ਬੀਬੀ ਜਗੀਰ ਕੌਰ ਨੇ ਗਲੋਬਲ ਸਿੱਖ ਕੌਂਸਲ ਨਾਲ ਆਨਲਾਈਨ ਬੈਠਕ ਕਰਕੇ ਸਿੱਖ ਮਸਲੇ ਵਿਚਾਰੇ

08/04/2021 2:21:20 PM

ਅੰਮ੍ਰਿਤਸਰ (ਬਿਊਰੋ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਗਲੋਬਲ ਸਿੱਖ ਕੌਂਸਲ ਦੇ ਅਹੁਦੇਦਾਰਾਂ ਨਾਲ ਆਨਲਾਈਨ ਬੈਠਕ ਕਰਕੇ ਪੰਥ ਦੇ ਅਹਿਮ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਗਲੋਬਲ ਸਿੱਖ ਕੌਂਸਲ ਦੁਨੀਆਂ ਦੇ 30 ਦੇਸ਼ਾਂ ਦੇ ਸਿੱਖਾਂ ’ਤੇ ਅਧਾਰਿਤ ਸੰਸਥਾ ਹੈ, ਜੋ ਸਿੱਖ ਕੌਮ ਨੂੰ ਗਲੋਬਲ ਪੱਧਰ ’ਤੇ ਉਭਾਰਨ ਲਈ ਯਤਨਸ਼ੀਲ ਹੈ।

ਕੌਂਸਲ ਦੇ ਮੈਂਬਰਾਂ ਨਾਲ ਇਕੱਤਰਤਾ ਕਰਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਸ਼ਵ ਅੰਦਰ ਵੱਸਦੇ ਸਿੱਖਾਂ ਦੇ ਮਸਲਿਆਂ ਸਬੰਧੀ ਚਰਚਾ ਕਰਨ ਦੇ ਨਾਲ-ਨਾਲ ਸਿੱਖ ਵਿਰਾਸਤ ਦੀ ਸਾਂਭ-ਸੰਭਾਲ ਬਾਰੇ ਵੀ ਵਿਚਾਰ ਲਏ। ਕੌਂਸਲ ਦੇ ਮੈਂਬਰਾਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਸਿੱਖਾਂ ਦੀਆਂ ਵਿਸ਼ਵੀ ਪ੍ਰਾਪਤੀਆਂ ਦੇ ਨਾਲ-ਨਾਲ ਸਮੇਂ ਸਮੇਂ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰ ਵਿਚ ਦੱਸਿਆ। ਕੌਂਸਲ ਮੈਂਬਰਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਵਿਚ ਕਾਰਸੇਵਾ ਦੌਰਾਨ ਸਾਹਮਣੇ ਆਈ ਇਮਾਰਤ ਸਬੰਧੀ ਸ਼ਾਂਤਮਈ ਢੰਗ ਨਾਲ ਬੈਠ ਕੇ ਢੁੱਕਵਾਂ ਫੈਸਲਾ ਲੈਣ ਦੀ ਸਲਾਹ ਦਿੱਤੀ। ਉਨ੍ਹਾਂ ਦਾ ਵਿਚਾਰ ਸੀ ਕਿ ਪੁਰਾਣੀਆਂ ਇਮਾਰਤਾਂ ਸਾਨੂੰ ਆਪਣੇ ਮੂਲ ਨਾਲ ਜੋੜਦੀਆਂ ਹਨ ਅਤੇ ਇਤਿਹਾਸਕ ਮਹੱਤਤਾ ਰੱਖਦੀਆਂ ਹਨ ਇਸ ਲਈ ਇਨ੍ਹਾਂ ਦੀ ਸੰਭਾਲ ਜਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਉਛਾਲਣਾ ਨਹੀਂ ਚਾਹੀਦਾ, ਸਗੋਂ ਇਸ ਦੇ ਸਰਲੀਕਰਣ ਲਈ ਮਿਲ-ਬੈਠ ਕੇ ਹੱਲ ਕੱਢਣਾ ਚਾਹੀਦਾ ਹੈ। 

ਇਹ ਵੀ ਪੜ੍ਹੋ : ਨਵਜੋਤ ਸਿੱਧੂ ਪ੍ਰਧਾਨਗੀ ਦੇ ਨਸ਼ੇ ਵਿੱਚ ਗੁਰ-ਅਸਥਾਨਾਂ ਦੀ ਮਰਿਯਾਦਾ ਨਾ ਭੁੱਲਣ: ਬੀਬੀ ਜਗੀਰ ਕੌਰ

ਇਕੱਤਰਤਾ ਦੌਰਾਨ ਆਏ ਸੁਝਾਵਾਂ ਅਤੇ ਵਿਚਾਰਾਂ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਤਿਹਾਸਕ ਮਹੱਤਤਾ ਵਾਲੀਆਂ ਇਮਾਰਤਾਂ ਨੂੰ ਸਾਂਭਣ ਲਈ ਪੰਥਕ ਵਿਦਵਾਨਾਂ ਅਤੇ ਇਤਿਹਾਸਕਾਰਾਂ ਨਾਲ ਸਲਾਹ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਪ੍ਰਤੀਨਿਧ ਸੰਸਥਾ ਹੈ, ਪਰੰਤੂ ਕੁਝ ਲੋਕ ਜਾਣਬੁਝ ਕੇ ਸੰਸਥਾ ਨੂੰ ਬਦਨਾਮ ਕਰਨ ਦੇ ਯਤਨ ਵਿਚ ਹਨ। ਅਜਿਹਾ ਹੀ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਕਾਰਸੇਵਾ ਦੌਰਾਨ ਸਾਹਮਣੇ ਆਈ ਇਮਾਰਤ ਦੇ ਮਾਮਲੇ ਵਿਚ ਹੋਇਆ ਹੈ। ਇਹ ਇਮਾਰਤ ਸ਼੍ਰੋਮਣੀ ਕਮੇਟੀ ਵੱਲੋਂ ਕਾਰਸੇਵਾ ਦੌਰਾਨ ਸਾਹਮਣੇ ਆਈ ਹੈ ਅਤੇ ਇਸ ਦੇ ਆਲੇ-ਦੁਆਲੇ ਨੂੰ ਛੱਡ ਕੇ ਬਾਕੀ ਥਾਂ ’ਤੇ ਹੀ ਸੇਵਾ ਚੱਲ ਰਹੀ ਹੈ। ਪਹਿਲੇ ਦਿਨ ਤੋਂ ਹੀ ਇਸ ਨੂੰ ਹੂਬਹੂ ਸਥਿਤੀ ਵਿਚ ਰੱਖਿਆ ਹੋਇਆ ਹੈ। ਇਸ ਦੀ ਪੜਤਾਲ ਸ੍ਰੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਰਾਹੀਂ ਚੱਲ ਰਹੀ ਹੈ। ਪਹਿਲਾਂ ਪੁਰਾਤਤਵ ਵਿਭਾਗ ਦੀ ਟੀਮ ਨੇ ਇਸ ਦਾ ਮੁਆਇਨਾ ਕੀਤਾ ਹੈ ਅਤੇ ਹੁਣ ਜ਼ਿਲ੍ਹਾ ਪ੍ਰਸਾਸ਼ਨ ਰਾਹੀਂ ਟੂਰਿਜ਼ਮ ਵਿਭਾਗ ਕੋਲ ਕੇਸ ਭੇਜਿਆ ਜਾ ਚੁੱਕਾ ਹੈ। ਬੀਬੀ ਜਗੀਰ ਕੌਰ ਨੇ ਕੌਂਸਲ ਮੈਂਬਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਇਮਾਰਤ ਨੂੰ ਮਾਹਿਰਾਂ ਦੀ ਰਾਇ ਅਨੁਸਾਰ ਸੰਭਾਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੀ ਇਸ ਮਾਮਲੇ ਵਿਚ ਯੂਨੀਵਰਸਿਟੀ ਦੇ ਮਾਹਿਰਾਂ ਨਾਲ ਰਾਬਤਾ ਬਣਾਇਆ ਹੋਇਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗਲੋਬਲ ਸਿੱਖ ਕੌਂਸਲ ਦੇ ਮੈਂਬਰਾਂ ਵੱਲੋਂ ਪੰਥਕ ਮਸਲਿਆਂ ‘ਤੇ ਸੰਵਾਦ ਰਚਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ : ਮਰਯਾਦਾ ਦੀ ਉਲੰਘਣਾ ਦਾ ਮਾਮਲਾ: ਗੁਰਦੁਆਰਾ ਨਾਨਕਮਤਾ ਸਾਹਿਬ ਦੀ ਮੌਜੂਦਾ ਪ੍ਰਬੰਧਕ ਕਮੇਟੀ ਨੇ ਦਿੱਤੇ ਅਸਤੀਫ਼ੇ

Harnek Seechewal

This news is Content Editor Harnek Seechewal