ਬਟਾਲਾ ''ਚ ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਸ਼ੈਰੀ ਕਲਸੀ ਦੀ ਰਿਹਾਇਸ਼ ਬਾਹਰ ਧਰਨਾ
Thursday, Feb 05, 2026 - 02:57 PM (IST)
ਬਟਾਲਾ (ਗੁਰਪ੍ਰੀਤ)- ਬਟਾਲਾ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਧਰਨੇ ਲਗਾਉਣ ਦੇ ਐਲਾਨ ਤਹਿਤ ਅੱਜ ਸਵੇਰ ਤੋਂ ਹੀ ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦੀ ਰਿਹਾਇਸ਼ ਦੇ ਬਾਹਰ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋ ਕੇ ਧਰਨੇ ’ਤੇ ਬੈਠ ਗਏ। ਧਰਨੇ ਦੌਰਾਨ ਕਿਸਾਨਾਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤਾ ਜਾ ਰਿਹਾ ਸਮਝੌਤਾ ਕਿਸਾਨਾਂ ਦੇ ਹਿੱਤਾਂ ਦੇ ਖ਼ਿਲਾਫ਼ ਹੈ, ਜਿਸ ਦਾ ਉਹ ਸਖ਼ਤ ਵਿਰੋਧ ਕਰਦੇ ਹਨ। ਉਨ੍ਹਾਂ ਨੇ ਨਾਲ ਹੀ ਪੰਜਾਬ ਸਰਕਾਰ ਦੀ ਨੀਤੀਆਂ ’ਤੇ ਵੀ ਸਵਾਲ ਚੁੱਕੇ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ 7 ਤੇ 8 ਤਰੀਖ ਦੀ ਵੱਡੀ ਭਵਿੱਖਬਾਣੀ
ਕਿਸਾਨਾਂ ਨੇ ਦੋਸ਼ ਲਗਾਇਆ ਕਿ ਪਿੰਡਾਂ ਵਿੱਚ ਲਗਾਤਾਰ ਚਿੱਪ ਵਾਲੇ ਬਿਜਲੀ ਮੀਟਰ ਲਗਾਏ ਜਾ ਰਹੇ ਹਨ, ਜਿਸ ਦਾ ਉਹ ਸਖ਼ਤ ਵਿਰੋਧ ਕਰਦੇ ਹਨ। ਇਸ ਤੋਂ ਇਲਾਵਾ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਕਿਸਾਨਾਂ ਦੇ ਸਮਾਨ ਦੀ ਚੋਰੀ ਦੇ ਮਾਮਲਿਆਂ ਨੂੰ ਲੈ ਕੇ ਵੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਗਏ। ਉਨ੍ਹਾਂ ਕਿਹਾ ਕਿ ਹੁਣ ਤੱਕ ਸਰਕਾਰ ਵੱਲੋਂ ਹੜ੍ਹ ਕਾਰਨ ਹੋਏ ਨੁਕਸਾਨ ਦੀ ਕੋਈ ਭਰਪਾਈ ਨਹੀਂ ਕੀਤੀ ਗਈ, ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਦਾਨ ਸੂਬਾ ਹੈ ਅਤੇ ਜੇਕਰ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤਾ ਜਾ ਰਿਹਾ ਸਮਝੌਤਾ ਲਾਗੂ ਹੁੰਦਾ ਹੈ ਤਾਂ ਇਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਸਿੱਧਾ ਵੱਡਾ ਨੁਕਸਾਨ ਪਹੁੰਚੇਗਾ। ਚਾਹੇ ਫ਼ਸਲ ਉਤਪਾਦਨ ਹੋਵੇ, ਦੁੱਧ ਦਾ ਧੰਦਾ ਹੋਵੇ ਜਾਂ ਪੋਲਟਰੀ ਕਾਰੋਬਾਰ, ਹਰ ਖੇਤਰ ਪ੍ਰਭਾਵਿਤ ਹੋਵੇਗਾ।
ਇਹ ਵੀ ਪੜ੍ਹੋ- ਪੰਜਾਬ: ਭਰੇ ਬਾਜ਼ਾਰ 'ਚ ਚੱਲੀਆਂ ਠਾਹ-ਠਾਹ ਗੋਲੀਆਂ, ਦੁਕਾਨਦਾਰਾਂ ਨੇ ਤੁਰੰਤ ਬੰਦ ਕਰ'ਤੀਆਂ ਦੁਕਾਨਾਂ
ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇ ਅਤੇ ਇਸ ਸਮਝੌਤੇ ਦਾ ਖੁੱਲ੍ਹ ਕੇ ਵਿਰੋਧ ਕੀਤਾ ਜਾਵੇ। ਕਿਸਾਨਾਂ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਇਸ ਗੰਭੀਰ ਮਸਲੇ ’ਤੇ ਹੁਣ ਤੱਕ ਕੋਈ ਸਪਸ਼ਟ ਪੱਖ ਨਹੀਂ ਰੱਖ ਰਹੇ, ਜੋ ਕਿਸਾਨਾਂ ਲਈ ਚਿੰਤਾ ਦਾ ਵਿਸ਼ਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
