ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਾ. ਗੁਰਨਾਮ ਸਿੰਘ ਨੂੰ ਸ਼੍ਰੋਮਣੀ ਰਾਗੀ ਐਵਾਰਡ ਦਾ ਐਲਾਨ

Thursday, Aug 06, 2026 - 08:19 AM (IST)

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਾ. ਗੁਰਨਾਮ ਸਿੰਘ ਨੂੰ ਸ਼੍ਰੋਮਣੀ ਰਾਗੀ ਐਵਾਰਡ ਦਾ ਐਲਾਨ

ਅੰਮ੍ਰਿਤਸਰ (ਸਰਬਜੀਤ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਨੇ ਇਸ ਸਾਲ ਦਾ, ਸ਼੍ਰੋਮਣੀ ਰਾਗੀ ਐਵਾਰਡ ਪ੍ਰਸਿੱਧ ਗੁਰਮਤਿ ਸੰਗੀਤ ਵਿਦਵਾਨ ਡਾ. ਗੁਰਨਾਮ ਸਿੰਘ ਨੂੰ ਦੇਣ ਦਾ ਐਲਾਨ ਕੀਤਾ ਹੈ। ਇਹ ਸਨਮਾਨ ਗੁਰੂ ਸਾਹਿਬਾਨ ਵੱਲੋਂ ਸਥਾਪਿਤ ਰਵਾਇਤੀ ਰਾਗ ਪ੍ਰਣਾਲੀ ਅਨੁਸਾਰ ਕੀਰਤਨ ਦੀ ਸੇਵਾ ਕਰਨ ਵਾਲੇ ਰਾਗੀ ਸਿੰਘ ਨੂੰ ਦਿੱਤਾ ਜਾਂਦਾ ਹੈ ਅਤੇ ਇਸ ਦੇ ਨਾਲ 11 ਲੱਖ ਰੁਪਏ ਦੀ ਇਨਾਮੀ ਰਾਸ਼ੀ ਵੀ ਪ੍ਰਦਾਨ ਕੀਤੀ ਜਾਵੇਗੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੁਖੀ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਪਿਛਲੇ ਸਾਲ ਸ਼ੁਰੂ ਕੀਤੀ ਗਈ ਇਸ ਪਰੰਪਰਾ ਤਹਿਤ ਹਰ ਸਾਲ ਇੱਕ ਉੱਚ ਕੋਟੀ ਦੇ ਰਵਾਇਤੀ ਰਾਗੀ ਦੀ ਚੋਣ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਇਹ ਸਨਮਾਨ ਭਾਈ ਗੁਰਮੀਤ ਸਿੰਘ ਸ਼ਾਂਤ ਨੂੰ ਦਿੱਤਾ ਗਿਆ ਸੀ, ਜਦਕਿ ਇਸ ਵਾਰ ਵਿਸ਼ੇਸ਼ ਪੈਨਲ ਦੀ ਸਿਫ਼ਾਰਸ਼ 'ਤੇ ਡਾ. ਗੁਰਨਾਮ ਸਿੰਘ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡਾ. ਗੁਰਨਾਮ ਸਿੰਘ ਨੂੰ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕੀਤਾ ਜਾਵੇਗਾ। ਕਮੇਟੀ ਨੇ ਇੱਕ ਹੋਰ ਮਹੱਤਵਪੂਰਨ ਫ਼ੈਸਲੇ ਤਹਿਤ ਕਰੀਬ 74 ਸਾਲਾਂ ਤੋਂ ਤਬਲਾ ਵਾਦਨ ਰਾਹੀਂ ਕੀਰਤਨ ਸੇਵਾ ਨਿਭਾ ਰਹੇ ਭਾਈ ਸਵਰਨ ਸਿੰਘ ਨੂੰ 'ਕੀਰਤਨ ਸੇਵਾ ਸਨਮਾਨ' ਨਾਲ ਨਿਵਾਜਣ ਦਾ ਐਲਾਨ ਕੀਤਾ ਹੈ। ਇਸ ਸਨਮਾਨ ਦੇ ਨਾਲ ਸਵਾ ਲੱਖ ਰੁਪਏ ਦੀ ਇਨਾਮੀ ਰਾਸ਼ੀ ਵੀ ਭੇਟ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਲੁੱਟਾਂ-ਖੋਹਾਂ ਕਰਨ ਵਾਲੇ ਗੈਂਗ ਦਾ ਪਰਦਾਫਾਸ਼, 4 ਮੁਲਜ਼ਮ ਚੜ੍ਹੇ ਪੁਲਸ ਅੜਿੱਕੇ

ਆਗੂਆਂ ਨੇ ਕਿਹਾ ਕਿ ਇਨ੍ਹਾਂ ਸਨਮਾਨਾਂ ਦਾ ਉਦੇਸ਼ ਕੀਰਤਨ ਪਰੰਪਰਾ ਨੂੰ ਪ੍ਰੋਤਸਾਹਿਤ ਕਰਨਾ, ਰਾਗੀ ਸਿੰਘਾਂ, ਪਾਠੀ ਸਿੰਘਾਂ ਅਤੇ ਗੁਰੂ ਘਰ ਦੇ ਸੇਵਾਦਾਰਾਂ ਨੂੰ ਉੱਚ ਆਚਰਣ, ਬਾਣੀ ਦੀ ਸ਼ੁੱਧ ਉਚਾਰਣ ਅਤੇ ਗੁਰਮਤਿ ਮਰਿਆਦਾ ਅਨੁਸਾਰ ਸੇਵਾ ਲਈ ਪ੍ਰੇਰਿਤ ਕਰਨਾ ਹੈ। ਇਸ ਮੌਕੇ ਕਮੇਟੀ ਨੇ ਇਹ ਵੀ ਐਲਾਨ ਕੀਤਾ ਕਿ ਹੁਣ ਹਰ ਸਾਲ ਦਿੱਲੀ ਕਮੇਟੀ ਅਧੀਨ ਸੇਵਾ ਨਿਭਾ ਰਹੇ ਹਜ਼ੂਰੀ ਰਾਗੀ ਸਿੰਘਾਂ ਵਿੱਚੋਂ ਵੀ ਉੱਤਮ ਪ੍ਰਦਰਸ਼ਨ ਕਰਨ ਵਾਲੇ ਰਾਗੀ ਨੂੰ ਪੰਜ ਮੈਂਬਰੀ ਕਮੇਟੀ ਦੀ ਸਿਫ਼ਾਰਸ਼ 'ਤੇ ਸਵਾ ਲੱਖ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਸਨਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਪ੍ਰਦਾਨ ਕੀਤਾ ਜਾਵੇਗਾ। ਕਮੇਟੀ ਦੇ ਆਗੂਆਂ ਨੇ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਮੂਹ ਪੈਨਲ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਿਰਪੱਖਤਾ ਅਤੇ ਯੋਗਤਾ ਦੇ ਆਧਾਰ 'ਤੇ ਕੀਤੀ ਗਈ ਚੋਣ ਨਾਲ ਰਵਾਇਤੀ ਗੁਰਮਤਿ ਸੰਗੀਤ ਨੂੰ ਹੋਰ ਮਜ਼ਬੂਤੀ ਮਿਲੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News