ਅੰਮ੍ਰਿਤਸਰ ਸੈਂਟਰਲ ’ਚ ਪਹੁੰਚੀ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ, ਲਾਹੌਰੀ ਗੇਟ ਤੋਂ ਹਾਲ ਗੇਟ ਤੱਕ ਕੱਢਿਆ ਮਾਰਚ
Thursday, Sep 24, 2026 - 02:32 PM (IST)
ਅੰਮ੍ਰਿਤਸਰ (ਬਿਊਰੋ)- ਅੰਮ੍ਰਿਤਸਰ ਸੈਂਟਰਲ ਵਿਧਾਨ ਸਭਾ ਹਲਕੇ 'ਚ ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਪਹੁੰਚੀ। ਲਾਹੌਰੀ ਗੇਟ ਸਥਿਤ ਭਾਜਪਾ ਦਫ਼ਤਰ ਤੋਂ ਸ਼ੁਰੂ ਹੋਈ ਇਹ ਯਾਤਰਾ ਹਾਲ ਗੇਟ ਵੱਲ ਰਵਾਨਾ ਹੋਈ। ਇਸ ਦੌਰਾਨ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਦਾ ਸੰਦੇਸ਼ ਦਿੱਤਾ ਗਿਆ। ਭਾਜਪਾ ਦੀ ਇਹ 13 ਦਿਨਾਂ ਮੁਹਿੰਮ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਤੱਕ ਪਹੁੰਚਣ ਲਈ ਚਲਾਈ ਜਾ ਰਹੀ ਹੈ। ਇਸ ਮੌਕੇ ਭਾਜਪਾ ਦੇ ਰਾਜ ਸਭਾ ਮੈਂਬਰ ਅਤੇ ਰਾਸ਼ਟਰੀ ਹੈੱਡਕੁਆਰਟਰ ਇੰਚਾਰਜ ਤਰੁਣ ਚੁੱਘ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਥਿਤੀ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਲਗਾਤਾਰ ਨਸ਼ੇ ਖਿਲਾਫ ਆਪਣੀ ਆਵਾਜ਼ ਬੁਲੰਦ ਕਰ ਰਹੀ ਹੈ ਅਤੇ ਇਸ ਬਿਮਾਰੀ ਨੂੰ ਜੜ੍ਹ ਤੋਂ ਖਤਮ ਕਰਨ ਲਈ ਯਤਨ ਕਰ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ ਪਿਸਤੌਲਾਂ ਦੀ ਖੇਪ ਫੜੀ
ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਪਾਰਟੀ ਵੱਲੋਂ ਚਾਰ ਨਸ਼ਾ ਵਿਰੋਧੀ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਮਕਸਦ ਲੋਕਾਂ ਵਿੱਚ ਨਸ਼ਿਆਂ ਖਿਲਾਫ ਜਾਗਰੂਕਤਾ ਪੈਦਾ ਕਰਨਾ ਹੈ। ਇਹ ਯਾਤਰਾਵਾਂ ਮਿਲ ਕੇ ਕਰੀਬ 4 ਹਜ਼ਾਰ ਕਿਲੋਮੀਟਰ ਦਾ ਸਫ਼ਰ ਤੈਅ ਕਰਦੀਆਂ ਹੋਈਆਂ 117 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰ ਰਹੀਆਂ ਹਨ। ਤਰੁਣ ਚੁੱਘ ਨੇ ਕਿਹਾ ਕਿ ਯਾਤਰਾ ਦੌਰਾਨ ਜਦੋਂ ਨਸ਼ੇ ਤੋਂ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਗਈ ਤਾਂ ਪੰਜਾਬ ਦੇ ਹਾਲਾਤ ਦੀ ਗੰਭੀਰਤਾ ਸਾਹਮਣੇ ਆਈ। ਉਨ੍ਹਾਂ ਦਾਅਵਾ ਕੀਤਾ ਕਿ ਕਈ ਪਰਿਵਾਰਾਂ ਨੇ ਆਪਣੇ ਨੌਜਵਾਨ ਪੁੱਤਰ ਨਸ਼ਿਆਂ ਕਾਰਨ ਗੁਆਏ ਹਨ ਅਤੇ ਇਸ ਸਮੱਸਿਆ ਨੇ ਘਰਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੀ ਜਵਾਨੀ ਨਸ਼ਿਆਂ ਦੇ ਨਿਸ਼ਾਨੇ ’ਤੇ ਹੈ ਅਤੇ ਭਗਵੰਤ ਮਾਨ ਸਰਕਾਰ ਨਸ਼ਿਆਂ ਨੂੰ ਰੋਕਣ ਵਿੱਚ ਅਸਫਲ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾਸ਼, ਪਰਿਵਾਰ ਵੱਲੋਂ ਕਤਲ ਦਾ ਸ਼ੱਕ
ਤਰੁਣ ਚੁੱਘ ਨੇ ਕਿਹਾ ਕਿ ਨਸ਼ੇ ਦੇ ਨਾਲ-ਨਾਲ ਡਰੱਗ ਮਾਫੀਆ, ਗੈਂਗਸਟਰਵਾਦ, ਗੁੰਡਾਗਰਦੀ ਅਤੇ ਕਤਲੋਗਾਰਤ ਵਰਗੀਆਂ ਸਮੱਸਿਆਵਾਂ ਵੀ ਪੰਜਾਬ ਲਈ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਰਾਹੀਂ ਪਾਰਟੀ ਪੰਜ ਮੁੱਖ ਸੰਕਲਪ ਲੈ ਰਹੀ ਹੈ। ਇਨ੍ਹਾਂ ਵਿੱਚ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ, ਨਸ਼ਿਆਂ ਦੀ ਸਪਲਾਈ ਚੇਨ ਤੋੜਨਾ, ਡਰੱਗ ਮਨੀ ਅਤੇ ਗੈਂਗਸਟਰਾਂ ਖਿਲਾਫ ਕਾਰਵਾਈ, ਨਸ਼ੇ ਦੇ ਸ਼ਿਕਾਰ ਨੌਜਵਾਨਾਂ ਦਾ ਪੁਨਰਵਾਸ ਅਤੇ ਸਮਾਜ ਦੀ ਭਾਗੀਦਾਰੀ ਨਾਲ ਨਸ਼ੇ ਖਿਲਾਫ ਮੁਹਿੰਮ ਚਲਾਉਣਾ ਸ਼ਾਮਲ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਵਿਰੋਧੀ ਸਿਆਸੀ ਧਿਰਾਂ ’ਤੇ ਵੀ ਨਿਸ਼ਾਨਾ ਸਾਧਿਆ। ਤਰੁਣ ਚੁੱਗ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਵੀ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਪੁਲਿਸ ਥਾਣਿਆਂ ’ਤੇ ਗ੍ਰਨੇਡ ਹਮਲੇ, ਪੁਲਸ ਮੁਲਾਜ਼ਮਾਂ ’ਤੇ ਹਮਲੇ ਅਤੇ ਕਤਲ ਵਰਗੀਆਂ ਘਟਨਾਵਾਂ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੂੰ ਨਸ਼ਿਆਂ ਅਤੇ ਅਪਰਾਧਾਂ ਖਿਲਾਫ ਹੋਰ ਸਖ਼ਤ ਕਦਮ ਚੁੱਕਣ ਦੀ ਲੋੜ ਹੈ। ਭਾਜਪਾ ਆਗੂ ਨੇ ਕਿਹਾ ਕਿ ਪਾਰਟੀ ਇਸ ਯਾਤਰਾ ਰਾਹੀਂ ਪੰਜਾਬ ਦੇ ਲੋਕਾਂ ਨੂੰ ਨਾਲ ਲੈ ਕੇ ਨਸ਼ਿਆਂ ਦੇ ਖਿਲਾਫ ਜਨ-ਜਾਗਰਣ ਖੜ੍ਹਾ ਕਰੇਗੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
