ਸ਼੍ਰੋਮਣੀ ਕਮੇਟੀ ਕਾਲਜਾਂ ਦੇ ਰੁਜ਼ਗਾਰ ਮੇਲੇ ਦੌਰਾਨ ਵੱਖ-ਵੱਖ ਕੰਪਨੀਆਂ ਨੇ ਚੁਣੇ 300 ਵਿਦਿਆਰਥੀ

Monday, Jul 01, 2024 - 05:10 PM (IST)

ਸ਼੍ਰੋਮਣੀ ਕਮੇਟੀ ਕਾਲਜਾਂ ਦੇ ਰੁਜ਼ਗਾਰ ਮੇਲੇ ਦੌਰਾਨ ਵੱਖ-ਵੱਖ ਕੰਪਨੀਆਂ ਨੇ ਚੁਣੇ 300 ਵਿਦਿਆਰਥੀ

ਚੰਡੀਗੜ੍ਹ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਮੌਕੇ ਦੇਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਰੁਜ਼ਗਾਰ ਮੇਲੇ ਦਾ ਪ੍ਰਬੰਧ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਾ ਇਹ ਪਹਿਲਾ ਰੁਜ਼ਗਾਰ ਮੇਲਾ ਸੀ, ਜੋ ਵਿਦਿਆਰਥੀਆਂ ਲਈ ਨੌਕਰੀ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਬਣਿਆ। ਚੰਡੀਗੜ੍ਹ ਸਥਿਤ ਗੁਰਦੁਆਰਾ  ਸ੍ਰੀ ਕਲਗੀਧਰ ਨਿਵਾਸ ਸੈਕਟਰ 27 ਵਿਖੇ ਕਰਵਾਏ ਗਏ ਇਸ ਰੁਜ਼ਗਾਰ ਮੇਲੇ ਵਿਚ ਭਾਰਤ ਦੀਆਂ ਨਾਮਵਰ ਕਰੀਬ 25 ਕੰਪਨੀਆਂ ਨੇ ਸ਼ਮੂਲੀਅਤ ਕੀਤੀ ਅਤੇ 300 ਦੇ ਕਰੀਬ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ।

 ਇਹ ਵੀ ਪੜ੍ਹੋ-  ਅਣਹੋਣੀ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਵਿੱਦਿਆ ਇੰਜੀ: ਸੁਖਮਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਜਿਥੇ ਧਾਰਮਿਕ, ਸਮਾਜਿਕ ਅਤੇ ਵਿਦਿਅਕ ਗਤੀਵਿਧੀਆਂ ਵਿਚ ਵਡਮੁੱਲਾ ਯੋਗਦਾਨ ਦਿੱਤਾ ਜਾ ਰਿਹਾ ਹੈ, ਉਥੇ ਹੀ ਧਾਰਮਿਕ ਪ੍ਰੀਖਿਆ, ਪ੍ਰਸ਼ਨੋਤਰੀ ਮੁਕਾਬਲੇ, ਅੰਤਰਰਾਸ਼ਟਰੀ ਕਾਨਫਰੰਸ ਕਰਵਾ ਕੇ ਜ਼ਿਕਰਯੋਗ ਕਾਰਜ ਕੀਤੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਯੂ.ਪੀ.ਐੱਸ.ਸੀ., ਪੀ.ਪੀ.ਐੱਸ.ਸੀ. ਵਰਗੀਆਂ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਬਿਲਕੁਲ ਮੁਫ਼ਤ ਕਰਵਾਉਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

 ਇਹ ਵੀ ਪੜ੍ਹੋ- ਅੰਮ੍ਰਿਤਸਰ ਪੁਲਸ ਅੱਗੇ ਪੇਸ਼ ਨਹੀਂ ਹੋਈ ਯੋਗਾ ਗਰਲ, ਮੁੜ ਨੋਟਿਸ ਭੇਜਣ ਦੀ ਤਿਆਰੀ

ਉਨ੍ਹਾਂ ਕਿਹਾ ਕਿ ਹੁਣ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਦੇ ਕਾਲਜਾਂ ਵਿਚ ਵਿੱਦਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ ਭਾਰਤ ਦੀਆਂ ਨਾਮਵਰ ਕੰਪਨੀਆਂ ਨਾਲ ਸੰਪਰਕ ਕਰਕੇ ਇਹ ਰੋਜ਼ਗਾਰ ਮੇਲਾ ਲਗਾਇਆ ਗਿਆ ਹੈ, ਜਿਸ ਵਿੱਚ ਦੇਸ਼ ਭਰ ਤੋਂ ਕਰੀਬ 25 ਕੰਪਨੀਆਂ ਦੇ ਨੁਮਾਇੰਦੇ ਪਹੁੰਚੇ। ਇਸ ਮੇਲੇ ਵਿਚ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਕਾਲਜਾਂ ਦੇ ਕਰੀਬ 600 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 300 ਦੇ ਕਰੀਬ ਵਿਦਿਆਰਥੀਆਂ ਨੂੰ ਵੱਖ-ਵੱਖ ਕੰਪਨੀਆਂ ਵੱਲੋਂ ਰੁਜ਼ਗਾਰ ਲਈ ਚੁਣਿਆ ਗਿਆ। ਇਸ ਰੁਜ਼ਗਾਰ ਮੇਲੇ ਪ੍ਰਤੀ ਵਿਦਿਆਰਥੀਆਂ ਵਿਚ ਵੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦਾ ਮੰਤਵ ਕੇਵਲ ਕਿੱਤਾਮੁਖੀ ਅਤੇ ਅਕਾਦਮਿਕ ਸਿੱਖਿਆ ਦੇਣਾ ਹੀ ਨਹੀਂ ਹੈ, ਸਗੋਂ ਰੁਜ਼ਗਾਰ ਲਈ ਉੱਚਿਤ ਮੌਕੇ ਪ੍ਰਦਾਨ ਕਰਨਾ ਵੀ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਲਈ ਨੈਤਿਕ ਸਿੱਖਿਆ ਨਾਲ ਜੋੜ ਕੇ ਦੇਸ਼ ਦੇ ਚੰਗੇ ਨਾਗਰਿਕ ਬਣਾਉਣਾ ਵੀ ਹੈ।

ਇਹ ਵੀ ਪੜ੍ਹੋ-ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੀ ਸੰਗਤ ਲਈ ਖ਼ਾਸ ਖ਼ਬਰ, SGPC ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Shivani Bassan

Content Editor

Related News