ਕੇਂਦਰੀ ਸਿੱਖ ਅਜਾਇਬ ਘਰ ’ਚ ਜਥੇਦਾਰ ਵੇਦਾਂਤੀ ਸਮੇਤ ਚਾਰ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

08/03/2021 4:51:12 PM

ਅੰਮ੍ਰਿਤਸਰ(ਬਿਊਰੋ) : ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਦਲੀਪ ਸਿੰਘ ਮੱਲੂਨੰਗਲ, ਸੰਤ ਗਿਆਨੀ ਮੋਹਨ ਸਿੰਘ ਭਿੰਡਰ ਕਲਾਂ ਟਕਸਾਲ ਵਾਲੇ ਅਤੇ ਪ੍ਰਸਿੱਧ ਸਿੱਖ ਵਿਦਵਾਨ ਸ. ਸ਼ਮਸ਼ੇਰ ਸਿੰਘ ਅਸ਼ੋਕ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਨਿਭਾਈ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਰਾਜਦੀਪ ਸਿੰਘ ਵੱਲੋਂ ਕੀਤੀ ਗਈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਪ੍ਰਧਾਨਗੀ ਦੇ ਨਸ਼ੇ ਵਿੱਚ ਗੁਰ-ਅਸਥਾਨਾਂ ਦੀ ਮਰਿਯਾਦਾ ਨਾ ਭੁੱਲਣ: ਬੀਬੀ ਜਗੀਰ ਕੌਰ

ਇਸ ਮੌਕੇ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਇਤਿਹਾਸ ਦਾ ਸੋਮਾ ਹੈ ਅਤੇ ਕਿਸੇ ਸ਼ਖ਼ਸੀਅਤ ਦੀ ਤਸਵੀਰ ਦਾ ਇਥੇ ਸੁਸ਼ੋਭਿਤ ਹੋਣਾ ਵੱਡਾ ਸਨਮਾਨ ਹੈ। ਉਨ੍ਹਾਂ ਸਿੱਖ ਕੌਮ ਦੀਆਂ ਚਾਰੇ ਪ੍ਰਮੁੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਾਉਣ ਦੇ ਫ਼ੈਸਲੇ ਲਈ ਬੀਬੀ ਜਗੀਰ ਕੌਰ ਅਤੇ ਅੰਤ੍ਰਿੰਗ ਕਮੇਟੀ ਦਾ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕੌਮ, ਦੇਸ਼ ਅਤੇ ਸਮਾਜ ਲਈ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸਿੱਖ ਸ਼ਖ਼ਸੀਅਤਾਂ ਦੇ ਸਨਮਾਨ ਵਜੋਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਤਸਵੀਰ ਸੁਸ਼ੋਭਿਤ ਹੋਣੀ ਮਾਣ ਵਾਲੀ ਗੱਲ ਹੈ। ਉਨ੍ਹਾਂ ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ, ਸੰਤ ਗਿਆਨੀ ਮੋਹਨ ਸਿੰਘ ਭਿੰਡਰ ਕਲਾਂ ਵਾਲੇ, ਜਥੇਦਾਰ ਦਲੀਪ ਸਿੰਘ ਮੱਲੂਨੰਗਲ ਅਤੇ ਸ. ਸ਼ਮਸ਼ੇਰ ਸਿੰਘ ਅਸ਼ੋਕ ਦੀਆਂ ਪੰਥਕ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖੀ ਦੀ ਚੜ੍ਹਦੀ ਕਲਾ ਲਈ ਇਨ੍ਹਾਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਜਥੇਦਾਰ ਵੇਦਾਂਤੀ ਨੇ 43 ਸਾਲ ਪੰਥ ਦੀ ਸੇਵਾ ਨਿਭਾਈ ਹੈ ਅਤੇ ਇਸੇ ਤਰ੍ਹਾਂ ਹੀ ਸੰਤ ਗਿਆਨੀ ਮੋਹਨ ਸਿੰਘ ਨੇ ਹਜ਼ਾਰਾਂ ਪ੍ਰਾਣੀਆਂ ਨੂੰ ਗੁਰੂ ਲੜ ਲਾਇਆ। ਜਥੇਦਾਰ ਦਲੀਪ ਸਿੰਘ ਮੱਲੂਨੰਗਲ ਅਤੇ ਸ. ਸ਼ਮਸ਼ੇਰ ਸਿੰਘ ਅਸ਼ੋਕ ਦੀਆਂ ਸੇਵਾਵਾਂ ਵੀ ਲਾਸਾਨੀ ਹਨ। ਉਨ੍ਹਾਂ ਸ. ਅਸ਼ੋਕ ਦੇ ਖੋਜ ਕਾਰਜਾਂ ਨੂੰ ਵਰਤਮਾਨ ਖੋਜਾਰਥੀਆਂ ਲਈ ਖ਼ਜ਼ਾਨਾ ਦੱਸਿਆ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕੌਮ ਦੇ ਵਿਦਵਾਨਾਂ ਨੂੰ ਸ. ਸ਼ਮਸ਼ੇਰ ਸਿੰਘ ਅਸ਼ੋਕ ਵਰਗੇ ਵਿਦਵਾਨਾਂ ਤੋਂ ਸੇਧ ਲੈਣੀ ਚਾਹੀਦੀ ਹੈ। 

 ਇਹ ਵੀ ਪੜ੍ਹੋ :ਮੁਤਵਾਜ਼ੀ ਜਥੇਦਾਰ ਮੰਡ ਵੱਲੋਂ ਮੰਤਰੀ ਰੰਧਾਵਾ, ਤ੍ਰਿਪਤ ਬਾਜਵਾ ਸਮੇਤ 3 ਵਿਧਾਇਕ ਮੁੜ ਤਲਬ   

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News