ਮੁਲਾਜ਼ਮਾਂ ਨੇ ਬਜਟ ਦੀਆਂ ਕਾਪੀਆਂ ਫੂਕ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

Wednesday, Jun 29, 2022 - 02:17 PM (IST)

ਮੁਲਾਜ਼ਮਾਂ ਨੇ ਬਜਟ ਦੀਆਂ ਕਾਪੀਆਂ ਫੂਕ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਗੁਰਦਾਸਪੁਰ (ਜੀਤ ਮਠਾਰੂ) - ਅੱਜ ਪੰਜਾਬ ਯੂ.ਟੀ. ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਫਰੰਟ ਦੇ ਸੱਦੇ 'ਤੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਰੱਦ ਕਰਦਿਆਂ ਇਸ ਬਜਟ ਦੀਆਂ ਕਾਪੀਆਂ ਫੂਕੀਆਂ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਸਾਂਝੇ ਫਰੰਟ ਦੇ ਆਗੂ ਕੁਲਦੀਪ ਪੁਰੋਵਾਲ, ਹਰਜਿੰਦਰ ਸਿੰਘ, ਸੋਮ ਸਿੰਘ, ਲਖਵਿੰਦਰ ਸਿੰਘ ਭੌਰ, ਗੁਰਪ੍ਰੀਤ ਸਿੰਘ ਰੰਗੀਲਪੁਰ, ਬਲਜੀਤ ਸਿੰਘ ਦਾਬਾਂਵਾਲ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਵਿੱਚ ਪ੍ਰਾਜੈਕਟਾਂ ਰਾਹੀਂ ਕਾਰਪੋਰੇਟ ਨੀਤੀ ਨੂੰ ‘ਆਪ’ ਸਰਕਾਰ ਵੱਲੋਂ ਪਹਿਲਾਂ ਤੋਂ ਵਧੇਰੇ ਸ਼ਿੱਦਤ ਨਾਲ ਲਾਗੂ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਵਿਜੀਲੈਂਸ ਵਿਭਾਗ ਦੀ ਟੀਮ ਨੇ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ GNDU ਤੋਂ ਕੀਤਾ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਪੰਜਾਬ ਦੇ 13 ਹਜ਼ਾਰ ਪਿੰਡਾਂ ਅਤੇ ਹਜ਼ਾਰਾਂ ਸ਼ਹਿਰੀ ਮੁਹੱਲਿਆਂ ਅੰਦਰ ਸਿਹਤ ਵਿਭਾਗ ਵੱਲੋਂ 117 ਮੁਹੱਲਾ ਕਲੀਨਿਕ ਖੋਲ੍ਹਣ ਦੀ ਸਕੀਮ ਸਰਕਾਰੀ ਪੈਸੇ ਦੀ ਬਰਬਾਦੀ ਤੋਂ ਵੱਧ ਕੇ ਕੁਝ ਨਹੀਂ ਹੈ, ਜਦੋਂ ਕਿ ਪਹਿਲਾਂ ਬਣੇ ਸਿਹਤ ਕੇਂਦਰਾਂ ਦੀ ਸੰਭਾਲ ਕਰਨੀ ਜ਼ਿਆਦਾ ਜ਼ਰੂਰੀ ਹੈ। ਇਸੇ ਤਰ੍ਹਾਂ 19 ਹਜ਼ਾਰ ਸਕੂਲਾਂ ਦੀ ਗਿਣਤੀ ਵਾਲੇ ਇਸ ਸੂਬੇ ਅੰਦਰ ਪ੍ਰੀ-ਪ੍ਰਾਇਮਰੀ ਤੋਂ 12ਵੀਂ ਜਮਾਤ ਤੱਕ ਦੇ 100 ਸਾਂਝੇ ਸਕੂਲ ਖੋਲਣ ਵਰਗੇ ਫੇਲ ਤਜ਼ਰਬੇ ਬਾਦਲ ਸਰਕਾਰ ਵੇਲੇ ਆਦਰਸ਼ ਮਾਡਲ ਸਕੂਲ ਸਕੀਮ ਤਹਿਤ ਪਹਿਲਾਂ ਕੀਤੇ ਜਾ ਚੁੱਕੇ ਹਨ। ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ ਬਟਾਲਾ ਦੇ ਆਗੂਆਂ ਨੇ ਕਿਹਾ ਕਿ ਬਜਟ ਸਪੀਚ ਵਿੱਚ 36 ਹਜ਼ਾਰ ਕੱਚੇ ਅਤੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਕੀਤਾ ਗਿਆ ਐਲਾਨ ਹਵਾਈ ਪੁਲੰਦਾ ਹੈ, ਕਿਉਂਕਿ ਇਸ ਸਬੰਧੀ ਅਜੇ ਤੱਕ ਕੋਈ ਕਾਨੂੰਨ ਨਹੀਂ ਬਣਾਇਆ ਗਿਆ। ਇਸ ਕਿਸਮ ਦਾ ਐਲਾਨ ਪਿਛਲੇ ਸਮੇਂ ਦੌਰਾਨ ਚੰਨੀ ਸਰਕਾਰ ਵੱਲੋਂ ਵੀ ਕੀਤਾ ਗਿਆ ਸੀ। 

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਸਿਮਰਨਜੀਤ ਸਿੰਘ ਮਾਨ ਕੋਰੋਨਾ ਪਾਜ਼ੇਟਿਵ, ਟਵੀਟ ਕਰ ਕਹੀ ਇਹ ਗੱਲ

ਆਗੂਆਂ ਨੇ ਕਿਹਾ ਕਿ ਬਜਟ ਸਪੀਚ ਵਿੱਚ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਕੇ 2.72 ਦੇ ਗੁਣਾਂਕ ਨਾਲ ਲਾਗੂ ਕਰਨ, ਪੈਨਸ਼ਨਰਾਂ ਨੂੰ ਮੁਲਾਜ਼ਮਾਂ ਦੇ ਬਰਾਬਰ ਗੁਣਾਂਕ ਦੇਣ, ਨਵੀਂ ਪੈਨਸ਼ਨ ਪ੍ਰਣਾਲੀ ਰੱਦ ਕਰਕੇ ਪੁਰਾਣੀ ਪੈਨਸ਼ਨ ਪ੍ਰਣਾਲੀ ਲਾਗੂ ਕਰਨ, ਮਾਣ ਭੱਤਾ ਵਰਕਰਾਂ 'ਤੇ ਘੱਟੋ ਘੱਟ ਉਜ਼ਰਤਾਂ ਲਾਗੂ ਕਰਨ, ਮੁਲਾਜ਼ਮਾਂ ਦੇ ਰੋਕੇ ਗਏ 37 ਤਰ੍ਹਾਂ ਦੇ ਭੱਤੇ ਮੁੜ ਬਹਾਲ ਕਰਨ ਅਤੇ ਬਕਾਇਆ ਰਹਿੰਦਾ 6% ਡੀ.ਏ. ਦੇਣ ਬਾਰੇ ਕੋਈ ਜ਼ਿਕਰ ਨਹੀਂ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਕੁੱਲ ਮਿਲਾ ਕੇ ਇਹ ਬਜਟ ਇੱਕ ਛਲਾਵੇ ਤੋਂ ਵੱਧ ਕੇ ਕੁਝ ਨਹੀਂ ਹੈ। ਇਸ ਮੌਕੇ ਦਿਲਦਾਰ ਭੰਡਾਲ, ਅਨਿਲ ਕੁਮਾਰ, ਸੁਭਾਸ ਚੰਦਰ, ਰਜਨੀ ਪ੍ਰਕਾਸ਼ ਆਦਿ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਪਬਜੀ ਗੇਮ ’ਚੋਂ ਹਾਰਨ ’ਤੇ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਸੀ ਇਕਲੌਤਾ ਪੁੱਤਰ


author

rajwinder kaur

Content Editor

Related News