ਕੈਨੇਡਾ ਦੀ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

01/08/2020 10:32:36 PM

ਅੰਮ੍ਰਿਤਸਰ, (ਦੀਪਕ)- ਕੈਨੇਡਾ ਦੇ ਬਰੈਂਪਟਨ ਸਾਊਥ ਤੋਂ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਅੰਮ੍ਰਿਤਸਰ ਦੀ ਜੰਮਪਲ ਸੋਨੀਆ ਸਿੱਧੂ ਕੈਨੇਡਾ ਵਿਚ ਲਗਾਤਾਰ ਦੂਜੀ ਵਾਰ ਮੈਂਬਰ ਪਾਰਲੀਮੈਂਟ ਬਣੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਆਪਣੀ ਜਿੱਤ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਵਡਿਆਈ ਬਹੁਤ ਵੱਡੀ ਹੈ ਅਤੇ ਇਥੇ ਮੱਥਾ ਟੇਕ ਕੇ ਮਾਨਸਿਕ ਸਕੂਨ ਦਾ ਅਹਿਸਾਸ ਹੋਇਆ ਹੈ।

ਉਨ੍ਹਾਂ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਕੈਨੇਡਾ ਵਰਗੇ ਵਿਕਸਤ ਦੇਸ਼ ’ਚ ਪਾਰਲੀਮੈਂਟ ਮੈਂਬਰ ਵਜੋਂ ਸੇਵਾ ਮਿਲਣੀ ਗੁਰੂਆਂ ਦੀ ਬਖਸ਼ਿਸ਼ ਹੀ ਹੈ। ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸਨਮਾਨ ਚਿੰਨ੍ਹ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਡਾ. ਰੂਪ ਸਿੰਘ ਨੇ ਕਿਹਾ ਕਿ ਪੰਜਾਬੀਆਂ ਨੇ ਪੂਰੀ ਦੁਨੀਆ ’ਚ ਜੋ ਪ੍ਰਾਪਤੀਆਂ ਕੀਤੀਆਂ ਹਨ, ਉਨ੍ਹਾਂ ’ਚ ਵਿਰਸੇ ਦੀ ਅਮੀਰੀ ਦਾ ਅਹਿਮ ਯੋਗਦਾਨ ਹੈ। ਇਸ ਮੌਕੇ ਐੱਮ. ਪੀ. ਸੋਨੀਆ ਸਿੱਧੂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਹਰਿੰਦਰ ਸਿੰਘ ਤੇ ਜਤਿੰਦਰਪਾਲ ਸਿੰਘ ਵੀ ਮੌਜੂਦ ਸਨ।

Bharat Thapa

This news is Content Editor Bharat Thapa