ਭੋਪਾਲ ਤੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ

Thursday, Aug 04, 2022 - 12:59 PM (IST)

ਭੋਪਾਲ ਤੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ

ਅੰਮ੍ਰਿਤਸਰ (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਲਈ ਕਈ ਤਰ੍ਹਾਂ ਦੇ ਉਪਰਾਲੇ ਆਰੰਭੇ ਹੋਏ ਹਨ। ਜਿਸ ਤਹਿਤ ਜਿਥੇ ਇਨ੍ਹਾਂ ਦੇ ਬੱਚਿਆਂ ਦੀ ਫੀਸਾਂ ਦਾ ਪ੍ਰਬੰਧ ਕੀਤਾ ਗਿਆ ਹੈ, ਉਥੇ ਹੀ ਸਿਕਲੀਗਰ ਤੇ ਵਣਜਾਰੇ ਸਿੱਖਾਂ ਨੂੰ ਸਿੱਖ ਧਰਮ ਤੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸਮੇਂ-ਸਮੇਂ ਜਥਿਆਂ ਦੇ ਰੂਪ ਵਿਚ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਦਾ ਪ੍ਰਬੰਧ ਵੀ ਕੀਤਾ ਜਾਂਦਾ ਹੈ। ਇਸੇ ਤਹਿਤ ਭੋਪਾਲ ਤੋਂ ਇਕ ਜਥਾ ਦਲੀਪ ਸਿੰਘ ਦੀ ਅਗਵਾਈ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪੁੱਜਾ ਹੈ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੀ-ਆਇਆਂ ਕਿਹਾ। 

ਇਹ ਜਥਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਸਮੇਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਾ ਹੈ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿਕਲੀਗਰ ਅਤੇ ਵਣਜਾਰੇ ਸਿੱਖ ਕੌਮ ਦਾ ਅਹਿਮ ਅੰਗ ਹਨ, ਜਿਨ੍ਹਾਂ ਦੀ ਭਲਾਈ ਲਈ ਸ਼੍ਰੋਮਣੀ ਕਮੇਟੀ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਉਨ੍ਹਾਂ ਦੀਆਂ ਸਕੂਲ ਫੀਸਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ ਅਤੇ ਪਿਛਲੇ ਸਮੇਂ ਦੌਰਾਨ ਇਨ੍ਹਾਂ ਸਿੱਖ ਪਰਿਵਾਰਾਂ ਨੂੰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਵਾਉਣ ਦਾ ਵੀ ਫ਼ੈਸਲਾ ਕੀਤਾ ਗਿਆ ਸੀ। 

ਉਨ੍ਹਾਂ ਕਿਹਾ ਕਿ ਇਸੇ ਤਹਿਤ 315 ਸ਼ਰਧਾਲੂਆਂ ਦਾ ਜਥਾ ਪੰਜਾਬ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਪੁੱਜਾ ਹੈ। ਸ਼੍ਰੋਮਣੀ ਕਮੇਟੀ ਸਿਕਲੀਗਰ ਸਿੱਖਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਹਰ ਸੰਭਵ ਸਹਾਇਤਾ ਦੇਣ ਲਈ ਵਚਨਬਧ ਹੈ ਅਤੇ ਇਸ ਦਿਸ਼ਾ ਵਿਚ ਨਿਰੰਤਰ ਕਾਰਜ ਕੀਤੇ ਜਾਣਗੇ। ਜਥੇ ਦੇ ਆਗੂ ਦਲੀਪ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਗਏ ਮਾਣ-ਸਨਮਾਣ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀ ਯਾਤਰਾ ਲਈ ਕੀਤੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਜਥੇ ਵਿਚ ਆਈਆਂ ਸੰਗਤਾਂ ਅੰਦਰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਭਾਰੀ ਉਤਸ਼ਾਹ ਸੀ।


author

rajwinder kaur

Content Editor

Related News