅਵੱਗਿਆ ਬਦਲੇ ਸਿੱਖ ਜਗਤ ਤੋਂ ਮੁਆਫ਼ੀ ਮੰਗਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਕੱਤਰਤਾ ਦੌਰਾਨ ਆਏ ਵਿਚਾਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਅਗਾਮੀ ਜਨਰਲ ਹਾਊਸ ਵਿਚ ਵਿਚਾਰਿਆ ਜਾਵੇਗਾ ਅਤੇ ਜੇਕਰ ਕੈਪਟਨ ਅਮਰਿੰਦਰ ਸਿੰਘ ਨੇ ਮੁਆਫ਼ੀ ਨਾ ਮੰਗੀ ਤਾਂ ਸ਼੍ਰੋਮਣੀ ਕਮੇਟੀ ਕਾਨੂੰਨੀ ਕਾਰਵਾਈ ਨੂੰ ਅੰਜਾਮ ਦੇਵੇਗੀ। ਡਾ. ਕਿਰਪਾਲ ਸਿੰਘ ਨੂੰ ਸੇਵਾਵਾਂ ਤੋਂ ਫਾਰਗ ਕਰਨ ਸਬੰਧੀ ਭਾਈ ਲੌਂਗੋਵਾਲ ਨੇ ਆਖਿਆ ਕਿ ਗੁਰ ਇਤਿਹਾਸ ਬਾਰੇ ਗਲਤ ਤੱਥ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਨੇ ਆਪਣੀ ਗਲਤੀ ਸਵੀਕਾਰਨ ਦੀ ਬਜਾਏ ਕਿਤਾਬ 'ਚ ਸ਼ਾਮਲ ਗਲਤ ਤੱਥਾਂ ਨੂੰ ਸਹੀ ਠਹਿਰਾਉਣ ਦਾ ਯਤਨ ਕੀਤਾ।


Related News