ਜ਼ਿਲ੍ਹਾ ਮੈਜਿਸਟਰੇਟ ਨੇ ਪਰਾਲੀ ਸਾੜਨ ’ਤੇ ਲਗਾਈ ਪਾਬੰਦੀ, ਗੁਰਦਾਸਪੁਰ ਨੂੰ 79 ਕਲਸਟਰਾਂ ’ਚ ਵੰਡਿਆ

Monday, Oct 02, 2023 - 04:08 PM (IST)

ਜ਼ਿਲ੍ਹਾ ਮੈਜਿਸਟਰੇਟ ਨੇ ਪਰਾਲੀ ਸਾੜਨ ’ਤੇ ਲਗਾਈ ਪਾਬੰਦੀ, ਗੁਰਦਾਸਪੁਰ ਨੂੰ 79 ਕਲਸਟਰਾਂ ’ਚ ਵੰਡਿਆ

ਗੁਰਦਾਸਪੁਰ (ਹਰਮਨ)- ਜ਼ਿਲ੍ਹਾ ਗੁਰਦਾਸਪੁਰ ’ਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿਥੇ ਜਾਗਰੂਕਤਾ ਮੁਹਿੰਮ ਚਲਾ ਕੇ ਕਿਸਾਨਾਂ ਨੂੰ ਅੱਗ ਲੱਗਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਿਆ ਜਾ ਰਿਹਾ ਹੈ, ਉਥੇ ਨਾਲ ਹੀ ਜ਼ਿਲ੍ਹੇ ਭਰ ’ਚ ਪਿੰਡ ਪੱਧਰ ’ਤੇ ਕਰਮਚਾਰੀਆਂ ਦੀਆਂ ਤਾਇਨਾਤੀ ਕੀਤੀ ਗਈ ਹੈ, ਜੋ ਪਰਾਲੀ ਦੀ ਅੱਗ ਨੂੰ ਰੋਕਣ ਲਈ ਫੈਸਲਾਕੁੰਨ ਰੋਲ ਨਿਭਾਉਣਗੇ। ਇਸ ਸਬੰਧੀ ਮੁੱਖ ਖੇਤੀਬਾੜੀ ਅਧਿਕਾਰੀ ਡਾ. ਕ੍ਰਿਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੀ ਅੱਗ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹੇ ਨੂੰ 79 ਕਲਸਟਰਾਂ ’ਚ ਵੰਡਿਆ ਗਿਆ ਹੈ। ਹਰ ਕਲਸਟਰ ’ਚ ਖੇਤੀਬਾੜੀ ਅਧਿਕਾਰੀਆਂ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ, ਨਾਲ ਹੀ ਕਲਸਟਰ ਟੀਮ ਦੇ ਨਾਲ ਪੁਲਸ ਵਿਭਾਗ ਦੇ ਕਰਮਚਾਰੀਆਂ ਦੀ ਤਾਇਨਾਤੀ ਵੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਰਾਹੁਲ ਗਾਂਧੀ

ਡਾ. ਢਿੱਲੋਂ ਨੇ ਦੱਸਿਆ ਕਿ ਜ਼ਿਲਾ ਮੈਜਿਸਟਰੇਟ ਵੱਲੋਂ ਧਾਰਾ 144 ਤਹਿਤ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਪਾਬੰਦੀ ਲਗਾਈ ਗਈ ਹੈ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਇਸ ਸਬੰਧੀ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਲਸਟਰ ਪੱਧਰ ਦੀਆਂ ਟੀਮਾਂ ਵੱਲੋਂ ਪਿੰਡ ਪੱਧਰ ਤੱਕ ਪਹੁੰਚ ਕੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲੱਗੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਪਰਾਲੀ ਨੂੰ ਅੱਗ ਲਗਾਈ ਤਾਂ ਉਸ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਡਾ. ਢਿੱਲੋਂ ਨੇ ਪਰਾਲੀ ਦੀ ਅੱਗ ਨੂੰ ਰੋਕਣ ’ਚ ਲੱਗੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਆਪਣੇ ਇਲਾਕੇ ’ਚ ਪੂਰੀ ਚੌਕਸੀ ਵਰਤਣ। ਜੇਕਰ ਕੋਈ ਵਿਅਕਤੀ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ-  ਭੇਤਭਰੇ ਹਾਲਾਤ ’ਚ ਨੌਜਵਾਨ ਦੀ ਹੋਈ ਮੌਤ, ਪਰਿਵਾਰ ਨੇ ਦੱਸਿਆ ਇਹ ਕਾਰਨ

ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿੱਲੋਂ ਨੇ ਜ਼ਿਲੇ ਦੇ ਸਮੂਹ ਕਿਸਾਨ ਭਰਾਵਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ ਬਲਕਿ ਵੱਖ-ਵੱਖ ਖੇਤੀ ਸੰਦਾਂ ਰਾਹੀਂ ਪਰਾਲੀ ਨੂੰ ਖੇਤਾਂ ’ਚ ਵਾਹ ਕੇ ਹੀ ਅਗਲੀਆਂ ਫ਼ਸਲਾਂ ਦੀ ਬਿਜਾਈ ਕਰਨ। ਉਨ੍ਹਾਂ ਕਿਹਾ ਕਿ ਫਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਸਬੰਧੀ ਕਿਸੇ ਵੀ ਜਾਣਕਾਰੀ ਲਈ ਨੇੜੇ ਦੇ ਖੇਤੀਬਾੜੀ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Shivani Bassan

Content Editor

Related News