ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਵਲੋਂ ਕੀਤੇ ਜਾ ਰਹੇ ਪ੍ਰਬੰਧਾਂ ਦਾ ਲਿਆ ਜਾਇਜ਼ਾ

10/19/2019 3:55:19 PM

ਗੁਰਦਾਸਪੁਰ (ਵਿਨੋਦ)— ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਸ਼ਰਧਾਲੂਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਕੋਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਮਾਗਮ ਪੂਰੇ ਉਤਸ਼ਾਹ ਤੇ ਜਾਹੋ-ਜਲਾਲ ਨਾਲ ਸਫਲ ਬਣਾਉਣ ਲਈ ਕਿਹਾ। ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ ਪੰਜਾਬ ਵੀ ਮੋਜੂਦ ਸਨ।

ਗੁਰਦਾਸਪੁਰ ਦੇ ਤਿੱਬੜੀ ਕੈਂਟ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ 550 ਸਾਲਾ ਗੁਰਪੁਰਬ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਪੂਰੇ ਉਤਸ਼ਾਹ ਨਾਲ ਤਿਆਰੀਆਂ ਕੀਤੀ ਜਾ ਰਹੀਆਂ ਹਨ ਅਤੇ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਵੱਡੀ ਗਿਣਤੀ ਵਿਚ ਦੇਸ਼ ਤੇ ਵਿਦੇਸ਼ 'ਚੋਂ ਪੁਹੰਚਣ ਵਾਲੀ ਸੰਗਤਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਮੁੱਖ ਮੰਤਰੀ ਪੰਜਾਬ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਡੇਰਾ ਬਾਬਾ ਨਾਨਕ ਵਿਖੇ ਆਉਣ ਵਾਲੀਆਂ ਸੰਗਤਾਂ ਦੇ ਠਹਿਰਣ, ਲੰਗਰ ਅਤੇ ਆਵਾਜਾਈ ਆਦਿ ਦੀ ਸਾਰੀਆਂ ਸਹੂਲਤਾਂ ਦੇ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਵਡਭਾਗੇ ਹਾਂ ਕਿ ਸਾਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਗੁਰਪੁਰਬ ਮਨਾਉਣ ਦਾ ਮਾਣ ਮਿਲਿਆ ਹੈ। ਇਸ ਲਈ ਸਮਾਗਮਾਂ ਦੀ ਤਿਆਰੀ ਵਿਚ ਕੋਈ ਢਿੱਲਮੱਠ ਨਾ ਵਰਤੀ ਜਾਵੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਪੰਜਾਬ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਰਾ ਬਾਬਾ ਨਾਨਕ ਵਿਖੇ ਸੰਗਤਾਂ ਦੇ ਠਹਿਰਣ ਲਈ ਬਣ ਰਹੇ 'ਟੈਂਟ ਸਿਟੀ' ਦਾ ਕੰਮ  60 ਫੀਸਦੀ ਮੁਕੰਮਲ ਕਰ ਲਿਆ ਗਿਆ ਤੇ 31 ਅਕਤੂਬਰ ਤਕ ਟੈਂਟ ਸਿਟੀ ਬਣ ਕੇ ਤਿਆਰ ਹੋ ਜਾਵੇਗਾ। ਪੰਡਾਲ ਅਤੇ ਵੱਖ-ਵੱਖ ਪੰਜ ਪਾਰਕਿੰਗਾਂ ਦੀ ਤਿਆਰੀ ਵੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਪਹਿਲੀ ਨਵੰਬਰ ਤੋਂ 15 ਨਵੰਬਰ ਤਕ ਡੇਰਾ ਬਾਬਾ ਨਾਨਕ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਗੁਰਪੁਰਬ ਸਮਾਗਮਾਂ ਨੂੰ ਮਨਾਉਣ ਲਈ ਤਿਆਰੀਆਂ ਪੂਰੇ ਜੋਰਾ ਨਾਲ ਕੀਤੀਆਂ ਜਾ ਰਹੀਆਂ ਹਨ ਅਤੇ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਡੇਰਾ ਬਾਬਾ ਨਾਨਕ ਨੂੰ 09 ਸੈਕਟਰਾਂ ਵਿਚ ਵੰਡਿਆ ਗਿਆ ਹੈ ਤਾਂ ਜੋ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ ਅਤੇ ਉਨ੍ਹਾਂ ਦੀ ਹਰ ਸਹੂਲਤ ਦਾ ਧਿਆਨ ਰੱਖਿਆ ਜਾ ਸਕੇ।  

ਉਨ੍ਹਾਂ ਦੱਸਿਆ ਕਿ ਸੰਗਤਾਂ ਦੀ ਆਵਾਜਾਈ ਦੀ ਸਹੂਲਤ ਲਈ ਬੱਸਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਜ਼ਿਲਾ ਪ੍ਰਸ਼ਾਸਨ ਲੰਗਰ ਲਗਾਉਣ ਲਈ ਪਾਰਕਿੰਗਾਂ ਵਿਚ ਵਿਸ਼ੇਸ ਸਥਾਨ ਨਿਰਧਾਰਿਤ ਕੀਤੇ ਗਏ ਹਨ। ਸਮੂਹ ਲੰਗਰ ਕਮੇਟੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਿਰਧਾਰਿਤ ਸਥਾਨਾਂ ਤੇ ਹੀ ਸੰਗਤਾਂ ਲਈ ਲੰਗਰ ਲਗਾਉਣ ਤਾਂ ਜੋ ਸੰਗਤਾਂ ਨੂੰ ਆਵਾਜਾਈ ਦੋਰਾਨ ਕੋਈ ਮੁਸ਼ਕਲ ਪੇਸ਼ ਨਾ ਆਵੇ ਤੇ ਸ਼ਹਿਰ ਨੂੰ ਸਾਫ ਸੁਥਰਾ ਵੀ ਰੱਖਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਕਰੀਬ 65 ਏਕੜ ਵਿਚ ਟੈਂਟ ਸਿਟੀ, ਪੰਡਾਲ ਅਤੇ ਸੰਗਤਾਂ ਲਈ ਪਾਰਕਿੰਗ ਦੀ ਵਿਵਸਥਾ ਕੀਤੀ ਗਈ ਹੈ ਤੇ 31 ਅਕਤੂਬਰ 2019 ਤਕ ਤਿਆਰੀਆਂ ਮੁਕੰਮਲ ਕਰ ਲਈਆਂ ਜਾਣਗੀਆਂ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਪੰਜਾਬ ਨੂੰ ਦੱਸਿਆ ਕਿ ਜ਼ਿਲੇ ਅੰਦਰ ਚੱਲ ਰਹੇ 'ਸਮਰਪਣ'  ਪ੍ਰੋਜੈਕਟ ਤਹਿਤ ਜ਼ਿਲੇ ਦੇ 550 ਪ੍ਰਾਇਮਰੀ ਸਕੂਲ ਨੂੰ ਸਮਾਰਟ ਸਕੂਲ ਬਣਾਇਆ ਜਾ ਰਿਹਾ ਹੈ। ਇਨ੍ਹਾਂ ਸਕਲਾਂ ਅੰਦਰ ਐਲ.ਈ.ਡੀਜ਼ ਅਤੇ ਹੋਰ ਅਤਿ ਆਧੁਨਿਕ ਸਾਮਾਨ ਮੁੱਹਈਆ ਕਰਵਾਇਆ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਪੰਜਾਬ ਨੇ ਡਿਪਟੀ ਕਮਿਸ਼ਨਰ ਵਲੋਂ ਸਾਰਿਆਂ ਦੇ ਸਹਿਯੋਗ ਨਾਲ ਚਲਾਏ ਜਾ ਰਹੇ 'ਸਮਰਪਣ' ਪ੍ਰੋਜੈਕਟ ਦੀ ਸ਼ਲਾਘਾ ਕੀਤੀ।ਇਸ ਮੌਕੇ ਸਰਵ ਐੱਸ.ਪੀ.ਐੱਸ ਪਰਮਾਰ, ਸਵਰਨਦੀਪ ਸਿੰਘ ਐਸ.ਐਸ.ਪੀ ਗੁਰਦਾਸਪੁਰ,  ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ), ਸਕੱਤਰ ਸਿੰਘ ਬੱਲ ਐੱਸ.ਡੀ.ਐੱਮ ਗੁਰਦਾਸਪੁਰ, ਗੁਰਸਿਮਰਨ ਸਿੰਘ ਢਿੱਲੋਂ ਐੱਸ.ਡੀ.ਐੱਮ ਡੇਰਾ ਬਾਬਾ ਨਾਨਕ ਆਦਿ ਹਾਜ਼ਰ ਸਨ।


Shyna

Content Editor

Related News