ਬੇ-ਮੌਸਮੀ ਮੀਂਹ ਨਾਲ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਮੰਤਰੀ ਕੁਲਦੀਪ ਧਾਲੀਵਾਲ ਨੇ ਲਿਆ ਜਾਇਜ਼ਾ
Sunday, Apr 09, 2023 - 04:24 PM (IST)

ਗੁਰਦਾਸਪੁਰ (ਹਰਮਨ)- ਬੀਤੇ ਦਿਨੀਂ ਹੋਈ ਬੇ-ਮੌਸਮੀ ਮੀਂਹ ਕਾਰਨ ਫ਼ਸਲਾਂ ਦੇ ਹੋਏ ਖ਼ਰਾਬੇ ਸਬੰਧੀ ਜਾਇਜ਼ਾ ਲੈਣ ਲਈ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਹਰੂਵਾਲ, ਅਗਵਾਨ, ਮਨਸੂਰ ਅਤੇ ਘਣੀਏ-ਕੇ-ਬੇਟ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।
ਸਰਹੱਦੀ ਪਿੰਡਾਂ ਦੇ ਦੌਰੇ ਦੌਰਾਨ ਖ਼ਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਕਿਸਾਨਾਂ ਨਾਲ ਗੱਲ ਕਰਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਸੰਕਟ ਦੀ ਘੜ੍ਹੀ ਵਿੱਚ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਜਲਦ ਤੋਂ ਜਲਦ ਨੁਕਸਾਨੀਆਂ ਫ਼ਸਲਾਂ ਦੀ ਗਿਰਦਾਵਰੀ ਮੁਕੰਮਲ ਕੀਤੀ ਜਾਵੇ ਤਾਂ ਜੋ ਵਿਸਾਖੀ ਮੌਕੇ ਕਿਸਾਨਾਂ ਨੂੰ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦੇਣਾ ਸ਼ੁਰੂ ਕੀਤਾ ਜਾ ਸਕੇ।
ਇਹ ਵੀ ਪੜ੍ਹੋ- ਤਰਨਤਾਰਨ ਤਾਇਨਾਤ ਥਾਣੇਦਾਰ ਨੇ ਖ਼ੁਦ ਨੂੰ ਗੋਲ਼ੀ ਮਾਰ ਰਚਿਆ ਡਰਾਮਾ, ਸੱਚਾਈ ਜਾਣ ਸਭ ਦੇ ਉੱਡੇ ਹੋਸ਼
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਫ਼ਸਲਾਂ ਦੇ ਖ਼ਰਾਬੇ ਦੀ ਮੁਆਵਜ਼ਾ ਰਾਸ਼ੀ 'ਚ 25 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ ਅਤੇ ਕਣਕ ਤੋਂ ਇਲਾਵਾਂ ਹੋਰ ਵੀ ਜਿਹੜੀਆਂ ਫ਼ਸਲਾਂ ਬਾਰਸ਼ ਕਾਰਨ ਖ਼ਰਾਬ ਹੋਈਆਂ ਹਨ, ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਵੀ ਕੀਤੀ ਜਾਵੇਗੀ। ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਸੂਬੇ ਭਰ ਵਿੱਚ ਗਿਰਦਾਵਰੀ ਦਾ ਕੰਮ ਪੂਰੇ ਜ਼ੋਰਾਂ 'ਤੇ ਚੱਲ ਰਿਹਾ ਹੈ ਅਤੇ ਅਧਿਕਾਰੀਆਂ ਵੱਲੋਂ ਹਰ ਕਿਸਾਨ ਦੇ ਖੇਤ 'ਚ ਜਾ ਕੇ ਫ਼ਸਲ ਦੇ ਨੁਕਾਸਨ ਦੀ ਅਸਲ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ: ਪ੍ਰਸ਼ਾਸਨ ਦੀ ਅਣਦੇਖੀ ਦਾ ਸ਼ਿਕਾਰ ਹੋਇਆ ਮਸ਼ਹੂਰ ਜਹਾਜ਼ ਚੌਂਕ, ਕਿਸੇ ਸਮੇਂ ਹੁੰਦਾ ਸੀ ਸੈਲਫ਼ੀ ਪੁਆਇੰਟ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸਹਾਇਤਾ ਲਈ ਵੱਟਸਐਪ ਨੰਬਰ ਜਾਰੀ ਕੀਤਾ ਹੈ ਅਤੇ ਜੇਕਰ ਕਿਸੇ ਕਿਸਾਨ ਨੂੰ ਗਿਰਦਾਵਰੀ ਸਬੰਧੀ ਕੋਈ ਵੀ ਸ਼ਿਕਾਇਤ ਹੈ ਤਾਂ ਉਹ ਇਸ ਨੰਬਰ 'ਤੇ ਆਪਣੀ ਸ਼ਿਕਾਇਤ ਭੇਜ ਸਕਦੇ ਹਨ। ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਿਰਦਾਵਰੀ ਦੇ ਕੰਮ ਨੂੰ ਸਮਾਂਬੱਧ ਅਤੇ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤਾ ਜਾਵੇ। ਇਸ ਮੌਕੇ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਸਾਨਾਂ ਦੀਆਂ ਮੁਕਸ਼ਲਾਂ ਵੀ ਸੁਣੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵਿਸ਼ੇਸ਼ ਗਿਰਦਾਵਰੀ ਦਾ ਕੰਮ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ 70 ਫੀਸਦੀ ਕੰਮ ਮੁਕੰਮਲ ਹੋ ਗਿਆ ਹੈ ਅਤੇ ਰਹਿੰਦੀ ਗਿਰਦਾਵਰੀ ਨੂੰ ਵੀ ਜਲਦ ਪੂਰੀਆਂ ਕਰਕੇ ਰਿਪੋਰਟ ਸੂਬਾ ਸਰਕਾਰ ਨੂੰ ਭੇਜ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।