ਸ਼੍ਰੋਮਣੀ ਕਮੇਟੀ ਹਰਿਆਣਾ ''ਚ ਗੁਰਦੁਆਰੇ ''ਤੇ ਹਮਲੇ ਦੇ ਪੀੜਤਾਂ ਦੀ ਕਰੇਗੀ ਸਹਾਇਤਾ : ਭਾਈ ਲੌਂਗੋਵਾਲ

03/25/2019 7:44:10 PM

ਅੰਮ੍ਰਿਤਸਰ/ਪਟਿਆਲਾ,(ਦੀਪਕ ਸ਼ਰਮਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੇ ਕੈਥਲ ਜ਼ਿਲੇ 'ਚ ਪੈਂਦੇ ਪਿੰਡ ਬਦਸੂਈ ਵਿਖੇ ਦੰਗਾਕਾਰੀਆਂ ਵਲੋਂ ਗੁਰਦੁਆਰਾ ਸਾਹਿਬ 'ਤੇ ਕੀਤੇ ਹਮਲੇ ਦੌਰਾਨ ਮਾਰੇ ਗਏ ਸਿੱਖ ਸ਼ਮਸ਼ੇਰ ਸਿੰਘ ਦੇ ਪੀੜਤ ਪਰਿਵਾਰ ਨੂੰ 2 ਲੱਖ ਰੁਪਏ ਤੇ ਜ਼ਖ਼ਮੀਆਂ ਨੂੰ 25-25 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਭਾਈ ਲੌਂਗੋਵਾਲ ਇਥੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਜ਼ੇਰੇ ਇਲਾਜ਼ ਜ਼ਖ਼ਮੀਆਂ ਦਾ ਪਤਾ ਲੈਣ ਲਈ ਪੁੱਜੇ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੱਲਬਾਤ ਕਰਦਿਆਂ ਕਿਹਾ ਕਿ ਹਰਿਆਣਾ ਵਿਖੇ ਵਾਪਰੀ ਘਟਨਾ ਅਤਿਅੰਤ ਨਿੰਦਣਯੋਗ ਹੈ ਅਤੇ ਹਰਿਆਣਾ ਸਰਕਾਰ ਨੂੰ ਇਸ ਘਟਨਾ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਪੀੜਤ ਸਿੱਖਾਂ ਦੇ ਨਾਲ ਹਮਦਰਦੀ ਪ੍ਰਗਟ ਕਰਦੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਮਾਰੇ ਗਏ ਇਕ ਸਿੱਖ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵਲੋਂ 2 ਲੱਖ ਰੁਪਏ ਦਿੱਤੇ ਜਾਣਗੇ। ਇਸ ਤੋਂ ਇਲਾਵਾ ਜ਼ਖ਼ਮੀਆਂ ਦੇ ਇਲਾਜ ਲਈ ਵੀ 25-25 ਹਜ਼ਾਰ ਰੁਪਏ ਦੀ ਆਰਥਿਕ ਮੱਦਦ ਕੀਤੀ ਜਾਵੇਗੀ। ਉਨ੍ਹਾਂ ਦੋਸ਼ ਲਗਾਇਆ ਕਿ ਦੇਸ਼ ਭਰ ਅੰਦਰ ਘਟਗਿਣਤੀਆਂ 'ਤੇ ਲਗਾਤਾਰ ਹਮਲੇ ਹੋ ਰਹੇ ਹਨ, ਜਿਸ ਨੂੰ ਰੋਕਣ ਲਈ ਸਰਕਾਰਾਂ ਨੂੰ ਸਖ਼ਤੀ ਵਰਤਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਘਟਨਾ ਲਈ ਜ਼ੁੰਮੇਵਾਰਾਂ ਨੂੰ ਸਜ਼ਾਵਾਂ 'ਚ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ। ਉਨ੍ਹਾਂ ਸ਼੍ਰੋਮਣੀ ਕਮੇਟੀ ਵਲੋਂ ਪੀੜਤਾਂ ਨੂੰ ਕਾਨੂੰਨੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਇਸ ਮਾਮਲੇ ਸਬੰਧੀ ਮੁਕੰਮਲ ਤੱਥ ਜਾਣਨ ਲਈ ਪੜਤਾਲ ਕਰਵਾਈ ਜਾ ਰਹੀ ਹੈ ਤਾਂ ਜੋ ਸਥਾਨਕ ਸਿਖਾਂ ਦੀ ਸਹਾਇਤਾ ਲਈ ਕਾਰਵਾਈ ਕੀਤੀ ਜਾ ਸਕੇ।


Deepak Kumar

Content Editor

Related News