ਜ਼ਿਲ੍ਹਾ ਪ੍ਰਸ਼ਾਸਨ ਨੇ ਪਰਾਲੀ ਨਾ ਸਾੜਨ ਵਾਲੇ 10 ਅਗਾਂਹਵਧੂ ਕਿਸਾਨਾਂ ਨੂੰ ਕੀਤਾ ਸਨਮਾਨਿਤ
Tuesday, Sep 23, 2025 - 06:07 PM (IST)

ਕਲਾਨੌਰ (ਹਰਜਿੰਦਰ ਗੋਰਾਇਆ/ਮਨਮੋਹਨ)- ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਇਸ ਵਾਰ ਝੋਨੇ ਦੀ ਪਾਰਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਨੇ ਵੀ ਸਾਨੂੰ 'ਪਵਨ ਗੁਰੂ, ਪਾਣੀ ਪਿਤਾ' ਦਾ ਸਿਧਾਂਤ ਦਿੱਤਾ ਹੈ ਅਤੇ ਸਾਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ 'ਤੇ ਚੱਲਦੇ ਹੋਏ ਆਪਣੇ ਚੌਗਿਰਦੇ ਨੂੰ ਸਾਫ਼-ਸੁਥਰਾ ਰੱਖਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਨੇ ਫਿਰ ਲਈ ਕਰਵਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਜ਼ਿਲ੍ਹੇ ਅੰਦਰ ਪਰਾਲੀ ਨਾ ਸਾੜਨ ਲਈ ਵਿੱਢੀ ਜਾਗਰੂਕਤਾ ਮੁਹਿੰਮ ਤਹਿਤ ਅੱਜ ਕਲਾਨੌਰ ਵਿਖੇ ਕਿਸਾਨਾਂ ਨਾਲ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਜੇਕਰ ਮਿੱਟੀ ਦੀ ਸਿਹਤ ਤੰਦਰੁਸਤ ਹੋਵੇਗੀ ਤਾਂ ਇਸ ਨਾਲ ਜਿੱਥੇ ਫ਼ਸਲਾਂ ਦਾ ਝਾੜ ਵਧੇਗਾ ਓਥੇ ਪੈਦਾ ਹੋਇਆ ਅਨਾਜ ਵੀ ਮਿਆਰੀ ਹੋਵੇਗਾ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਵਿਚ ਬਹੁਤ ਸਾਰੇ ਖ਼ੁਰਾਕੀ ਤੱਤ ਮੌਜੂਦ ਹੁੰਦੇ ਹਨ ਜੋ ਅੱਗ ਲੱਗਣ ਕਾਰਨ ਖ਼ਤਮ ਹੋ ਜਾਂਦੇ ਹਨ। ਉਨ੍ਹਾਂ ਕਲਾਨੌਰ ਅਤੇ ਨੇੜਲੇ ਪਿੰਡਾਂ ਵਿੱਚੋਂ ਆਏ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੂਹਿਕ ਸਹਿਯੋਗ ਨਾਲ ਫ਼ਸਲ ਦੀ ਰਹਿੰਦ-ਖੂੰਹਦ ਨਾ ਸਾੜਨ ਦੀ ਮੁਹਿੰਮ ਨੂੰ ਕਾਮਯਾਬ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਦਾਜ ਦੀ ਬਲੀ ਚੜ੍ਹੀ ਵਿਆਹੁਤਾ ਔਰਤ, ਸਹੁਰੇ ਪਰਿਵਾਰ ਕਰਦੇ ਸੀ ਤੰਗ-ਪ੍ਰੇਸ਼ਾਨ
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਵਿੱਚ 'ਪਰਾਲੀ ਪ੍ਰੋਟੈਕਸ਼ਨ ਫੋਰਸ' ਦਾ ਗਠਨ ਕੀਤਾ ਗਿਆ ਹੈ, ਜਿਸ ਤਹਿਤ ਹਰੇਕ ਟੀਮ ਵਿੱਚ 2/3 ਸਰਕਾਰੀ ਕਰਮਚਾਰੀ ਨਿਯੁਕਤ ਕੀਤੇ ਗਏ ਹਨ, ਜੋ ਪਿੰਡਾਂ ਵਿੱਚ ਜਾ ਕੇ ਕਿਸਾਨਾਂ/ਮੁਹਤਬਰਾਂ ਨਾਲ ਤਾਲਮੇਲ ਕਰਕੇ ਪਰਾਲੀ ਨਾ ਸਾੜਨ ਦੀ ਮੁਹਿੰਮ ਵਿੱਚ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪੂਰੇ ਸੀਜ਼ਨ ਦੌਰਾਨ ਇਹ ਟੀਮਾਂ ਪਿੰਡਾਂ ਵਿੱਚ ਰਹਿਣਗੀਆਂ ਤਾਂ ਜੋ ਕਿਸਾਨਾਂ ਨੂੰ ਜੋ ਵੀ ਮੁਸ਼ਕਿਲ ਪੇਸ਼ ਆਵੇ ਉਸ ਨੂੰ ਤੁਰੰਤ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਫੋਰਸ ਪਿੰਡ ਵਾਸੀਆਂ ਤੇ ਜ਼ਿਲ੍ਹਾ ਪ੍ਰਸ਼ਾਸਨ ਵਿੱਚ ਪੁਲ ਦਾ ਕੰਮ ਕਰੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਨੂੰ ਲੈ ਕੇ ਵੱਡੀ ਖ਼ਬਰ, ਬਦਲੇ ਗਏ ਨਿਯਮ
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 5500 ਪਰਾਲੀ ਦੀ ਸੰਭਾਲ ਲਈ ਖੇਤੀ ਮਸ਼ੀਨਰੀ ਉਪਲਬਧ ਹੈ, ਜਿਸ ਦੀ ਮੈਪਿੰਗ ਕਰਕੇ ਪਿੰਡ ਵਾਈਜ਼ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੁਹਰਾਇਆ ਕਿ ਇਸ ਵਾਰ ਸਮੂਹਿਕ ਸਾਥ ਨਾਲ ਜ਼ਿਲ੍ਹੇ ਗੁਰਦਾਸਪੁਰ ਵਿੱਚ ਪਰਾਲੀ ਨਾ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਵੱਲੋਂ ਪਿਛਲੇ ਸਾਲਾਂ ਦੌਰਾਨ ਪਰਾਲੀ ਨਾ ਸਾੜਨ ਵਾਲੇ 10 ਅਗਾਂਹਵਧੂ ਕਿਸਾਨਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਐੱਸ.ਐੱਸ.ਪੀ. ਗੁਰਦਾਸਪੁਰ ਆਦਿੱਤਯ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਓਥੇ ਨਾਲ ਹੀ ਜ਼ਮੀਨ ਦੇ ਉਪਜਾਊ ਤੱਤ ਵੀ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵਾਤਾਵਰਨ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਬਿਲਕੁਲ ਨਹੀਂ ਲਗਾਉਣੀ ਚਾਹੀਦੀ।
ਇਹ ਵੀ ਪੜ੍ਹੋ-ਕੀ ਬਣੂ ਦੁਨੀਆ ਦਾ: ਹੁਣ ਬਜ਼ੁਰਗਾਂ ਦੀ ਹੋ ਰਹੀ ਵੀਡੀਓ ਵਾਇਰਲ
ਇਸ ਮੌਕੇ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਫ਼ਸਲ ਦੀ ਰਹਿੰਦ-ਖੂੰਹਦ ਪੈਲੀ ਵਿੱਚ ਵਾਹ ਕੇ ਕਣਕ ਬੀਜਣ ਦੀ ਅਪੀਲ ਕਰਦਿਆਂ ਕਿਸਾਨਾਂ ਨੂੰ ਇੰਨ ਸੀਟੂ ਵਿਧੀ ਰਾਹੀਂ ਕਣਕ ਬੀਜਣ ਅਤੇ ਐਕਸ ਸੀਟੂ ਵਿਧੀ ਰਾਹੀਂ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਨੂੰ ਸ਼ੁੱਧ ਰੱਖਣ, ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਸਿਹਤ ਨੂੰ ਮੁੱਖ ਰੱਖਦਿਆਂ ਫ਼ਸਲ ਦੀ ਰਹਿੰਦ- ਖੂੰਹਦ ਨੂੰ ਅੱਗ ਨਾ ਲਗਾਉਣ।
ਉਨ੍ਹਾਂ ਅੱਗੇ ਕਿਹਾ ਕਿ ਮਾਣਯੋਗ ਗਰੀਨ ਟ੍ਰਿਬਿਊਨਲ ਅਤੇ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਨੂੰ ਅੱਗ ਲੱਗਣ ਦੀ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਪੂਰੀ ਮੁਸਤੈਦੀ ਵਰਤੀ ਜਾ ਰਹੀ ਹੈ ਅਤੇ ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਵਿਚ ਜਾ ਕੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਅਤੇ ਖੇਤਾਂ ਵਿਚ ਪਰਾਲੀ ਨੂੰ ਸੰਭਾਲਣ ਦੇ ਫ਼ਾਇਦਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਬਸਿਡੀ ਵਾਲੀ ਮਸ਼ੀਨਰੀ ਦੀ ਉਪਲਬਧੀ ਅਤੇ ਕਿਰਾਏ ਸਬੰਧੀ ਲਿਸਟ ਵੀ ਪਿੰਡਾਂ ਵਿੱਚ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਸਬਸਿਡੀ ਵਾਲੀ ਮਸ਼ੀਨਰੀ ਪਿੰਡ ਦੀ ਸਾਂਝੀ ਥਾਂ 'ਤੇ ਰੱਖੀ ਜਾਵੇ ਤਾਂ ਜੋ ਕੋਈ ਵੀ ਕਿਸਾਨ ਉਸ ਦੀ ਕਿਰਾਏ ਤੇ ਵਰਤੋਂ ਕਰ ਸਕੇ। ਇਸ ਮੌਕੇ ਡਾਕਟਰ ਜਰਮਨਜੀਤ ਸਿੰਘ ,ਡਾਕਟਰ ਅਰਪਣਜੀਤ ਸਿੰਘ, ਨਾਇਬ ਤਹਿਸੀਲਦਾਰ ਜਗਦੀਪਿੰਦਰ ਸਿੰਘ ਸੋਢੀ, ਸਮੇਤ ਸਮੂਹ ਅਧਿਕਾਰੀ ਅਤੇ ਇਲਾਕੇ ਦੇ ਕਿਸਾਨ ਆਦਿ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8