ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ ਪੁਲਸ ਦੀ ਵੱਡੀ ਕਾਰਵਾਈ, 10 ਗੱਟੂਆਂ ਸਮੇਤ 1 ਗ੍ਰਿਫਤਾਰ
Friday, Oct 18, 2024 - 05:31 AM (IST)
ਅੰਮ੍ਰਿਤਸਰ (ਜਸ਼ਨ) - ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਬੀਤੇ ਦਿਨੀਂ ਵੇਰਕਾ ਵਾਸੀ ਰਾਜਨ, ਜਿਸ ਦਾ ਗਲਾ ਚਾਈਨਾ ਡੋਰ ਨਾਲ ਵੱਢਿਆ ਗਿਆ ਸੀ, ਦੀ ਘਟਨਾ ਨੂੰ ਲੈ ਕੇ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਤੁਰੰਤ ਸਾਰੇ ਥਾਣਿਆਂ ਅਤੇ ਪੁਲਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਪੱਸ਼ਟ ਹੁਕਮ ਜਾਰੀ ਕੀਤੇ ਹਨ ਕਿ ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਹੈ ਕਿ ਜੋ ਵੀ ਇਹ ਖੂਨੀ ਡੋਰੀ ਵੇਚਦਾ ਹੈ, ਉਸ ਨੂੰ ਤੁਰੰਤ ਗ੍ਰਿਫਤਾਰ ਕਰ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਪੱਸ਼ਟ ਕਿਹਾ ਹੈ ਕਿ ਜੋ ਵੀ ਇਸ ਖੂਨੀ ਡੋਰ ਨੂੰ ਵੇਚਦਾ ਜਾਂ ਵਰਤਦਾ ਫੜਿਆ ਗਿਆ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਸ ਡੋਰ ‘ਤੇ ਪਹਿਲਾਂ ਹੀ ਪਾਬੰਦੀ ਹੈ ਅਤੇ ਅਧਿਕਾਰੀਆਂ ਨੇ ਇਸ ਸਬੰਧੀ ਹੁਕਮ ਵੀ ਜਾਰੀ ਕਰ ਦਿੱਤੇ ਹਨ। ਇਸ ਦੇ ਬਾਵਜੂਦ ਪੈਸੇ ਦੇ ਲਾਲਚੀ ਕੁਝ ਲੋਕ ਇਸ ਚਾਈਨਾ ਡੋਰ ਨੂੰ ਵੇਚ ਕੇ ਲੋਕਾਂ ਦੀਆਂ ਜਾਨਾਂ ਨਾਲ ਖੇਡ ਰਹੇ ਹਨ। ਉਨ੍ਹਾਂ ਚਾਈਨਾ ਡੋਰ ਵੇਚਣ ਵਾਲਿਆਂ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਇਸ ਮੁਹਿੰਮ ਤਹਿਤ ਥਾਣਾ ਸੁਲਤਾਨਵਿੰਡ ਦੀ ਪੁਲਸ ਨੇ ਕਾਰਵਾਈ ਕਰਦੇ ਹੋਏ ਇਕ ਮੁਲਜ਼ਮ ਨੂੰ ਚਾਈਨਾ ਡੋਰ ਦੇ 10 ਗੱਟੂ ਸਮੇਤ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਰਾਜਵਿੰਦਰ ਸਿੰਘ ਉਰਫ਼ ਫ਼ੌਜੀ ਵਾਸੀ ਪਿੰਡ ਦਬੁਰਜੀ ਵਜੋਂ ਹੋਈ ਹੈ।
ਇਸ ਸਬੰਧੀ ਏ. ਐੱਸ. ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਸੁਲਤਾਨਵਿੰਡ ਲਿੰਕ ਰੋਡ ਦੇ ਇਲਾਕੇ ਵਿਚ ਗਸ਼ਤ ਦੌਰਾਨ ਉਕਤ ਮੁਲਜ਼ਮ ਨੂੰ ਕਾਬੂ ਕਰ ਕੇ ਜਦੋਂ ਉਸਦੇ ਬੈਗ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਵਿੱਚੋਂ ਚਾਈਨਾ ਡੋਰ ਦੇ 10 ਗਟੂ ਬਰਾਮਦ ਹੋਏ। ਪੁਲਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।