ਮੀਰੀ-ਪੀਰੀ ਖ਼ਾਲਸਾ ਮਾਰਚ ਬਾਰੇ ਵਿਵਾਦਤ ਟਿੱਪਣੀ ''ਤੇ ਧਾਮੀ ਦਾ ਜਵਾਬ, ਪੰਥਕ ਪਰੰਪਰਾਵਾਂ ਦੇ ਸਤਿਕਾਰ ਦੀ ਕੀਤੀ ਅਪੀਲ
Monday, Aug 03, 2026 - 08:52 AM (IST)
ਅੰਮ੍ਰਿਤਸਰ (ਸਰਬਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਮ ਆਦਮੀ ਪਾਰਟੀ ਦੇ ਇਕ ਵਿਧਾਇਕ ਵੱਲੋਂ ਮੀਰੀ-ਪੀਰੀ ਖ਼ਾਲਸਾ ਮਾਰਚ ਸਬੰਧੀ ਦਿੱਤੇ ਗਏ ਬਿਆਨ ਨੂੰ ਪੰਥਕ ਪਰੰਪਰਾਵਾਂ ਦਾ ਨਿਰਾਦਰ ਕਰਾਰ ਦਿੰਦਿਆਂ ਕਿਹਾ ਹੈ ਕਿ ਇਹ ਟਿੱਪਣੀ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਮਕਸਦ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ, ਪੰਥਕ ਏਕਤਾ, ਸਿੱਖ ਚੇਤਨਾ ਅਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨ ਦੇ ਵਿਰਸੇ ਨਾਲ ਜੋੜਨਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਮਾਰਚ ਕਿਸੇ ਵੀ ਤਰ੍ਹਾਂ ਦਾ ਸਿਆਸੀ ਰੋਡ ਸ਼ੋਅ ਨਹੀਂ, ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਇਆ ਧਾਰਮਿਕ ਜੱਥਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਅਤੇ ਸਿੱਖ ਪਰੰਪਰਾਵਾਂ ਨਾਲ ਸਬੰਧਤ ਕਿਸੇ ਵੀ ਮਾਮਲੇ 'ਤੇ ਬੋਲਣ ਤੋਂ ਪਹਿਲਾਂ ਪੂਰੀ ਜਾਣਕਾਰੀ ਅਤੇ ਮਰਿਆਦਾ ਦੀ ਸਮਝ ਹੋਣੀ ਲਾਜ਼ਮੀ ਹੈ।
ਇਹ ਵੀ ਪੜ੍ਹੋ : ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ, ਪੜ੍ਹੋ ਪੂਰੀ LIST
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸਿੱਖ ਸੰਸਥਾਵਾਂ, ਗੁਰੂ ਘਰ ਦੀਆਂ ਗੋਲਕਾਂ ਅਤੇ ਪੰਥਕ ਪਰੰਪਰਾਵਾਂ ਵਿਰੁੱਧ ਚੱਲ ਰਹੀਆਂ ਸਾਜ਼ਿਸ਼ਾਂ ਤੋਂ ਸੁਚੇਤ ਰਹਿਣ ਨੂੰ ਕਿਹਾ । ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ ਅਤੇ ਸੰਕਟ ਦੇ ਸਮੇਂ ਗੁਰਦੁਆਰਾ ਸਾਹਿਬਾਨ, ਸ਼੍ਰੋਮਣੀ ਕਮੇਟੀ ਅਤੇ ਗੁਰੂ ਦੇ ਸਿੱਖਾਂ ਨੇ ਮਨੁੱਖਤਾ ਦੀ ਨਿਰਸਵਾਰਥ ਸੇਵਾ ਕਰਕੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਉਨ੍ਹਾਂ ਨੇ ਗੁਰਦੁਆਰਾ ਕਮੇਟੀਆਂ ਨੂੰ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸਮੇਂ ਚੌਕਸੀ ਅਤੇ ਪਹਿਰੇਦਾਰੀ ਯਕੀਨੀ ਬਣਾਉਣ ਦੀ ਅਪੀਲ ਵੀ ਕੀਤੀ। ਮੀਰੀ-ਪੀਰੀ ਖ਼ਾਲਸਾ ਮਾਰਚ ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ। ਰਸਤੇ ਵਿੱਚ ਭਾਗਸਰ, ਚਿੰਭੜਾਂਵਾਲੀ, ਮਲੋਟ, ਘੁਮਿਆਰਾ ਅਤੇ ਹੋਰ ਕਈ ਪਿੰਡਾਂ ਵਿੱਚ ਸੰਗਤਾਂ ਨੇ ਮਾਰਚ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਮਾਰਚ ਨਾਲ ਚੱਲ ਰਹੀ ਗੁਰੂ ਸਾਹਿਬਾਨ ਅਤੇ ਸ਼ਹੀਦ ਸਿੰਘਾਂ ਦੇ ਸ਼ਸਤਰਾਂ ਵਾਲੀ ਬੱਸ ਅਤੇ ਸਚਿੱਤਰ ਪ੍ਰਦਰਸ਼ਨੀ ਵੀ ਸੰਗਤਾਂ ਲਈ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਰਹੀ। ਅੱਜ ਰਾਤ ਮਾਰਚ ਦਾ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਥੇਹੜੀ (ਸ੍ਰੀ ਮੁਕਤਸਰ ਸਾਹਿਬ) ਵਿਖੇ ਹੋਵੇਗਾ, ਜਿੱਥੋਂ ਇਹ ਭਲਕੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Related News
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ 'ਚ ਰੱਖ ਕੇ ਕਰੇ ਕੇਂਦਰ ਸਰਕਾਰ: ਐਡਵੋਕੇਟ ਧਾਮੀ
