ਨਸ਼ੇ ਦੀ ਓਵਰਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਸੀ ਮੌਤ, ਪੁਲਸ ਨੇ ਦੋ ਮੁਲਜ਼ਮਾਂ ਨੂੰ ਕੀਤਾ ਕਾਬੂ

01/22/2023 3:10:02 PM

ਤਰਨਤਾਰਨ (ਰਮਨ)- ਬੀਤੇ ਦਿਨੀਂ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਅੱਲੋਵਾਲ ਨਿਵਾਸੀ 16 ਸਾਲਾ 9ਵੀਂ ਜਮਾਤ ਵਿਚ ਪੜ੍ਹਦਾ ਮਾਪਿਆਂ ਦਾ ਇਕਲੌਤਾ ਨਾਬਾਲਿਗ ਪੁੱਤਰ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਦੀ ਭੇਟ ਚੜ੍ਹ ਗਿਆ ਸੀ। ਇਸ ਬਾਬਤ ਥਾਣਾ ਵੈਰੋਵਾਲ ਦੀ ਪੁਲਸ ਵਲੋਂ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕਰ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਪੁਲਸ ਨੂੰ ਇਸ ਮਾਮਲੇ ਵਿਚ ਦੋ ਮੁਲਜ਼ਮਾਂ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਹੋਈ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਵਿਚ ਬੀਤੇ ਕੁਝ ਦਿਨਾਂ ਦੌਰਾਨ ਨਸ਼ੇ ਦੀ ਓਵਰਡੋਜ਼ ਕਾਰਨ ਤਿੰਨ ਨੌਜਵਾਨਾਂ ਨੂੰ ਮੌਤ ਨੇ ਨਿਗਲ ਲਿਆ ਹੈ, ਜਿਸ ਨੂੰ ਵੇਖ ਪੁਲਸ ਪ੍ਰਸ਼ਾਸਨ ਵਲੋਂ ਨਸ਼ੇ ਉੱਪਰ ਲਗਾਈ ਗਈ ਰੋਕ ਦੇ ਦਾਅਵੇ ਹਵਾ ਹਵਾਈ ਹੁੰਦੇ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾ ਰਹੇ ਸ਼ਰਧਾਲੂ ਕੋਲੋਂ ਅਫ਼ੀਮ-ਭੁੱਕੀ ਬਰਾਮਦ

ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਨਿਵਾਸੀ ਪਿੰਡ ਅੱਲੋਵਾਲ ਦਾ 16 ਸਾਲਾ 9ਵੀਂ ਜਮਾਤ ਵਿਚ ਪੜ੍ਹਦਾ ਇਕਲੌਤਾ ਪੁੱਤਰ ਅਰੁਣਪ੍ਰੀਤ ਸਿੰਘ ਬੀਤੀ 16 ਜਨਵਰੀ ਦੀ ਸ਼ਾਮ ਨੂੰ ਕਿੱਧਰੇ ਚਲਾ ਗਿਆ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਕਿਸੇ ਵਿਅਕਤੀ ਵਲੋਂ ਫੋਨ ਕੀਤਾ ਗਿਆ ਕਿ ਉਨ੍ਹਾਂ ਦਾ ਮੁੰਡਾ ਪਿੰਡ ਧਾਰੜ ਦੀ ਹੱਦ ਕਿਨਾਰੇ ਸੜਕ ਉੱਪਰ ਬੇਹੋਸ਼ੀ ਦੀ ਹਾਲਤ ਵਿਚ ਡਿੱਗਾ ਪਿਆ ਹੈ, ਜਿਸ ਨੂੰ ਉਪਰੰਤ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਬੀਤੀ 17 ਜਨਵਰੀ ਨੂੰ ਅਰੁਣਪ੍ਰੀਤ ਸਿੰਘ ਨੇ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਦਿੱਤਾ। ਪਰਿਵਾਰਕ ਮੈਂਬਰਾਂ ਨੂੰ ਬਾਅਦ ਵਿਚ ਪਤਾ ਲੱਗਾ ਕਿ ਉਨ੍ਹਾਂ ਦਾ ਮੁੰਡਾ ਨਸ਼ੇ ਦਾ ਆਦੀ ਹੋ ਚੁੱਕਾ ਸੀ, ਜਿਸ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਇਸ ਮਾਮਲੇ ਸਬੰਧੀ ਥਾਣਾ ਵੈਰੋਵਾਲ ਦੀ ਪੁਲਸ ਵਲੋਂ ਅਰੁਣਪ੍ਰੀਤ ਸਿੰਘ ਦੇ ਪਿਤਾ ਦੇ ਬਿਆਨਾਂ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ।

ਇਹ ਵੀ ਪੜ੍ਹੋ- ਚੋਰੀ ਦੇ ਕੇਸ 'ਚ 7 ਸਾਲਾ ਬੱਚਾ ਅਦਾਲਤ 'ਚ ਪੇਸ਼, ਜੱਜ ਨੇ ਪੁਲਸ ਨੂੰ ਪਾਈ ਝਾੜ, ਜਾਣੋ ਪੂਰਾ ਮਾਮਲਾ

ਜਾਣਕਾਰੀ ਦਿੰਦੇ ਹੋਏ ਥਾਣਾ ਵੈਰੋਵਾਲ ਦੇ ਮੁਖੀ ਇੰਸਪੈਕਟਰ ਉਪਕਾਰ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਗੁਰਮੀਤ ਸਿੰਘ ਚੌਹਾਨ ਵਲੋਂ ਮਿਲੇ ਸਖ਼ਤ ਹੁਕਮਾਂ ਤੋਂ ਬਾਅਦ ਦੋ ਮੁਲਜ਼ਮਾਂ, ਜਿਨ੍ਹਾਂ ਦੀ ਪਹਿਚਾਣ ਪ੍ਰਤਾਪ ਸਿੰਘ ਪੁੱਤਰ ਸ਼ਰਨਜੀਤ ਸਿੰਘ ਵਾਸੀ ਮੀਆਂਵਿੰਡ ਅਤੇ ਲਵਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਨਿਵਾਸੀ ਪਿੰਡ ਧਾਰੜ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਵਲੋਂ ਅਰੁਣਪ੍ਰੀਤ ਸਿੰਘ ਨੂੰ ਨਸ਼ੇ ਦਾ ਟੀਕਾ ਲਗਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਪਾਸੋਂ ਬਰੀਕੀ ਨਾਲ ਪੜਤਾਲ ਸ਼ੁਰੂ ਕੀਤੀ ਗਈ ਹੈ, ਜਿਸ ਵਿਚ ਆਉਣ ਵਾਲੇ ਸਮੇਂ ਦੌਰਾਨ ਕੁਝ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News