ਮੁੱਖ ਖੇਤੀਬਾੜੀ ਅਫ਼ਸਰ ਵਲੋਂ ਪਰਾਲੀ ਪ੍ਰਬੰਧਨ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ, ਐਕਸ਼ਨ ਪਲਾਨ ਕੀਤਾ ਸਾਂਝਾ

02/23/2023 2:19:14 PM

ਤਰਨ ਤਾਰਨ (ਰਮਨ)- ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਸੁਰਿੰਦਰ ਸਿੰਘ ਵਲੋਂ ਸਮੂਹ ਖੇਤੀਬਾੜੀ ਅਫ਼ਸਰ, ਖੇਤੀਬਾੜੀ ਵਿਕਾਸ ਅਫ਼ਸਰ ਅਤੇ ਖੇਤੀਬਾੜੀ ਵਿਸਥਾਰ ਅਫ਼ਸਰਾਂ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਉਨ੍ਹਾਂ ਨੇ ਸਮੂਹ ਸਟਾਫ਼ ਦੇ ਨਾਲ ਪਰਾਲੀ ਪ੍ਰਬੰਧਨ ਸਬੰਧੀ ਭਾਰਤ ਸਰਕਾਰ ਵਲੋਂ ਜਾਰੀ ਕੀਤਾ ਗਿਆ, ਐਕਸ਼ਨ ਪਲਾਨ ਸਾਂਝਾ ਕੀਤਾ। ਉਨ੍ਹਾਂ ਨੇ ਇਹ ਐਕਸ਼ਨ ਪਲਾਨ ਸਾਂਝਾ ਕਰਦੇ ਹੋਏ ਨੋਡਲ ਅਫ਼ਸਰ ਅਤੇ ਕਲੱਸਟਰ ਅਫ਼ਸਰ ਦੀਆਂ ਡਿਊਟੀਆਂ ਸਬੰਧੀ ਵਿਸਥਾਰ ਚਾਨਣਾ ਪਾਇਆ। ਉਨ੍ਹਾਂ ਸਮੂਹ ਸਟਾਫ਼ ਨੂੰ ਹਦਾਇਤ ਕੀਤੀ ਕਿ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਂਦਿਆਂ ਹਰ ਇਕ ਪਿੰਡ ਵਿਚ ਵੱਧ ਤੋਂ ਵੱਧ ਆਈ. ਈ. ਸੀ. ਗਤੀਵਿਧੀਆਂ ਕਰਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਦੀ ਅਗਾਂਊ ਪਲਾਨਿੰਗ ਕਰਦੇ ਹੋਏ, ਸਭ ਤੋਂ ਵੱਧ ਅੱਗ ਲੱਗਣ ਵਾਲੇ ਪਿੰਡਾਂ ਦੀ ਸਨਾਖਤ ਕੀਤੀ ਜਾਵੇ ਅਤੇ ਇਨ੍ਹਾਂ ਪਿੰਡਾਂ ਵਿਚ ਹੁਣ ਤੋਂ ਹੀ ਜਾਗਰੂਕਤਾ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਜਾਣ।

ਇਹ ਵੀ ਪੜ੍ਹੋ- ਪਾਕਿਸਤਾਨ ’ਚ ਡਿਊਟੀ ਦੌਰਾਨ ਪੁਲਸ ਕਰਮਚਾਰੀਆਂ ’ਤੇ ਮੋਬਾਇਲ ਵਰਤੋਂ ਕਰਨ ’ਤੇ ਲੱਗੀ ਰੋਕ

ਉਨ੍ਹਾਂ ਸਟਾਫ਼ ਨੂੰ ਕਿਹਾ ਕਿ ਛੋਟੇ ਅਤੇ ਸੀਮਾਂਤ ਕਿਸਾਨ ਜਿਨ੍ਹਾਂ ਕੋਲ ਪਰਾਲੀ ਪ੍ਰਬੰਧਨ ਮਸ਼ੀਨਰੀ ਉਪਲੱਬਧ ਨਹੀਂ ਹੈ, ਉਨ੍ਹਾਂ ਨੂੰ ਬਲਾਕ ਪੱਧਰ ’ਤੇ ਆਈਆਂ ਮਸ਼ੀਨਾਂ ਜਿਵੇਂ ਕਿ ਸੁਪਰ ਸੀਡਰ, ਸਮਾਰਟ ਸੀਡਰ ਅਤੇ ਜ਼ੀਰੋ ਟਿੱਲ ਡ੍ਰਿਲ ਸਮੇਂ ਸਿਰ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ ਤਾਂ ਜੋ ਇਨ੍ਹਾਂ ਕਿਸਾਨਾਂ ਵਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਸਟਾਫ਼ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਦੇ ਬਲਾਕ ਅਧੀਨ ਆਉਂਦੇ ਕਸਟਮ ਹਾਈਰਿੰਗ ਸੈਂਟਰਾਂ ਨਾਲ ਤੁਰੰਤ ਸੰਪਰਕ ਕੀਤਾ ਜਾਵੇ ਅਤੇ ਇਨ੍ਹਾਂ ਸੈਂਟਰਾਂ ਤੋਂ ਵੱਧ ਤੋਂ ਵੱਧ ਮਸ਼ੀਨਰੀ ਕਿਸਾਨਾਂ ਤੱਕ ਪਹੁੰਚਾਉਣੀ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸਟਾਫ਼ ਨੂੰ ਕੋ-ਆਪਰੇਟਿਵ ਸੋਸਾਇਟੀਆਂ ਦੀਆਂ ਮਸ਼ੀਨਾਂ ਚਾਲੂ ਹਾਲਤ ਵਿਚ ਹੈ ਜਾਂ ਨਹੀਂ, ਦੀ ਰਿਪੋਰਟ ਲਿਖਤੀ ਰੂਪ ਵਿਚ ਦੇਣ ਲਈ ਕਿਹਾ।

ਇਹ ਵੀ ਪੜ੍ਹੋ- ਨੌਜਵਾਨ ਦੀ ਲਾਸ਼ ਮਿਲਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਚਾਚੇ ਨੇ ਸ਼ਰਾਬ ਪਿਲਾ ਕੇ ਹੱਡਾ-ਰੋੜੀ 'ਚ ਸੁੱਟਿਆ ਸੀ ਭਤੀਜਾ

ਉਨ੍ਹਾਂ ਸਟਾਫ਼ ਨੂੰ ਇਹ ਵੀ ਹਦਾਇਤ ਕੀਤੀ ਕਿ ਉਨ੍ਹਾਂ ਦੇ ਬਲਾਕ ਵਿਚ ਕਿੰਨੇ ਰਕਬ੍ਹੇ (ਏਕੜ) ਵਿਚ ਬੇਲਰ ਮਸ਼ੀਨ ਚੱਲੀ ਹੈ ਅਤੇ ਬੇਲਰ ਮਸ਼ੀਨ ਅਧੀਨ ਕਿੰਨਾ ਰਕਬ੍ਹਾ (ਏਕੜ) ਹੋਰ ਵਧਾਇਆ ਜਾ ਸਕਦਾ ਹੈ, ਦੀ ਅਗਾਂਊ ਰਿਪੋਰਟ ਤਿਆਰ ਕਰ ਲਈ ਜਾਵੇ। ਠੇਕੇ ’ਤੇ ਜ਼ਮੀਨ ਦੇਣ ਵਾਲੇ ਜ਼ਮੀਨ ਮਾਲਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਜਿਸ ਨੂੰ ਉਹ ਠੇਕੇ ’ਤੇ ਜ਼ਮੀਨ ਦੇ ਰਹੇ ਹਨ, ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਬਿਲਕੁੱਲ ਨਾ ਲਗਾਉਣ। ਉਨ੍ਹਾਂ ਬਲਾਕ ਅਫ਼ਸਰਾਂ ਨੂੰ ਕਿਹਾ ਕਿ ਖੇਤੀ-ਇੰਨਪੁੱਟਸ ਡੀਲਰਾਂ ਨੂੰ ਹਦਾਇਤ ਕੀਤੀ ਜਾਵੇ ਕਿ ਜੇਕਰ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਂਦੇ ਹਨ ਤਾਂ ਉਨ੍ਹਾਂ ਦਾ ਲਾਇਸੈਂਸ ਰੱਦ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਆਈ-ਖੇਤ ਐਪ ’ਤੇ ਵੱਧ ਤੋਂ ਵੱਧ ਕਿਸਾਨਾਂ ਦੀਆਂ ਮਸ਼ੀਨਾਂ ਨੂੰ ਰਜਿਸਟਰਡ ਕਰਵਾਇਆ ਜਾਵੇ ਤਾਂ ਜੋ ਵੱਧ ਤੋਂ ਵੱਧ ਕਿਸਾਨ ਇਸਦਾ ਲਾਭ ਲੈ ਸਕਣ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News