ਗੁਰਦਾਸਪੁਰ ਦੇ DC ਵੱਲੋਂ ਸਰਹੱਦੀ ਖੇਤਰ ਦਾ ਦੌਰਾ, ਸਥਾਨਕ ਨਿਵਾਸੀਆਂ ਨੂੰ ਚੌਕਸ ਰਹਿਣ ਦੀ ਅਪੀਲ

Thursday, Dec 29, 2022 - 01:39 PM (IST)

ਗੁਰਦਾਸਪੁਰ ਦੇ DC ਵੱਲੋਂ ਸਰਹੱਦੀ ਖੇਤਰ ਦਾ ਦੌਰਾ, ਸਥਾਨਕ ਨਿਵਾਸੀਆਂ ਨੂੰ ਚੌਕਸ ਰਹਿਣ ਦੀ ਅਪੀਲ

ਗੁਰਦਾਸਪੁਰ (ਜੀਤ ਮਠਾਰੂ )- ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਬੀ.ਐੱਸ.ਐੱਫ. ਦੇ ਗੁਰਦਾਸਪੁਰ ਸੈਕਟਰ ਦੇ ਡੀ.ਆਈ.ਜੀ. ਪ੍ਰਭਾਕਰ ਜੋਸ਼ੀ ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਦੀਪਕ ਹਿਲੋਰੀ ਦੇ ਨਾਲ ਬੀਤੀ ਸ਼ਾਮ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਸਰਹੱਦੀ ਖੇਤਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਡੇਰਾ ਬਾਬਾ ਨਾਨਕ ਸਥਿਤ ਦਰਸ਼ਨ ਸਥੱਲ ਵਿਖੇ ਸੰਗਤਾਂ ਦੀ ਸਹੂਲਤ ਦਾ ਜਾਇਜ਼ਾ ਲੈਣ ਉਪਰੰਤ ਕਲਾਨੌਰ ਨੇੜੇ ਸਰਹੱਦੀ ਪਿੰਡ ਰੋਸੇ ਵਿਖੇ ਸਥਾਨਕ ਨਿਵਾਸੀਆਂ ਨਾਲ ਮੀਟਿੰਗ ਕੀਤੀ ਗਈ। 

ਇਹ ਵੀ ਪੜ੍ਹੋ- ਚਾਈਨਾ ਡੋਰ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਚਾਲਕ ਜ਼ਖ਼ਮੀ

PunjabKesari

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਡੇਰਾ ਬਾਬਾ ਨਾਨਕ ਸਰਹੱਦ ’ਤੇ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਅਤੇ ਦਰਸ਼ਨ ਸਥੱਲ ਵਿਖੇ ਪਹੁੰਚ ਕੇ ਸੰਗਤਾਂ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਸਰਹੱਦ ’ਤੇ ਬਣੇ ਦਰਸ਼ਨ ਸਥੱਲ ’ਤੇ ਦੂਰਬੀਨ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਆਈਆਂ ਸੰਗਤਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਸੰਗਤਾਂ ਵੱਲੋਂ ਦਰਸ਼ਨ ਸਥੱਲ ਦੇ ਸੁੰਦਰੀਕਰਨ ਦੀ ਮੰਗ ਕੀਤੀ ਗਈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸੰਗਤਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਇਸ ਮੰਗ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਦਰਸ਼ਨ ਸਥੱਲ ਦਾ ਸੁੰਦਰੀਕਰਨ ਕੀਤਾ ਜਾਵੇਗਾ ਅਤੇ ਨਾਲ ਹੀ ਇਥੇ ਇੱਕ ਨਵੀਂ ਦੂਰਬੀਨ ਸਥਾਪਤ ਕੀਤੀ ਜਾਵੇਗੀ ਤਾਂ ਜੋ ਜਿਹੜੀ ਸੰਗਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਨਹੀਂ ਜਾ ਸਕਦੀ ਉਹ ਦਰਸ਼ਨ ਸਥੱਲ ਤੋਂ ਹੀ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕੇ। ਉਨ੍ਹਾਂ ਕਿਹਾ ਕਿ ਦਰਸ਼ਨ ਸਥੱਲ ’ਤੇ ਸੰਗਤਾਂ ਦੀ ਹਰ ਸਹੂਲਤ ਦਾ ਖਿਆਲ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ- ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਅੰਦਰੋਂ 7 ਮੋਬਾਈਲ ਫੋਨ ਅਤੇ ਹੋਰ ਸਾਮਾਨ ਹੋਇਆ ਬਰਾਮਦ

ਇਸ ਉਪਰੰਤ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂ ਅਗਰਵਾਲ ਵੱਲੋਂ ਬੀ.ਐੱਸ.ਐੱਫ. ਅਤੇ ਪੁਲਸ ਅਧਿਕਾਰੀਆਂ ਨਾਲ ਕਲਾਨੌਰ ਨੇੜੇ ਸਰਹੱਦੀ ਪਿੰਡ ਰੋਸੇ ਵਿਖੇ ਪਕੀਵਾਂ, ਚੰਦੂ ਵਡਾਲਾ, ਮੋਮਨਪੁਰ, ਖੱਦਰ, ਲੋਪਾ, ਸਰਜੇਚੱਕ,  ਭਗਠਾਣਾ, ਮੇਤਲਾ, ਅਗਵਾਨ ਅਤੇ ਸਾਧਾਂਵਾਲੀ ਦੀਆਂ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਅਤੇ ਮੋਹਤਬਰ ਵਿਅਕਤੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਰਹੱਦੀ ਇਲਾਕੇ ਦੇ ਵਸਨੀਕਾਂ ਨੂੰ ਅਗਾਹ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਧੁੰਦ ਦਾ ਮੌਸਮ ਹੋਣ ਕਾਰਨ ਗੁਆਂਢੀ ਮੁਲਕ ਵੱਲੋਂ ਨਸ਼ੇ ਤੇ ਹਥਿਆਰਾਂ ਦੀ ਸਮਗਲਿੰਗ ਕਰਨ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ, ਜਿਨ੍ਹਾਂ ਨੂੰ ਨਾਕਾਮ ਕਰਨ ਲਈ ਸੁਰੱਖਿਆ ਬਲਾਂ ਦੇ ਨਾਲ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਵੀ ਪੂਰੀ ਚੌਕਸੀ ਵਰਤਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਲੋਕ ਡਰੋਨ ਦੀਆਂ ਗਤੀਵਿਧੀਆਂ ਪ੍ਰਤੀ ਪੂਰੀ ਤਰ੍ਹਾਂ ਚੌਕਸ ਰਹਿਣ ਅਤੇ ਜਦੋਂ ਵੀ ਉਨ੍ਹਾਂ ਨੂੰ ਸਰਹੱਦ ਨੇੜੇ ਕੋਈ ਸ਼ੱਕੀ ਗਤੀਵਿਧੀ ਦਿਖਾਈ ਦੇਵੇ ਤਾਂ ਉਹ ਤੁਰੰਤ ਇਸਦੀ ਜਾਣਕਾਰੀ ਬੀ.ਐੱਸ.ਐੱਫ ਤੇ ਪੁਲਿਸ ਨੂੰ ਦੇਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲਦ ਹੀ ਇਸ ਸਬੰਧੀ ਇੱਕ ਹੈਲਪ ਲਾਈਨ ਨੰਬਰ ਵੀ ਜਾਰੀ ਕੀਤਾ ਜਾਵੇਗਾ ਜਿਸ ਉੱਪਰ ਸਰਹੱਦੀ ਇਲਾਕੇ ਦੇ ਵਸਨੀਕ ਸੂਚਨਾ ਦੇ ਸਕਣਗੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਤੇ ਪਤਾ ਪੂਰੀ ਤਰਾਂ ਗੁਪਤ ਰੱਖਿਆ ਜਾਵੇਗਾ। 

PunjabKesari

ਮੀਟਿੰਗ ਦੌਰਾਨ ਕੰਡਿਆਲੀ ਤਾਰ ਤੋਂ ਪਾਰ ਜ਼ਮੀਨ ਦੀ ਖੇਤੀ ਕਰਦੇ ਕਿਸਾਨਾਂ ਨੇ ਆਪਣੀਆਂ ਮੁਸ਼ਕਲਾਂ ਦੱਸੀਆਂ ਅਤੇ ਨਾਲ ਹੀ ਮੰਗ ਕੀਤੀ ਕਿ ਉਨ੍ਹਾਂ ਨੂੰ ਕੰਡਿਆਲੀ ਤਾਰ ਤੋਂ ਪਾਰ ਜ਼ਮੀਨ ਦਾ ਮੁਆਵਜ਼ਾ ਦਿੱਤਾ ਜਾਵੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਕਿਸਾਨਾਂ ਨੂੰ ਕੰਡਿਆਲੀ ਤਾਰ ਤੋਂ ਪਾਰ ਜ਼ਮੀਨ ਦਾ ਰਹਿੰਦਾ ਮੁਆਵਜ਼ਾ ਦੇ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ- ਦੋ ਮੀਟਰ ਲਗਵਾਉਣ ਵਾਲਿਆਂ ਦੀ ਹੁਣ ਖੈਰ ਨਹੀਂ, ਮੁਫ਼ਤ ਬਿਜਲੀ ’ਤੇ ਕਿਰਾਏਦਾਰਾਂ ਤੋਂ ਵਸੂਲੇ ਜਾ ਰਹੇ ਹਨ ਬਿੱਲ

ਇਸ ਮੌਕੇ ਬੀ.ਐੱਸ.ਐੱਫ. ਦੇ ਡੀ.ਆਈ.ਜੀ. ਸ੍ਰੀ ਪ੍ਰਭਾਕਰ ਜੋਸ਼ੀ ਨੇ ਵੀ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਹੱਦ ਪਾਰੋਂ ਦੁਸ਼ਮਣ ਦੇਸ਼ ਵੱਲੋਂ ਕੀਤੀਆਂ ਜਾਂਦੀਆਂ ਨਾਪਾਕ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਬੀ.ਐੱਸ.ਐੱਫ. ਦਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸਹੀ ਸੂਚਨਾ ਦੇਣ ਵਾਲੇ ਨੂੰ ਬੀ.ਐੱਸ.ਐੱਫ. ਵੱਲੋਂ ਇੱਕ ਲੱਖ ਰੁਪਏ ਦਾ ਇਨਾਮ ਵੀ ਦਿੱਤਾ ਜਾਵੇਗਾ। ਇਸ ਮੌਕੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਦੀਪਕ ਹਿਲੌਰੀ ਨੇ ਕਿਹਾ ਕਿ ਸਰਹੱਦੀ ਇਲਾਕੇ ਦੇ ਲੋਕ ਡਰੋਨ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਨਾਲ ਇਲਾਕੇ ਵਿਚ ਘੁੰਮ ਰਹੇ ਵਿਅਕਤੀਆਂ ’ਤੇ ਵੀ ਨਜ਼ਰ ਰੱਖਣ ਅਤੇ ਇਸਦੀ ਸੂਚਨਾ ਬੀ.ਐੱਸ.ਐੱਫ ਦੇ ਨਾਲ ਪੁਲਸ ਨੂੰ ਵੀ ਦੇਣ। ਮੀਟਿੰਗ ਤੋਂ ਬਾਅਦ ਡਿਪਟੀ ਕਮਿਸ਼ਨਰ ਤੇ ਬੀ.ਐੱਸ.ਐੱਫ ਅਧਿਕਾਰੀਆਂ ਵੱਲੋਂ ਸਰਹੱਦ ਨੇੜੇ ਲੱਗੀ ਕੰਡਿਆਲੀ ਤਾਰ ਦਾ ਨਿਰੀਖਣ ਵੀ ਕੀਤਾ ਗਿਆ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News