ਜਾਂਚ ''ਚ ਵੀਡੀਓ ਅਸਲ ਸਾਬਤ ਹੋਣ ’ਤੇ ਮੁੱਖ ਮੰਤਰੀ ਤੁਰੰਤ ਅਸਤੀਫ਼ਾ ਦੇਣ : ਐਡਵੋਕੇਟ ਧਾਮੀ

Tuesday, Jun 16, 2026 - 12:20 AM (IST)

ਜਾਂਚ ''ਚ ਵੀਡੀਓ ਅਸਲ ਸਾਬਤ ਹੋਣ ’ਤੇ ਮੁੱਖ ਮੰਤਰੀ ਤੁਰੰਤ ਅਸਤੀਫ਼ਾ ਦੇਣ : ਐਡਵੋਕੇਟ ਧਾਮੀ

ਅੰਮ੍ਰਿਤਸਰ (ਸਰਬਜੀਤ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਵਾਦਿਤ ਵੀਡੀਓ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜੀਆਂ ਸ਼ਿਕਾਇਤਾਂ ਦੀ ਗੰਭੀਰਤਾ ਨੂੰ ਦੇਖਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਦੇਸ਼ ਦੀ ਇੱਕ ਨਾਮੀ ਫੋਰੈਂਸਿਕ ਲੈਬ ਤੋਂ ਕਰਵਾਈ ਗਈ ਜਾਂਚ ਵਿੱਚ ਵੀਡੀਓ ਨੂੰ ਅਸਲ ਅਤੇ ਪ੍ਰਮਾਣਿਕ ਕਰਾਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਨੂੰ ਨੈਤਿਕਤਾ ਦੇ ਆਧਾਰ ’ਤੇ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਆਦੇਸ਼ ’ਤੇ ਪ੍ਰਤੀਕਿਰਿਆ ਦਿੰਦਿਆਂ ਕੀਤਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਬਹੁਤ ਜ਼ਿੰਮੇਵਾਰੀ, ਮਰਯਾਦਾ ਅਤੇ ਭਰੋਸੇ ਨਾਲ ਜੁੜਿਆ ਹੋਇਆ ਹੈ। ਜਦੋਂ ਜਾਂਚ ਦੌਰਾਨ ਵੀਡੀਓ ਅਸਲ ਸਾਬਤ ਹੋ ਚੁੱਕੀ ਹੈ ਤਾਂ ਜਨਤਕ ਜੀਵਨ ਵਿੱਚ ਨੈਤਿਕ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਮੁੱਖ ਮੰਤਰੀ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦਾ ਸਤਿਕਾਰ ਕਰਨਾ ਹਰ ਸਿੱਖ ਅਤੇ ਜਨਤਕ ਜੀਵਨ ਨਾਲ ਜੁੜੇ ਵਿਅਕਤੀ ਦਾ ਫਰਜ਼ ਹੈ। ਇਸ ਮਾਮਲੇ ਨੂੰ ਰਾਜਨੀਤਿਕ ਰੰਗਤ ਦੇਣ ਦੀ ਬਜਾਏ ਸੱਚਾਈ, ਜਵਾਬਦੇਹੀ ਅਤੇ ਨੈਤਿਕਤਾ ਦੇ ਅਸੂਲਾਂ ਦੇ ਆਧਾਰ ’ਤੇ ਵੇਖਿਆ ਜਾਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਲੋਕਤੰਤਰ ਵਿੱਚ ਜਨਤਕ ਅਹੁਦਿਆਂ ’ਤੇ ਬੈਠੇ ਵਿਅਕਤੀਆਂ ਤੋਂ ਉੱਚ ਨੈਤਿਕ ਮਾਪਦੰਡਾਂ ਦੀ ਉਮੀਦ ਕੀਤੀ ਜਾਂਦੀ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਜਵਾਬਦੇਹੀ ਤੋਂ ਮੁੰਹ ਨਹੀਂ ਮੋੜਿਆ ਜਾ ਸਕਦਾ।
ਐਡਵੋਕੇਟ ਧਾਮੀ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਤੇ ਪੰਥਕ ਮਰਯਾਦਾ ਅਨੁਸਾਰ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੀ ਰਹੇਗੀ ਅਤੇ ਹਰ ਆਦੇਸ਼ ’ਤੇ ਡੱਟ ਕੇ ਪਹਿਰਾ ਦੇਵੇਗੀ।

 


author

Sandeep Kumar

Content Editor

Related News