ਸਫਾਈ ਕਰਮਚਾਰੀਆਂ ਨੂੰ ਨਿਸ਼ਚਿਤ ਦਰਾਂ ਅਨੁਸਾਰ ਤਨਖਾਹ ਦੇਣੀ ਯਕੀਨੀ ਬਣਾਈ ਜਾਵੇ : ਹਰਦੀਪ ਗਿੱਲ

Friday, Mar 06, 2026 - 07:58 PM (IST)

ਸਫਾਈ ਕਰਮਚਾਰੀਆਂ ਨੂੰ ਨਿਸ਼ਚਿਤ ਦਰਾਂ ਅਨੁਸਾਰ ਤਨਖਾਹ ਦੇਣੀ ਯਕੀਨੀ ਬਣਾਈ ਜਾਵੇ : ਹਰਦੀਪ ਗਿੱਲ

ਅੰਮ੍ਰਿਤਸਰ (ਛੀਨਾ) : ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਤੇ ਸਫ਼ਾਈ ਕਰਮਚਾਰੀਆਂ ਦੀਆਂ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਵੱਲੋਂ ਬਣਾਏ ਨਿਯਮਾਂ ਅਤੇ ਕਿਰਤ ਕਾਨੂੰਨਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸਫਾਈ ਕਰਮਚਾਰੀਆਂ ਨੂੰ ਸਰਕਾਰ ਦੁਆਰਾ ਨਿਸ਼ਚਿਤ ਕੀਤੀਆਂ ਗਈਆਂ ਦਰਾਂ ਅਨੁਸਾਰ ਹੀ ਤਨਖਾਹ ਦਿੱਤੀ ਜਾਵੇ।

ਹਰਦੀਪ ਸਿੰਘ ਗਿੱਲ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਗੱਲ ਦਾ ਵਿਸ਼ੇਸ਼ ਤੌਰ 'ਤੇ ਧਿਆਨ ਰੱਖਿਆ ਜਾਵੇ ਕਿ ਕਿਸੇ ਵੀ ਸਫਾਈ ਕਰਮਚਾਰੀ ਕੋਲੋਂ ਮੈਨੂਅਲ ਸਫਾਈ ਨਾ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਮਿਸ਼ਨ ਦੇ ਧਿਆਨ ਵਿਚ ਅਜਿਹਾ ਕੋਈ ਮਾਮਲਾ ਆਉਂਦਾ ਹੈ ਤਾਂ ਸਬੰਧਤ ਅਧਿਕਾਰੀ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਕੰਮ ਸਫਾਈ ਕਰਮਚਾਰੀਆਂ ਦੇ ਹਿੱਤਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ। ਹਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਜੇਕਰ ਕਿਸੇ ਵੀ ਸਫਾਈ ਕਰਮਚਾਰੀ ਦੀ ਸਫਾਈ ਕਰਦਿਆਂ ਮੌਤ ਹੋ ਜਾਵੇ ਤਾਂ ਸਰਕਾਰ ਵਲੋ ਉਸ ਨੂੰ 30 ਲੱਖ ਰੁਪਏ ਦਾ ਬਣਦਾ ਮੁਆਵਜ਼ਾ ਦਿੱਤਾ ਜਾਂਦਾ ਹੈ। 

ਇਸ ਸਮੇਂ ਡਿਪਟੀ ਕਮਿਸ਼ਨਰ  ਦਲਵਿੰਦਰਜੀਤ ਸਿੰਘ, ਸਹਾਇਕ ਕਮਿਸ਼ਨਰ ਨਗਰ ਨਿਗਮ ਵਿਸ਼ਾਲ ਵਧਾਵਨ, ਸਿਹਤ ਅਫਸਰ ਡਾ. ਕਿਰਨ ਕੁਮਾਰ, ਡਾ.ਰਮਾ, ਸਿਵਲ ਸਰਜਨ ਡਾ.ਸ਼ਤਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਸ਼ਰਮਾ, ਸਫਾਈ ਯੂਨੀਅਨਾਂ ਦੇ ਨੁਮਾਇੰਦੇ ਅਤੇ ਪੁਲਿਸ ਵਿਭਾਗ ਸ਼ਹਿਰੀ ਤੇ ਦਿਹਾਤੀ ਦੇ ਅਧਿਕਾਰੀ ਵੀ ਹਾਜ਼ਰ ਸਨ।

ਜੂਨੀਅਰ ਪੁਲਸ ਅਧਿਕਾਰੀ ਮੀਟਿੰਗ 'ਚੋਂ ਕੱਢੇ ਬਾਹਰ 
ਮੀਟਿੰਗ ਦੌਰਾਨ ਪੁਲਸ ਕਮਿਸ਼ਨਰ ਅੰਮ੍ਰਿਤਸਰ ਤੇ ਐੱਸ.ਐੱਸ.ਪੀ. ਅੰਮ੍ਰਿਤਸਰ ਦਿਹਾਤੀ ਵੱਲੋਂ ਕਮਿਸ਼ਨ ਦੀ ਮੀਟਿੰਗ ਵਿੱਚ ਹਾਜ਼ਰ ਹੋਣ ਲਈ ਆਪਣੇ ਨੁਮਾਇੰਦੇ ਦੇ ਤੌਰ ‌'ਤੇ ਕੁਝ ਜੂਨੀਅਰ ਅਧਿਕਾਰੀ ਭੇਜੇ ਗਏ ਜਿਨ੍ਹਾਂ ਨੂੰ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਮੀਟਿੰਗ ਵਿੱਚੋਂ ਬਾਹਰ ਜਾਣ ਦੀ ਹਦਾਇਤ ਕੀਤੀ ਅਤੇ ਕੁਝ ਮਿੰਟਾਂ ਬਾਅਦ ਉਨਾਂ ਦੀ ਜਗ੍ਹਾ ਸਮਰੱਥ ਅਧਿਕਾਰੀ ਆਏ ਤੇ ਉਨ੍ਹਾਂ ਮੀਟਿੰਗ ਵਿੱਚ ਕਮਿਸ਼ਨ ਵੱਲੋਂ ਕੀਤੀਆਂ ਹਦਾਇਤਾਂ ਨੂੰ ਅਮਲੀ ਜਾਮਾ ਪਹਿਨਾਉਣ ਦਾ ਵਿਸ਼ਵਾਸ ਦਿਵਾਇਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News