ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਬੇਅਦਬੀ ਦੀ ਕੋਸ਼ਿਸ਼ ਪਿੱਛੇ ਤਾਕਤਾਂ ਹੋਣ ਨਸ਼ਰ: ਜਥੇਦਾਰ ਗੜਗੱਜ
Thursday, Jun 11, 2026 - 11:52 PM (IST)
ਅੰਮ੍ਰਿਤਸਰ (ਸਰਬਜੀਤ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੂਹ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਇਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਰੱਖੀ ਸ੍ਰੀ ਸਾਹਿਬ ਚੁੱਕ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਸਵਾਲ ਚੁੱਕਦਿਆਂ ਇਸ ਪਿੱਛੇ ਕੰਮ ਕਰ ਰਹੀਆਂ ਸ਼ਕਤੀਆਂ ਨੂੰ ਨਸ਼ਰ ਕਰਨ ਲਈ ਕਿਹਾ ਹੈ।
ਉਨ੍ਹਾਂ ਕਿਹਾ ਕਿ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ, ਪਰੰਤੂ ਸਰਕਾਰਾਂ ਬੇਅਦਬੀ ਦੀਆਂ ਘਟਨਾਵਾਂ ਰੋਕਣ ਵਿੱਚ ਫੇਲ ਹਨ। ਉਨ੍ਹਾਂ ਕਿਹਾ ਕਿ ਬੀਤੀ ਰਾਤ ਦੀ ਇਹ ਘਟਨਾ ਬਿਲਕੁਲ ਉਸੇ ਤਰਜ ਉੱਤੇ ਹੈ ਜਿਵੇਂ ਦਸੰਬਰ 2021 ਵਿੱਚ ਇੱਕ ਵਿਅਕਤੀ ਵੱਲੋਂ ਸ੍ਰੀ ਦਰਬਾਰ ਸਾਹਿਬ ਅੰਦਰ ਜੰਗਲਾ ਟੱਪ ਕੇ ਸ੍ਰੀ ਸਾਹਿਬ ਨੂੰ ਹੱਥ ਪਾਇਆ ਗਿਆ ਸੀ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਇਹ ਪੰਜਾਬ ਸਰਕਾਰ ਦੀ ਵੱਡੀ ਨਾਕਾਮਯਾਬੀ ਹੈ ਕਿ ਉਹ ਅੱਜ ਤੱਕ ਦਸੰਬਰ 2021 ਵਿੱਚ ਵਾਪਰੀ ਘਟਨਾ ਦੇ ਦੋਸ਼ੀ ਦੀ ਪਛਾਣ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਤਾਜ਼ਾ ਮਾਮਲੇ ਵਿੱਚ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਚੱਲਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਸਮੇਂ ਜਦੋਂ ਕੁਝ ਸ਼ਰਧਾਲੂ ਅਤੇ ਸੇਵਾਦਾਰ ਸਿੱਖ ਗੁਰਬਾਣੀ ਦਾ ਪਾਠ ਸਰਵਣ ਕਰ ਰਹੇ ਸਨ ਤਾਂ ਇੱਕ ਵਿਅਕਤੀ ਨੇ ਅਚਾਨਕ ਦਰਬਾਰ ਅੰਦਰ ਪ੍ਰਕਰਮਾ ਕਰਨ ਉਪਰੰਤ ਗੁਰੂ ਸਾਹਿਬ ਦੇ ਸਨਮੁਖ ਰੱਖੀ ਸ੍ਰੀ ਸਾਹਿਬ ਨੂੰ ਚੁੱਕ ਲਿਆ।
ਉਨ੍ਹਾਂ ਕਿਹਾ ਇਸ ਤੋਂ ਪਹਿਲਾਂ ਕੇ ਦੋਸ਼ੀ ਵਿਅਕਤੀ ਕੁਝ ਕਰ ਪਾਉਂਦਾ ਉਸ ਨੂੰ ਮੌਕੇ ਉੱਤੇ ਹੀ ਗੁਰੂ ਘਰ ਦੇ ਸਤਰਕ ਸੇਵਾਦਾਰ ਸਿੱਖਾਂ ਨੇ ਕਾਬੂ ਕਰ ਲਿਆ ਅਤੇ ਉਹ ਹੁਣ ਪੁਲਸ ਹਿਰਾਸਤ ਵਿੱਚ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਹਿਰਾਸਤ ਵਿੱਚ ਦੋਸ਼ੀ ਹੋਣ ਦੇ ਬਾਵਜੂਦ ਵੀ ਇਸ ਘਟਨਾ ਪਿੱਛੇ ਸਾਜ਼ਸ਼ ਨੂੰ ਨਸ਼ਰ ਨਹੀਂ ਕਰਦੀ ਤਾਂ ਵੱਡੇ ਸਵਾਲ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਖੜ੍ਹੇ ਹਨ।
