ਪਾਵਰ ਕਾਰਪੋਰੇਸ਼ਨ ਫ਼ੋਕਲ ਪੁਆਇੰਟ ਇਲਾਕੇ ’ਚ ਸ਼ਰੇਆਮ ਕੀਤੀ ਜਾ ਰਹੀ ਬਿਜਲੀ ਚੋਰੀ

06/17/2023 3:35:32 PM

ਤਰਨਤਾਰਨ (ਰਮਨ)- ਇਕ ਪਾਸੇ ਪੰਜਾਬ ਸਰਕਾਰ ਵੱਲੋਂ ਬਿਜਲੀ ਚੋਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਐਕਸ਼ਨ ਲੈਣ ਸਬੰਧੀ ਆਦੇਸ਼ ਜਾਰੀ ਕੀਤੇ ਗਏ ਹਨ। ਉਧਰ ਦੂਜੇ ਪਾਸੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਫ਼ੋਕਲ ਪੁਆਇੰਟ ਤਰਨਤਾਰਨ ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ ’ਚ ਬਿਜਲੀ ਚੋਰੀ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਹ ਚੋਰੀ ਕਿਸ ਕਰਮਚਾਰੀ ਜਾਂ ਅਧਿਕਾਰੀ ਦੀ ਮਿਲੀਭੁਗਤ ਨਾਲ ਕੀਤੀ ਜਾ ਰਹੀ ਹੈ, ਇਕ ਜਾਂਚ ਦਾ ਵਿਸ਼ਾ ਬਣਿਆ ਹੋਇਆ ਹੈ। ਸਥਾਨਕ ਸ਼ਹਿਰ ਦੇ ਬੱਸ ਸਟੈਂਡ, ਫੋਕਲ ਪੁਆਇੰਟ, ਦਾਣਾ ਮੰਡੀ, ਬਾਠ ਰੋਡ, ਪੁਰਾਣੇ ਨੈਸ਼ਨਲ ਹਾਈਵੇ, ਜੰਡਿਆਲਾ ਚੌਂਕ ਆਦਿ ਇਲਾਕਿਆਂ ’ਚ ਵੱਖ-ਵੱਖ ਲੋਕਾਂ ਵੱਲੋਂ ਪਾਵਰ ਕਾਰਪੋਰੇਸ਼ਨ ਨੂੰ ਚੂਨਾ ਲਾਉਂਦੇ ਹੋਏ ਸ਼ਰੇਆਮ ਕੁੰਡੀਆਂ ਪਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ- ਕੇਸ਼ੋਪੁਰ ਛੰਭ ਦੀ ਬਦਲੇਗੀ ਨੁਹਾਰ, ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅਧਿਕਾਰੀਆਂ ਨੂੰ ਆਦੇਸ਼ ਜਾਰੀ

ਇਸ ਹੋ ਰਹੀ ਬਿਜਲੀ ਚੋਰੀ ਨੂੰ ਰੋਕਣ ਵਿਚ ਫ਼ੋਕਲ ਪੁਆਇੰਟ ਪਾਵਰ ਕਾਰਪੋਰੇਸ਼ਨ ਦੇ ਕਰਮਚਾਰੀ ਅਸਫ਼ਲ ਸਾਬਤ ਹੋ ਰਹੇ ਹਨ। ਇਸ ਇਲਾਕੇ ਵਿਚ ਕੀਤੀ ਜਾ ਰਹੀ ਚੋਰੀ ਕਿਸ ਅਧਿਕਾਰੀ ਜਾਂ ਕਰਮਚਾਰੀ ਦੀ ਮਿਲੀਭੁਗਤ ਨਾਲ ਕੀਤੀ ਜਾ ਰਹੀ ਹੈ, ਇਹ ਇਕ ਵੱਡਾ ਸਵਾਲ ਪੈਦਾ ਹੁੰਦਾ ਹੈ। ਇਕ ਪਾਸੇ ਆਮ ਲੋਕਾਂ ਵੱਲੋਂ ਬਿਜਲੀ ਦਾ ਪੂਰਾ ਬਿੱਲ ਅਦਾ ਕੀਤਾ ਜਾਂਦਾ ਹੈ ਅਤੇ ਦੂਜੇ ਪਾਸੇ ਕੁਝ ਲੋਕ ਵਿਭਾਗ ਦੀ ਮਿਲੀਭੁਗਤ ਕਰ ਕੇ ਲੱਖਾਂ ਰੁਪਏ ਦੀ ਬਿਜਲੀ ਨੂੰ ਚੋਰੀ ਕਰ ਰਹੇ ਹਨ। ਇਸ ਹੋ ਰਹੀ ਬਿਜਲੀ ਚੋਰੀ ’ਚ ਜ਼ਿਆਦਾਤਰ ਲੋਕ ਵਪਾਰਕ ਅਦਾਰੇ ਨਾਲ ਸਬੰਧਿਤ ਦੱਸੇ ਜਾ ਰਹੇ ਹਨ, ਜਿਨ੍ਹਾਂ ਵੱਲੋਂ 24 ਘੰਟੇ ਲਗਾਤਾਰ ਏਅਰ ਕੰਡੀਸ਼ਨਰ ਦੀ ਠੰਡੀ ਹਵਾ ਲੈਂਦੇ ਹੋਏ ਵਿਭਾਗ ਨੂੰ ਖੋਰਾ ਲਾਇਆ ਜਾ ਰਿਹਾ ਹੈ। ਵਿਭਾਗ ਦੀ ਇਸ ਕਾਰਗੁਜ਼ਾਰੀ ਨੂੰ ਵੇਖਦੇ ਹੋਏ ਕਈ ਤਰ੍ਹਾਂ ਦੇ ਸਵਾਲ ਪੈਦਾ ਹੋ ਰਹੇ ਹਨ। ਹੈਰਾਨੀ ਦੀ ਗੱਲ ਹੈ ਕਿ ਸ਼ਰੇਆਮ ਟਰਾਂਸਫ਼ਾਰਮਰਾਂ ਤੋਂ ਪਾਈਆਂ ਕੁੰਡੀਆਂ ਨਾਲ ਕਿਸੇ ਵਿਅਕਤੀ ਦੀ ਜਾਨ ਵੀ ਜਾ ਸਕਦੀ ਹੈ।

ਇਹ ਵੀ ਪੜ੍ਹੋ- ਜਾਣੋ ਕੌਣ ਹਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਥਾਪੇ ਗਏ ਜਥੇਦਾਰ ਗਿਆਨੀ ਰਘਬੀਰ ਸਿੰਘ

ਇਸ ਸਬੰਧੀ ਗੱਲਬਾਤ ਕਰਦੇ ਹੋਏ ਕਾਮਰੇਡ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਬਿਜਲੀ ਚੋਰੀ ਹੋਣ ਵਿਚ ਪਾਵਰ ਕਾਰਪੋਰੇਸ਼ਨ ਦੇ ਕਿਹੜੇ ਕਰਮਚਾਰੀਆਂ ਦਾ ਹੱਥ ਹੈ, ਦੀ ਬਾਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਬਿਜਲੀ ਚੋਰੀ ਰੋਕਣ ਸਬੰਧੀ ਵਿਭਾਗ ਵੱਲੋਂ ਕੀਤੇ ਜਾਂਦੇ ਦਾਅਵੇ ਹਵਾ ’ਚ ਉਡ ਰਹੇ ਹਨ।

ਇਹ ਵੀ ਪੜ੍ਹੋ- ਪੰਜਾਬ ਦੇ 7 ਜ਼ਿਲ੍ਹਿਆਂ ’ਚ ਸ਼ੁਰੂ ਹੋਈ ਝੋਨੇ ਦੀ ਲਵਾਈ, ਪਹਿਲੇ ਦਿਨ ਹੀ ਰਜਬਾਹਿਆਂ ’ਚ ਪਹੁੰਚਿਆ ਨਹਿਰੀ ਪਾਣੀ

ਬਿਜਲੀ ਚੋਰੀ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਬਿਜਲੀ ਮੰਤਰੀ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਬਿਜਲੀ ਚੋਰੀ ਰੋਕਣ ਸਬੰਧੀ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਫ਼ੋਕਲ ਪੁਆਇੰਟ ਤਰਨ ਤਾਰਨ ਇਲਾਕੇ ’ਚ ਹੋ ਰਹੀ ਬਿਜਲੀ ਚੋਰੀ ਸਬੰਧੀ ਉੱਚ ਅਧਿਕਾਰੀਆਂ ਪਾਸੋਂ ਰਿਪੋਰਟ ਜ਼ਰੂਰ ਲਈ ਜਾਵੇਗੀ, ਜਿਸ ਤੋਂ ਬਾਅਦ ਸਬੰਧਿਤ ਕਰਮਚਾਰੀ ਖ਼ਿਲਾਫ਼ ਬਣਦੀ ਕਾਰਵਾਈ ਵੀ ਅਮਲ ’ਚ ਲਿਆਂਦੀ ਜਾਵੇਗੀ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

Shivani Bassan

This news is Content Editor Shivani Bassan