CM ਦੇ ਦਿਸ਼ਾ ਨਿਰਦੇਸ਼ਾਂ ’ਤੇ ਪ੍ਰਸ਼ਾਸਨ ਹਰ ਆਮ ਆਦਮੀ ਤੱਕ ਪਹੁੰਚਾਏਗੀ ਨਾਗਰਿਕ ਸਹੂਲਤਾਂ : ਡਿਪਟੀ ਕਮਿਸ਼ਨਰ

04/07/2022 1:29:40 PM

ਅੰਮ੍ਰਿਤਸਰ (ਨੀਰਜ, ਸਾਗਰ) - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਪ੍ਰਸ਼ਾਸਨ ਆਮ ਆਦਮੀ ਨੂੰ ਨਾਗਰਿਕ ਸਹੂਲਤਾਂ ਉਨ੍ਹਾਂ ਦੇ ਘਰ ਦੇ ਦੁਆਰ ਤੱਕ ਮੁਹੱਈਆ ਕਰਵਾਏਗਾ। ਪਿੰਡਾਂ ਦੇ ਪੰਚਾਇਤ ਘਰਾਂ ਵਿਚ ਲੋਕ ਦਰਬਾਰ ਲਗਾ ਕੇ ਲੋਕਾਂ ਦੀਆਂ ਮੁਸ਼ਕਲਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਪੱਤਰਕਾਰਾਂ ਨਾਲ ਆਪਣੀ ਪਲੇਠੀ ਮੀਟਿੰਗ ਕਰਨ ਉਪਰੰਤ ਕੀਤਾ। ਸੂਦਨ ਨੇ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨਾ ਹੈ। ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਸੁਵਿਧਾ ਕੇਂਦਰਾਂ ਦਾ ਨਿਰੀਖਣ ਕਰ ਇਨ੍ਹਾਂ ਦੇ ਮੁੱਢਲੇ ਢਾਂਚੇ ਵਿਚ ਬਦਲਾਅ ਕੀਤਾ ਜਾਵੇਗਾ।

ਸੁਵਿਧਾ ਕੇਂਦਰਾਂ ਦਾ ਹੋਵੇਗਾ ਸੁਧਾਰ
ਉਨ੍ਹਾਂ ਕਿਹਾ ਕਿ ਸੁਵਿਧਾ ਕੇਂਦਰਾਂ ਨੂੰ ਨਾਮ ਵਿਚ ਨਹੀਂ, ਸਗੋਂ ਕੰਮ ਵਿਚ ਸੁਵਿਧਾ ਬਣਾਇਆ ਜਾਵੇਗਾ। ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਨੂੰ ਸਮਾਂਬੱਧ ਕਰਨਾ ਯਕੀਨੀ ਬਣਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਸਖਤ ਨਿਰਦੇਸ਼ ਹਨ ਕਿ ਨਸ਼ੇ ਨੂੰ ਠੱਲ ਪਾਉਣ ਲਈ ਸਖਤ ਕਾਰਵਾਈ ਆਰੰਭੀ ਜਾਵੇ ਅਤੇ ਜਿਹੜੇ ਲੋਕ ਨਸ਼ੇ ਤੋਂ ਪੀੜਤ ਹਨ, ਦਾ ਮੁੜ ਵਸੇਬਾ ਕੇਂਦਰਾਂ ਵਿਚ ਇਲਾਜ ਕੀਤਾ ਜਾਵੇ। ਇਸ ਕੰਮ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਵੱਲੋਂ ਸਾਰੇ ਓਟ ਕਲੀਨਿਕਾਂ ਦਾ ਨਿਰੀਖਣ ਕਰਨ ਉਪਰੰਤ ਇਨ੍ਹਾਂ ਦੀਆਂ ਕਮੀਆਂ ਨੂੰ ਪਹਿਲ ਦੇ ਆਧਾਰ ’ਤੇ ਦੂਰ ਕੀਤਾ ਜਾਵੇਗਾ। ਉਹ ਪੂਰੀ ਈਮਾਨਦਾਰੀ ਤੇ ਤਨਦੇਹੀ ਨਾਲ ਗੁਰੂ ਕੀ ਨਗਰੀ ਵਿਚ ਲੋਕਾਂ ਦੀ ਸੇਵਾ ਕਰਨਗੇ।

ਦੁਕਾਨਾਂ ਦੇ ਬਾਹਰ ਨਾਜਾਇਜ਼ ਕਬਜ਼ੇ ਨਾ ਕੀਤੇ ਜਾਣ
ਡੀ. ਸੀ. ਸੂਦਨ ਨੇ ਗੁਰੂ ਕੀ ਨਗਰੀ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀਆਂ ਦੁਕਾਨਾਂ ਦੇ ਬਾਹਰ ਨਾਜਾਇਜ਼ ਕਬਜ਼ੇ ਨਾ ਕਰਨ। ਇਸ ਨਾਲ ਯਾਤਰੂਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਆਵਾਜਾਈ ਪ੍ਰਭਾਵਿਤ ਹੁੰਦੀ ਹੈ। ਹਰੇਕ ਵਿਅਕਤੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪ੍ਰਸ਼ਾਸਨ ਨੂੰ ਆਪਣਾ ਪੂਰਾ ਸਹਿਯੋਗ ਦੇਵੇ ਤਾਂ ਜੋ ਸ਼ਹਿਰ ਦੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾ ਸਕੇ। ਸੂਦਨ ਨੇ ਕਿਹਾ ਕਿ ਜੇਕਰ ਲੋਕਾਂ ਨੂੰ ਪ੍ਰਸ਼ਾਸਨ ਸਬੰਧੀ ਕੋਈ ਸ਼ਿਕਾਇਤ ਹੈ ਤਾਂ ਉਹ ਘਰ ਬੈਠੇ ਗਰੀਵਨੈਂਸ ਰੀਡਰੈਸਰਲ ਪੋਰਟਲ ’ਤੇ ਆਨ ਲਾਈਨ ਸ਼ਿਕਾਇਤ ਦਰਜ ਕਰ ਸਕਦੇ ਹਨ। ਉਹ ਰੋਜ਼ਾਨਾ ਸਵੇਰੇ 11 ਵਜੇ ਤੋਂ ਬਾਅਦ 1:30 ਵਜੇ ਤੱਕ ਆਮ ਲੋਕਾਂ ਨੂੰ ਮਿਲਣਗੇ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਨਗੇ।

ਸਿੱਖਿਆ ਮਾਫ਼ੀਆ ’ਤੇ ਪਾਈ ਜਾਵੇਗੀ ਠੱਲ
ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਡੀ. ਸੀ. ਸੂਦਨ ਨੇ ਕਿਹਾ ਕਿ ਸਿੱਖਿਆ ਮਾਫ਼ੀਆ ਨੂੰ ਠੱਲ ਪਾਉਣ ਲਈ ਮੁੱਖ ਮੰਤਰੀ ਪੰਜਾਬ ਵੱਲੋਂ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਹੜੇ ਸਕੂਲ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕਰਨਗੇ, ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸੂਦਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਦੀਆਂ ਵੱਧ ਰਹੀਆਂ ਫੀਸਾਂ ਦੇ ਅਸੀਂ ਵੀ ਕੁਝ ਹੱਦ ਤੱਕ ਜ਼ਿੰਮੇਵਾਰ ਹਾਂ। ਉਨ੍ਹਾਂ ਕਿਹਾ ਕਿ ਅੱਜ ਦੇ ਸਮਾਰਟ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨਾਲੋਂ ਕਿਤੇ ਵੱਧ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰ ਰਹੇ ਹਨ ਅਤੇ ਸਾਨੂੰ ਚਾਹੀਦਾ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾ ਵਿੱਚ ਵਿਦਿਆ ਗ੍ਰਹਿਣ ਕਰਨ ਦੀ ਤਰਜੀਹ ਦੇਈਏ।

ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾਵੇਗੀ
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਨਾਲੋਂ ਉਚ ਯੋਗਤਾ ਪ੍ਰਾਪਤ ਹੁੰਦੇ ਹਨ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਪਾਸ ਕਰ ਕੇ ਅਧਿਆਪਕ ਬਣਦੇ ਹਨ। ਉਹ ਜਲਦ ਦੂਜੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣਗੇ ਅਤੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣਗੇ। ਡਿਪਟੀ ਕਮਿਸ਼ਨਰ ਨੇ ਸਖ਼ਤ ਲਹਿਜੇ ਵਿੱਚ ਕਿਹਾ ਕਿ ਕਿਸੇ ਵਿਭਾਗ ਵਿੱਚ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।


rajwinder kaur

Content Editor

Related News