ਸ਼੍ਰੋਮਣੀ ਕਮੇਟੀ ਨੇ ਕੇਂਦਰੀ ਜ਼ੇਲ ''ਚ ਕਰਵਾਇਆ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

11/21/2019 6:24:41 PM

ਅੰਮ੍ਰਿਤਸਰ,(ਦੀਪਕ ਸ਼ਰਮਾ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਥਾਨਕ ਕੇਂਦਰੀ ਜ਼ੇਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ 'ਚ ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਤੇ ਉਨ੍ਹਾਂ ਦੇ ਜੀਵਨ ਇਤਿਹਾਸ ਸਬੰਧੀ ਸੰਗਤਾਂ ਨੂੰ ਜਾਣੂ ਕਰਵਾਇਆ। ਜ਼ੇਲ ਅੰਦਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਹੋਏ ਇਸ ਗੁਰਮਤਿ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜੀਤ ਸਿੰਘ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ। ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਗੁਰਬਾਣੀ ਦੀ ਰੌਸ਼ਨੀ 'ਚ ਜੀਵਨ ਜਿਊਣ ਦੀ ਪ੍ਰੇਰਣਾ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮੁੱਚੀ ਮਾਨਵਤਾ ਲਈ ਪ੍ਰੇਰਣਾ ਦਾ ਸਮਾਂ ਦੱਸਿਆ।

ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਪੁਰਬ ਨੂੰ ਸਮਰਪਿਤ ਹੁੰਦਿਆਂ ਗੁਰੂ ਸਾਹਿਬ ਜੀ ਦੇ ਪਾਵਨ ਉਪਦੇਸ਼ਾਂ ਨੂੰ ਕਮਾਉਣਾ ਸਾਡੀ ਪਹਿਲ ਹੋਣੀ ਚਾਹੀਦੀ ਹੈ। ਇਹੀ ਗੁਰੂ ਸਾਹਿਬ ਨੂੰ ਸੱਚਾ-ਸੁੱਚਾ ਸਤਿਕਾਰ ਹੈ। ਇਸ ਦੌਰਾਨ ਪ੍ਰਚਾਰਕ ਭਾਈ ਸੁਖਵੰਤ ਸਿੰਘ ਨੇ ਵੀ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਮੌਕੇ ਜ਼ੇਲ ਪ੍ਰਸਾਸ਼ਨ ਵੱਲੋਂ ਡੀ. ਐਸ. ਪੀ. ਸ. ਬਲਵਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਦਾ ਸਮਾਗਮ 'ਚ ਭਰਵਾਂ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਪ੍ਰਚਾਰਕਾਂ ਨੂੰ ਹਰ ਸੰਗਰਾਂਦ ਸਮੇਂ ਜ਼ੇਲ•ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਪ੍ਰਚਾਰ ਲਈ ਸੱਦਾ ਦਿੱਤਾ।