ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹਰੀਕੇ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ

Friday, Apr 14, 2023 - 06:04 PM (IST)

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹਰੀਕੇ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ

ਹਰੀਕੇ ਪੱਤਣ (ਲਵਲੀ)- ਪੰਜਾਬ ਦੇ ਟਰਾਂਸਪੋਰਟ ਅਤੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਅੱਜ ਪੱਟੀ ਹਲਕੇ ਦੀਆਂ ਦਾਣਾ ਮੰਡੀਆਂ ਹਰੀਕੇ, ਦੁੱਬਲੀ, ਕੋਟਬੁੱਢਾ ਆਦਿ ਵਿਖੇ ਪਹੁੰਚ ਕੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਗਈ। ਉਨ੍ਹਾਂ ਦਾਣਾ ਮੰਡੀਆਂ ਵਿਚ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਅਤੇ ਸਰਕਾਰੀ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ।

ਇਹ ਵੀ ਪੜ੍ਹੋ- ਵਿਸਾਖੀ ਮੌਕੇ ਕਰਤਾਰਪੁਰ ਕੋਰੀਡੋਰ ਪਹੁੰਚੀ ਸੰਗਤ, ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਦੀ ਕੀਤੀ ਅਪੀਲ

ਉਨ੍ਹਾਂ ਕਿਹਾ ਕਿ ਮੰਡੀਆਂ ਵਿਚੋਂ ਕਣਕ ਦੀ ਸਮੇਂ ਸਿਰ ਲਿਫ਼ਟਿੰਗ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਕਣਕ ਲਿਆਉਣ ਸਮੇਂ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਅਧਿਕਾਰੀਆਂ ਨੂੰ ਫ਼ਸਲ ਦੀ ਅਦਾਇਗੀ ਵੀ ਸਮੇਂ ਸਿਰ ਕਰਨ ਦੇ ਨਿਰਦੇਸ਼ ਦਿੱਤੇ। ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਮੀਂਹ ਤੇ ਹਨੇਰੀ ਕਾਰਨ ਖ਼ਰਾਬ ਹੋਈ ਕਣਕ ਦੀ ਫ਼ਸਲ ਉੱਤੇ ਭਾਰਤ ਸਰਕਾਰ ਵਲੋਂ ਮੁੱਲ ਵਿਚ ਕੀਤੀ ਕਟੌਤੀ ਨਾਲ ਕਿਸਾਨਾਂ ਨੂੰ ਹੋਣ ਵਾਲੇ ਨੁਕਸਾਨ ਦੀ ਭਰਪਾਈ ਸੂਬਾ ਸਰਕਾਰ ਕਰੇਗੀ। ਉਨ੍ਹਾਂ ਅਫ਼ਸੋਸ ਜਤਾਇਆ ਕਿ ਜਦੋਂ ਕਿਸਾਨਾਂ ਨੂੰ ਬੇਮੌਸਮੀ ਮੀਂਹ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਸਹਿਣਾ ਪਿਆ ਹੈ ਤਾਂ ਕੇਂਦਰ ਸਰਕਾਰ ਕਿਸਾਨਾਂ ਦੀ ਇਸ ਔਖੇ ਸਮੇਂ ਵਿਚ ਬਾਂਹ ਫੜਨ ਤੋਂ ਮੁਨਕਰ ਹੋ ਗਈ ਹੈ।

ਇਹ ਵੀ ਪੜ੍ਹੋ- ਸਿੱਖਿਆ ਮੰਤਰੀ ਬੈਂਸ ਵੱਲੋਂ ਸਰਹੱਦੀ ਖੇਤਰਾਂ ਦੇ ਸਕੂਲਾਂ ਦਾ ਦੌਰਾ, ਕਹੀ ਵੱਡੀ ਗੱਲ

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਦੱਸ ਦੇਈਏ ਕਿ ਬੇਮੌਸਮੀ ਬਰਸਾਤ ਕਾਰਨ ਕਣਕ ਦੀ ਆਮਦ ਮੰਡੀਆਂ ਵਿਚ ਦੇਰੀ ਨਾਲ ਸ਼ੁਰੂ ਹੋਈ ਹੈ ਅਤੇ ਪੱਟੀ ਦੀਆਂ ਕਈ ਮੰਡੀਆਂ ਵਿਚ ਕਣਕ ਦੀ ਫ਼ਸਲ ਦੇਰੀ ਨਾਲ ਪਹੁੰਚੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ ਅਤੇ ਸੂਬਾ ਸਰਕਾਰ ਨੇ ਕਿਸਾਨਾਂ ਦੀਆਂ ਫ਼ਸਲਾਂ ਦੇ ਖ਼ਰਾਬੇ ਲਈ ਮੁਆਵਜ਼ਾ ਰਾਸ਼ੀ ਵਿਚ 25 ਫ਼ੀਸਦੀ ਵਾਧਾ ਕੀਤਾ ਹੈ। 

ਇਹ ਵੀ ਪੜ੍ਹੋ- ਨੌਜਵਾਨਾਂ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਵੱਲੋਂ 'ਪਰਿਵਰਤਨ' ਸਕੀਮ ਦਾ ਅਗਾਜ਼

ਉਨ੍ਹਾਂ ਕਿਹਾ ਕਿ 75 ਫ਼ੀਸਦੀ ਤੋਂ ਵੱਧ ਖ਼ਰਾਬੇ ਵਾਲੇ ਕਿਸਾਨਾਂ ਨੂੰ ਸੂਬਾ ਸਰਕਾਰ ਇਸ ਵਾਰ ਪ੍ਰਤੀ ਏਕੜ 15000 ਰੁਪਏ ਦਾ ਮੁਆਵਜ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ ਅਤੇ ਛੇਤੀ ਹੀ ਖ਼ਰਾਬੇ ਦਾ ਮੁਆਵਜ਼ਾ ਵੰਡ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿਚ ਕਿਸਾਨਾਂ ਦੇ ਨਾਲ ਖੜ੍ਹੀ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News