ਆਪ ਅਤੇ ਕਾਂਗਰਸ ਦੇ ਝੂਠੇ ਵਾਅਦਿਆਂ ਖ਼ਿਲਾਫ਼ ਅਕਾਲੀ ਦਲ ਬਾਦਲ ਨੇ ਸੋਨੂੰ ਲੰਗਾਹ ਦੀ ਅਗਵਾਈ ’ਚ ਦਿੱਤਾ ਧਰਨਾ

04/05/2021 2:46:46 PM

ਕਲਾਨੌਰ (ਵਤਨ): ਅਕਾਲੀ ਦਲ ਬਾਦਲ ਵਲੋਂ ਸਮੁੱਚੇ ਪੰਜਾਬ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਦੋਹਰੇ ਮਾਪਦੰਡਾਂ  ਦੇ ਖ਼ਿਲਾਫ਼ ਧਰਨੇ ਦੇਣ ਤਹਿਤ ਅੱਜ ਕਸਬਾ ਕਲਾਨੌਰ ਵਿਚ ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਸੋਨੂੰ ਲੰਗਾਹ ਦੀ ਅਗਵਾਈ ਵਿਚ ਅਕਾਲੀ ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਸੁਖਜਿੰਦਰ ਸਿੰਘ ਸੋਨੂੰ ਲੰਗਾਹ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਝੂਠੀਆਂ ਸਹੁੰ ਖਾ ਕੇ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਹਾਸਲ ਕੀਤੀ ਅਤੇ ਹੁਣ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਹੁਣ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਵਲੋਂ ਕਰਵਾਏ ਸਰਵੇ ਅਨੁਸਾਰ ਪੰਜਾਬ ’ਚ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੀ ਬਨਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਰਵੇ ਸਿਰਫ ਲੋਕਾਂ ਨੂੰ ਬੇਵਕੂਫ ਬਨਾਉਣ ਲਈ ਪੇਸ਼ ਕੀਤੇ ਜਾ ਰਹੇ ਹਨ ਪਰ ਇਸ ਵਾਰ ਲੋਕ ਇਨ੍ਹਾਂ ਪਾਰਟੀਆਂ ਦੇ ਝੂਠੇ ਪ੍ਰਚਾਰ ਵਿਚ ਨਹੀਂ ਆਉਣਗੇ।

ਉਨ੍ਹਾਂ ਕਿਹਾ ਕਿ ਕੈਪਟਨ ਨੇ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਨਸ਼ਾ ਖਤਮ ਕਰਨ, ਘਰ-ਘਰ ਨੌਕਰੀਆਂ ਦੇਣ, ਕਿਸਾਨਾਂ ਦੇ ਕਰਜ਼ੇ ਮਾਫ ਕਰਨ ਦੇ ਝੂਠੇ ਵਾਅਦੇ ਕੀਤੇ ਅਤੇ ਹੁਣ 4 ਸਾਲ ਬੀਤ ਜਾਣ ਦੇ ਬਾਵਜੂਦ ਕੈਪਟਨ ਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨ ਵਿਰੋਧੀ ਬਿੱਲ ਪਾਸ ਕਰਕੇ ਕਿਸਾਨੀ ਨਾਲ ਧੋਖਾ ਕੀਤਾ ਅਤੇ ਹੁਣ ਫਸਲ ਦੀ ਸਿੱਧੀ ਅਦਾਇਗੀ ਕਿਸਾਨ ਦੇ ਖਾਤੇ ਵਿਚ ਪਾਉਣ ਦੇ ਐਲਾਨ ਨਾਲ ਕੇਂਦਰ ਸਰਕਾਰ ਪੰਜਾਬ ਵਿਚ ਕਿਸਾਨਾਂ ਅਤੇ ਆੜ੍ਹਤੀਆਂ ਦੀ ਭਾਈਚਾਰਕ ਸਾਂਝ ਤੋੜਣ ਦਾ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਕਿਸਾਨਾਂ ਅਤੇ ਆੜ੍ਹਤੀਆਂ ਦੇ ਹੱਕਾਂ ਲਈ ਲੜਾਈ ਲੜਦਾ ਰਹੇਗਾ। ਇਸ ਮੌਕੇ  ਚੇਅਰਮੈਨ ਬਲਜੀਤ ਸਿੰਘ ਅਵਾਣ, ਤੇਜਬੀਰ ਸਿੰਘ ਪੀ. ਏ., ਕੁਲਵਿੰਦਰ ਸਿੰਘ, ਭੁਪਿੰਦਰ ਸਿੰਘ ਨਾਰੋਵਾਲ, ਅਮਨਦੀਪ ਸਿੰਘ ਅਜੀਤ ਸਿੰਘ ਗੋਸਲ, ਰਣਜੀਤ ਸਿੰਘ, ਬਲਵਿੰਦਰ ਸਿੰਘ ਮਾਨੇਪੁਰ, ਮਨਜੀਤ ਸਿੰਘ ਮਾਹਲ, ਜਗਰੂਪ ਸਿੰਘ ਸ਼ਾਹਪੁਰ ਜ਼ਾਜਨ, ਗੁਲਾਮ ਮਸੀਹ, ਗੁਰਦੀਪ ਸਿੰਘ , ਤਜਿੰਦਰ ਸਿੰਘ ਹਕੀਮਪੁਰ ਆਦਿ ਹਾਜ਼ਰ ਸਨ।


Shyna

Content Editor

Related News