ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ ਅੰਤਰਰਾਸ਼ਟਰੀ ਸਰਹੱਦ ’ਤੋਂ ਕੀਤੀ ਅਰਦਾਸ
Sunday, May 17, 2026 - 04:26 PM (IST)
ਬਟਾਲਾ (ਸਾਹਿਲ, ਯੋਗੀ): ਪਹਿਲੀ ਪਾਤਿਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਸਰਹੱਦ ਰਾਹੀਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਵਾਸਤੇ ਅੱਜ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ’ਤੇ ਬਣੇ ਦਰਸ਼ਨੀ ਸਥਲ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਸਨਮੁਖ ਹੋ ਕੇ ਅਰਦਾਸ ਕੀਤੀ ਗਈ। ਇਸ ਮੌਕੇ ਸੁਰਿੰਦਰਪਾਲ ਸਿੰਘ ਤਾਲਬਪੁਰ ਦੀ ਅਗਵਾਈ ਹੇਠ ਪੰਜਾਬ ਦੇ ਵੱਖ ਵੱਖ ਕੋਨਿਆਂ ਤੋਂ ਪੁੱਜੀਆਂ ਸੰਗਤਾਂ ਵੱਲੋਂ ਪਹਿਲਾਂ ਅੰਤਰਰਾਸ਼ਟਰੀ ਸਰਹੱਦ ਨੇੜੇ ਬਣੇ ਗੁਰਦੁਆਰਾ ਬਾਬਾ ਸਿੱਧ ਸੰਹੁ ਵਿਖੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ: 600 ਮੁਲਾਜ਼ਮਾਂ 'ਤੇ ਡਿੱਗੀ ਗਾਜ਼, ਪ੍ਰਸ਼ਾਸਨ ਵੱਲੋਂ ਨੋਟਿਸ ਜਾਰੀ, ਜਾਣੋ ਪੂਰਾ ਮਾਮਲਾ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਸੰਘਰਸ਼ ਕਮੇਟੀ ਦੇ ਕੋਆਰਡੀਨੇਟਰ ਭਾਈ ਸੁਰਿੰਦਰਪਾਲ ਸਿੰਘ ਤਾਲਿਬਪੁਰ ਸਮੇਤ ਵੱਖ-ਵੱਖ ਆਗੂਆਂ ਵੱਲੋਂ ਭਾਰਤ ਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਕੋਲੋਂ ਮੰਗ ਕੀਤੀ ਗਈ ਕਿ ਇਸ ਬੰਦ ਪਏ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਿਆ ਜਾਵੇ ਤਾਂ ਜੋ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਆਪਣੇ ਇਸ ਵਿਛੜੇ ਗੁਰਧਾਮ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਕਰ ਸਕਣ। ਉਨ੍ਹਾਂ ਦੱਸਿਆ ਕਿ ਅਪ੍ਰੇਸ਼ਨ ਸਿੰਦੂਰ ਤੋਂ ਬਾਅਦ ਭਾਰਤ ਪਾਕਿਸਤਾਨ ਦੇ ਵਿਗੜੇ ਹਾਲਾਤਾਂ ਨੂੰ ਵੇਖਦਿਆਂ ਹੋਇਆ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਡੇਰਾ ਬਾਬਾ ਨਾਨਕ ਰਾਹੀਂ ਬਣੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਇਸ ਲਾਂਘੇ ਨੂੰ ਬੰਦ ਕਰ ਦਿੱਤਾ ਗਿਆ ਸੀ। ਪਰ ਹੁਣ ਹਾਲਾਤ ਸੁਧਰਨ ਤੋਂ ਬਾਅਦ ਜਿੱਥੇ ਭਾਰਤ ਸਰਕਾਰ ਵੱਲੋਂ ਵਾਹਘਾ ਸਰਹੱਦ ਰਾਹੀਂ ਪਾਕਿਸਤਾਨ ਵਿਖੇ ਗੁਰਧਾਮਾਂ ਦੇ ਦਰਸ਼ਨਾਂ ਲਈ ਜਥੇ ਭੇਜਣੇ ਸ਼ੁਰੂ ਕਰ ਦਿੱਤੇ ਗਏ ਹਨ ਪਰ ਡੇਰਾ ਬਾਬਾ ਨਾਨਕ ਦੇ ਇਸ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਅਜੇ ਵੀ ਬੰਦ ਰੱਖਿਆ ਗਿਆ ਹੈ, ਜਿਸ ਨਾਲ ਹਜ਼ਾਰਾਂ ਸੰਗਤਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੇ ਦਰਸ਼ਨ ਕਰਨ ਤੋਂ ਵਾਂਝੀਆਂ ਰਹਿ ਰਹੀਆਂ ਹਨ।
ਇਹ ਵੀ ਪੜ੍ਹੋ- ਪੰਜਾਬ: ਇਨ੍ਹਾਂ ਵਾਹਨਾਂ 'ਤੇ ਮੁਕੰਮਲ ਪਾਬੰਦੀ ਦੇ ਹੁਕਮ, ਸੜਕਾਂ/ਜਨਤਕ ਥਾਵਾਂ ’ਤੇ ਚਲਾਉਣ ਦੀ ਮਨਾਹੀ
ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸਾਹਿਬਾਜ਼ ਸ਼ਰੀਫ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਸਮੁੱਚੀਆਂ ਨਾਨਕ ਨਾਮ ਲੇਵਾ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਹੋਇਆਂ ਡੇਰਾ ਬਾਬਾ ਨਾਨਕ ਕਰਤਾਰਪੁਰ ਕੋਰੀਡੋਰ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਮੁੜ ਖੋਲਿਆ ਜਾਵੇ ਤਾਂ ਜੋ ਸੰਗਤਾਂ ਆਪਣੇ ਇਸ ਵਿਛੜੇ ਗੁਰਧਾਮ ਦੇ ਖੁੱਲੇ ਦਰਸ਼ਨ ਦੀਦਾਰੇ ਕਰ ਸਕਣ। ਉਨ੍ਹਾਂ ਕਿਹਾ ਕਿ ਇਸ ਲਾਂਘੇ ਨੂੰ ਖੋਲਣ ਵਾਸਤੇ ਸਾਡੀ ਇਹ ਅਰਦਾਸ ਹਰ ਮਹੀਨੇ ਦੀ 15 ਤਰੀਕ ਨੂੰ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਭਾਈ ਰਜਵੰਤ ਸਿੰਘ ਮਹਿਲਾਂਵਾਲਾ, ਡਾ. ਦਰਸ਼ਨ ਸਿੰਘ ਗੁੱਜਰਪੁਰਾ, ਡਾ. ਸੁਖਪ੍ਰੀਤ ਸਿੰਘ ਭਲਾ ਪਿੰਡ, ਮਨਜੋਤ ਸਿੰਘ ਪੁਰੇਵਾਲ, ਭਾਈ ਸੁੱਚਾ ਸਿੰਘ, ਭਾਈ ਮੰਗਲ ਸਿੰਘ ਮਾਛੀਵਾਲਾ, ਭਾਈ ਪ੍ਰਗਟ ਸਿੰਘ, ਭਾਈ ਗੁਰਪ੍ਰੀਤ ਸਿੰਘ ਸ਼ਾਹ, ਭਾਈ ਕੁਲਵਿੰਦਰ ਸਿੰਘ ਕੋਟ ਰਜਾਦਾ, ਭਾਈ ਲਖਬੀਰ ਸਿੰਘ, ਭਾਈ ਗੁਰਦੇਵ ਸਿੰਘ, ਭਾਈ ਨਰਿੰਦਰ ਸਿੰਘ ਨਾਸਰ, ਸਰਤਾਜਪ੍ਰੀਤ ਸਿੰਘ ਭੰਗੂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ- ਹੁਣ ਜੁਗਾੜੂ ਵਾਹਨ ਤਿਆਰ ਕਰਨ ਵਾਲਿਆਂ ਤੇ ਚਲਾਉਣ ਵਾਲਿਆਂ ਦੀ ਵੀ ਖੈਰ ਨਹੀਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
